ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਹਿੱਤਾਂ ਨਾਲ ਸਮਝੌਤੇ ਕੀਤੇ: ਮੁੱਖ ਮੰਤਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 271 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਵਿੱਚ ਸਥਾਨਕ ਸਰਕਾਰਾਂ ਵਿਭਾਗ, ਸਿੱਖਿਆ, ਆਬਕਾਰੀ ਤੇ ਹੋਰਨਾਂ ਕਈ ਵਿਭਾਗਾਂ ਦੇ ਨੌਜਵਾਨ ਸ਼ਾਮਲ ਹਨ। ਸ੍ਰੀ ਮਾਨ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਇਮਾਨਦਾਰੀ ਤੇ ਮਿਹਨਤ ਨਾਲ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਹੁਣ ਤੱਕ 55 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਰਵਾਇਤੀ ਰਾਜਸੀ ਪਾਰਟੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਵੱਲ ਕਦੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਵੱਡੇ ਸਿਆਸੀ ਆਗੂਆਂ ਦੇ ਧੀਆਂ-ਪੁੱਤ ਪਹਾੜਾਂ ਦੇ ਕਾਨਵੈਂਟ ਸਕੂਲਾਂ ਵਿੱਚ ਪੜ੍ਹਦੇ ਸਨ, ਜਿਸ ਕਾਰਨ ਉਨ੍ਹਾਂ ਨੇ ਸਰਕਾਰੀ ਸਕੂਲਾਂ ਵੱਲ ਕਦੇ ਧਿਆਨ ਨਹੀਂ ਦਿੱਤਾ। ਪਿਛਲੀਆਂ ਸਰਕਾਰਾਂ ਦੌਰਾਨ ਸਰਕਾਰੀ ਸਕੂਲ ਸਿੱਖਿਆ ਦੇਣ ਦੀ ਬਜਾਏ ਸਿਰਫ ਮਿੱਡ-ਡੇਅ ਮੀਲ ਸੈਂਟਰ ਬਣੇ ਹੋਏ ਸਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਦੀਆਂ ਸਨ, ਪਰ ਮੌਜੂਦਾ ਸਰਕਾਰ ਵੱਲੋਂ ਸੂਬੇ ਦੇ ਸਮੁੱਚੇ ਵਿਕਾਸ ਅਤੇ ਖੁਸ਼ਹਾਲੀ ’ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਿਆਸੀ ਆਗੂ ਲੋਕਾਂ ਨੂੰ ਮਿਲਣ ਤੋਂ ਕੰਨੀ ਕਤਰਾਉਂਦੇ ਸਨ ਜਦੋਂਕਿ ਅੱਜ ਸਰਕਾਰ ਲੋਕਾਂ ਦੀ ਫੀਡਬੈਕ ਦੇ ਆਧਾਰ ’ਤੇ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਤੇ ਤਰੱਕੀ ਨੂੰ ਵੱਡਾ ਹੁਲਾਰਾ ਦੇਣ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ। ਤਿੰਨ ਸਾਲਾਂ ਦੌਰਾਨ ਸੂਬੇ ਵਿੱਚ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਅਤੇ ਹੋਰ ਸਾਰੇ ਖੇਤਰਾਂ ਵਿੱਚ ਮਿਸਾਲੀ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਰਾਦੇ ਬੜੇ ਸਪੱਸ਼ਟ ਹਨ ਕਿ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕੀਤੀ ਜਾਵੇ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ, ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਸਕੱਤਰ ਸਿੱਖਿਆ ਅਨਿੰਦਿਤਾ ਮਿੱਤਰਾ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।