ਪਿਛਲੀਆਂ ਸਰਕਾਰਾਂ ਨੇ ਐੱਸਸੀ ਭਾਈਚਾਰੇ ਨੂੰ ਵੋਟ ਬੈਂਕ ਵਜੋਂ ਵਰਤਿਆ: ਭਗਵੰਤ ਮਾਨ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 8 ਜੂਨ
ਅੱਜ ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਨੁਸੂਚਿਤ ਜਾਤੀ ਭੌਂ ਵਿਕਾਸ ਤੇ ਵਿੱਤ ਨਿਗਮ (ਪੰਜਾਬ ਐੱਸਸੀ ਲੈਂਡ ਡਿਵੈਲਪਮੈਂਟ ਐਂਡ ਫਾਇਨਾਂਸ ਕਾਰਪੋਰੇਸ਼ਨ) ਵੱਲੋਂ ਕਰਵਾਏ ਸਮਾਗਮ ਦੌਰਾਨ 4727 ਲਾਭਪਾਤਰੀਆਂ ਨੂੰ ਲਗਪਗ 68 ਕਰੋੜ ਰੁਪਏ ਦੇ ਕਰਜ਼ਾ ਮੁਕਤੀ ਸਰਟੀਫਿਕੇਟ ਵੰਡਣ ਦੀ ਸ਼ੁਰੂਆਤ ਕੀਤੀ ਗਈ। ਮੁੱਖ ਮੰਤਰੀ ਨੇ ਅਕਾਲੀ ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਇਨ੍ਹਾਂ ਨੇ ਐੱਸਸੀ ਭਾਈਚਾਰੇ ਨੂੰ ਸਿਰਫ਼ ਵੋਟ ਬੈਂਕ ਵਜੋਂ ਹੀ ਵਰਤਿਆ ਹੈ। ਅੱਜ ਸਮਾਗਮ ਦੌਰਾਨ ਅੰਮ੍ਰਿਤਸਰ, ਗੁਰਦਾਸਪੁਰ ਸਣੇ ਪੰਜ ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਕਰਜ਼ਾ ਮੁਕਤੀ ਸਰਟੀਫਿਕੇਟ ਵੰਡੇ ਗਏ। ਉਨ੍ਹਾਂ ਕੇਂਦਰ ਸਰਕਾਰ ’ਤੇ ਨਿਸ਼ਾਨੇ ਸੇਧਦਿਆਂ ਆਖਿਆ ਕਿ ਉਹ ਵੱਡੇ ਘਰਾਣਿਆਂ ਦੇ ਕਰਜ਼ੇ ਤਾਂ ਮੁਆਫ਼ ਕਰ ਸਕਦੀ ਹੈ ਪਰ ਕਿਸਾਨਾਂ ਦੇ ਕਰਜ਼ੇ ਮੁਆਫ਼ ਨਹੀਂ ਕਰਨਾ ਚਾਹੁੰਦੀ। ਉਨ੍ਹਾਂ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲੋਂ 31 ਮਾਰਚ 2020 ਤੱਕ ਵੰਡੇ ਗਏ ਕਰਜ਼ਿਆਂ ’ਤੇ ਲੀਕ ਫੇਰ ਦਿੱਤੀ ਗਈ ਹੈ। ਇਹ ਮੁਆਫੀ ਪੀਐੱਸਸੀਐੱਫਸੀ ਵੱਲੋਂ ਇਸ ਮਿਤੀ ਤੱਕ ਵੰਡੇ ਗਏ ਸਾਰੇ ਕਰਜ਼ਿਆਂ ਲਈ ਹੈ। ਇਸ ਫੈਸਲੇ ਨਾਲ ਕੁੱਲ 4727 ਕਰਜ਼ਦਾਰਾਂ ਨੂੰ 67.84 ਕਰੋੜ ਰੁਪਏ ਦੀ ਕੁੱਲ ਰਕਮ ਦਾ ਲਾਭ ਹੋਵੇਗਾ। ਉਨ੍ਹਾਂ ਅਕਾਲੀ ਦਲ ’ਤੇ ਦੋਸ਼ ਲਾਇਆ ਕਿ ਹੁਣ ਜਦੋਂ ਉਨ੍ਹਾਂ ਕੋਲ ਸੂਬੇ ਦੀ ਸੱਤਾ ਨਹੀਂ ਰਹੀ ਤਾਂ ਹੁਣ ਉਹ ਧਰਮ ਦੀ ਸੱਤਾ ’ਤੇ ਕਬਜ਼ਾ ਬਣਾਈ ਰੱਖਣਾ ਚਾਹੁੰਦੇ ਹਨ। ਕਦੇ ਕਿਸੇ ਨੂੰ ਜਥੇਦਾਰ ਬਣਾ ਦਿੱਤਾ ਜਾਂਦਾ ਹੈ ਅਤੇ ਕਿਸੇ ਨੂੰ ਹਟਾ ਦਿੱਤਾ ਜਾਂਦਾ ਹੈ, ਕਿਸੇ ਨੂੰ ਤਨਖਾਹ ਲਾ ਦਿੱਤੀ ਜਾਂਦੀ ਹੈ ਅਤੇ ਕਿਸੇ ਨੂੰ ਮੁਆਫ਼ੀ ਦੇ ਦਿੱਤੀ ਜਾਂਦੀ। ਉਨ੍ਹਾਂ ਦੋਸ਼ ਲਾਇਆ ਕਿ ਪੈਸੇ ਦੇ ਲਾਲਸਾ ਵਿੱਚ ਅਜਿਹੇ ਆਗੂਆਂ ਨੇ ਐੱਸਜੀਪੀਸੀ ਨੂੰ ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ ਬਣਾ ਕੇ ਰੱਖ ਦਿੱਤਾ ਹੈ।
ਮੁੱਖ ਮੰਤਰੀ ਦੀ ਸ਼੍ਰੋਮਣੀ ਕਮੇਟੀ ਬਾਰੇ ਟਿੱਪਣੀ ਨਾਲ ਭਾਵਨਾਵਾਂ ਨੂੰ ਠੇਸ ਪੁੱਜੀ: ਧਾਮੀ
ਅੰਮ੍ਰਿਤਸਰ (ਟਨਸ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਆਖਣ ’ਤੇ ਕਿਹਾ ਕਿ ਮੁੱਖ ਮੰਤਰੀ ਦੀ ਇਹ ਟਿੱਪਣੀ ਨਿਰਆਧਾਰ, ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਅਤੇ ਸਿੱਖ ਕੌਮ ਦੀ ਸਭ ਤੋਂ ਵੱਡੀ ਧਾਰਮਿਕ ਸੰਸਥਾ ਦੀ ਬੇਅਦਬੀ ਕਰਨ ਵਾਲੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਹ ਇਤਿਹਾਸ ਪੜ੍ਹਨ ਕਿ ਅਕਾਲੀ ਤਾਂ ਗੋਲਕਾਂ ਦੀ ਰਖਵਾਲੀ ਲਈ ਆਪਣਾ ਸਭ ਕੁਝ ਕੁਰਬਾਨ ਕਰਦੇ ਆਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਸੱਚ ਤਾਂ ਇਹ ਹੈ ਕਿ ਮੁੱਖ ਮੰਤਰੀ ਤਾਂ ਖੁਦ ਪੰਜਾਬ ਨੂੰ ਪਰਵਾਸੀਆਂ ਹੱਥੋਂ ਲੁਟਾ ਰਹੇ ਹਨ।