ਪ੍ਰਧਾਨ ਮੰਤਰੀ ਸਿਆਸੀ ਲਾਭ ਲਈ ਕਰ ਰਹੇ ਨੇ ਫ਼ੌਜ ਦੀ ਵਰਤੋਂ: ਭਗਵੰਤ ਮਾਨ
ਗਗਨਦੀਪ ਅਰੋੜਾ
ਲੁਧਿਆਣਾ, 5 ਜੂਨ
ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ’ਚ ਪ੍ਰਚਾਰ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਸਿੰਧੂਰ ਮੁੱਦੇ ’ਤੇ ਦਿੱਤੇ ਬਿਆਨ ਤੋਂ ਬਾਅਦ ਛਿੜੇ ਵਿਵਾਦ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਉਹ ਫ਼ੌਜ ਦਾ ਸਤਿਕਾਰ ਕਰਦੇ ਹਨ ਪਰ ਭਾਜਪਾ ਨੂੰ ਸਿੰਧੂਰ ਵੰਡਣ ’ਤੇ ਇੰਝ ਸਿਆਸਤ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ, ‘ਮੈਂ ਫ਼ੌਜ ਦਾ ਸਤਿਕਾਰ ਕਰਦਾ ਹਾਂ, ਪਰ ਇਸ ਦਾ ਸਿਆਸੀਕਰਨ ਨਹੀਂ ਹੋਣਾ ਚਾਹੀਦਾ।’ ਮੁੱਖ ਮੰਤਰੀ ਨੇ ਕਿਹਾ, ‘ਕੀ ਤੁਸੀਂ ਕਦੇ ਕਿਸੇ ਪ੍ਰਧਾਨ ਮੰਤਰੀ ਨੂੰ ਫ਼ੌਜ ਦੀ ਵਰਦੀ ਵਿੱਚ ਦੇਖਿਆ ਹੈ? ਮੌਜੂਦਾ ਪ੍ਰਧਾਨ ਮੰਤਰੀ ਸਿਆਸੀ ਲਾਭ ਲਈ ਫ਼ੌਜ ਦੀ ਵਰਦੀ ਦੀ ਵਰਤੋਂ ਕਰ ਰਹੇ ਹਨ।’ ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ’ਤੇ ਨਿਸ਼ਾਨੇ ਸੇਧਦਿਆਂ ਦੋਸ਼ ਲਾਇਆ ਕਿ ਅੱਜ ਜਿਨ੍ਹਾਂ ਗੈਂਗਸਟਰਾਂ ਦਾ ਨਾਂ ਬੋਲਦਾ ਹੈ, ਉਹ ਸਾਰੇ ਅਕਾਲੀ ਸਰਕਾਰ ਦੌਰਾਨ ਹੀ ਪੈਦਾ ਹੋਏ ਸਨ, ਨਸ਼ਾ ਵੀ ਇਨ੍ਹਾਂ ਨੇ ਹੀ ਫੈਲਾਇਆ ਸੀ। ਮੁੱਖ ਮੰਤਰੀ ਨੇ ਕਿਹਾ,‘ਸੁਖਬੀਰ ਬਾਦਲ ਕਹਿ ਰਹੇ ਹਨ ਕਿ ਉਹ ਗੈਂਗਸਟਰਾਂ ਨੂੰ ਕੰਟਰੋਲ ਕਰ ਲੈਣਗੇ, ਕੀ ਉਨ੍ਹਾਂ ਕੋਲ ਕੋਈ ਪਾਸਵਰਡ ਹੈ, ਜਿਸ ਨਾਲ ਉਹ ਅਪਰਾਧ ਨੂੰ ਕੰਟਰੋਲ ਕਰ ਲੈਣਗੇ? ਇਹ ਉਹ ਲੋਕ ਹਨ ਜੋ ਗੈਂਗਸਟਰਾਂ ਨੂੰ ਲੈ ਕੇ ਆਏ ਹਨ। ਅੱਜ ਜਿਨ੍ਹਾਂ ਗੈਂਗਸਟਰਾਂ ਦਾ ਨਾਂ ਬੋਲਦਾ ਹੈ, ਉਹ ਸਾਰੇ ਅਕਾਲੀ ਸਰਕਾਰ ਦੌਰਾਨ ਪੈਦਾ ਹੋਏ ਸਨ। ਉਹੀ ਲੋਕ ਨਸ਼ੇ ਵੀ ਲੈ ਕੇ ਆਏ ਸਨ। ਨਾਭਾ ਜੇਲ੍ਹ ਬਰੇਕ ਕਾਂਡ ਦੀ ਘਟਨਾ ਉਨ੍ਹਾਂ ਦੇ ਰਾਜ ਦੌਰਾਨ ਵਾਪਰੀ ਸੀ ਅਤੇ ਉਸ ਸਮੇਂ ਦੌਰਾਨ ਹੀ ਇੱਕ ਪੁਲੀਸ ਸਟੇਸ਼ਨ ਇੰਚਾਰਜ ਆਪਣੀ ਧੀ ਦੀ ਇੱਜ਼ਤ ਦੀ ਰਾਖੀ ਕਰਦਿਆਂ ਮਾਰਿਆ ਗਿਆ ਸੀ। ਇਨ੍ਹਾਂ ਲੋਕਾਂ ਨੇ ਹੀ ਰੇਤ ਅਤੇ ਭੂ-ਮਾਫ਼ੀਆ ਨੂੰ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਧਰਮ ਦਾ ਅਪਮਾਨ ਕੀਤਾ। ਸਿੱਖ ਸੰਸਥਾਵਾਂ ’ਤੇ ਕਬਜ਼ਾ ਕਰ ਲਿਆ। ਉਨ੍ਹਾਂ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ।
ਸਿੱਖਿਆ ਕ੍ਰਾਂਤੀ ਪੰਜਾਬ ਨੂੰ ਮੋਹਰੀ ਬਣਾਉਣ ਲਈ: ਮੁੱਖ ਮੰਤਰੀ
ਚੰਡੀਗੜ੍ਹ (ਆਤਿਸ਼ ਗੁਪਤਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਸਥਿਤ ਆਪਣੀ ਸਰਕਾਰੀ ਰਿਹਾਇਸ਼ ’ਤੇ ਜੇਈਈ ਐਡਵਾਂਸਡ ਦੀ ਪ੍ਰੀਖਿਆ ਪਾਸ ਕਰਨ ਵਾਲੇ 44 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲਿਆਂਦੀ ਸਿੱਖਿਆ ਕ੍ਰਾਂਤੀ ਦੇ ਮੱਦੇਨਜ਼ਰ ਪੰਜਾਬ ਦੇ ਨੌਜਵਾਨ ਹਰ ਦਿਨ ਸਫ਼ਲਤਾ ਦਾ ਨਵਾਂ ਅਧਿਆਏ ਲਿਖ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਦਾ ਉਦੇਸ਼ ਪੰਜਾਬ ਨੂੰ ਸਿੱਖਿਆ ਖੇਤਰ ਵਿੱਚ ਮੋਹਰੀ ਬਣਾਉਣਾ ਹੈ। ਇਸ ਪਹਿਲਕਦਮੀ ਦੇ ਸ਼ਾਨਦਾਰ ਨਤੀਜੇ ਆ ਰਹੇ ਹਨ ਅਤੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਇੱਕ ਤਕਨੀਕੀ ਹੱਬ ਬਣਨ ਦੇ ਰਾਹ ’ਤੇ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਮੁੱਖ ਮੰਤਰੀ ਨੇ ਆਪਣੀ ਸਰਕਾਰੀ ਰਿਹਾਇਸ਼ ’ਤੇ ਨਵੇਂ ਚੁਣੇ ਗਏ 26 ਉਮੀਦਵਾਰਾਂ ਨਾਲ ਗੱਲਬਾਤ ਕਰਦਿਆਂ ਇਸ ਸ਼ਾਨਦਾਰ ਸਫ਼ਲਤਾ ਲਈ ਵਧਾਈ ਦਿੱਤੀ। ਉਨ੍ਹਾਂ ਉਮੀਦਵਾਰਾਂ ਨੂੰ ਕਿਹਾ ਕਿ ਉਨ੍ਹਾਂ ਦੀ ਤਾਇਨਾਤੀ ਜਿੱਥੇ ਵੀ ਹੋਵੇ, ਉਹ ਆਪਣੇ ਕੰਮ ਵਾਲੀ ਥਾਂ ’ਤੇ ਆਪਣੇ ਜੱਦੀ ਸੂਬੇ ਦੀ ਮਹਿਕ ਜ਼ਰੂਰ ਫੈਲਾਉਣ।
ਆਈਆਈਟੀ ’ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ ਦੁੱਗਣੀ ਕਰਨ ਦਾ ਟੀਚਾ: ਬੈਂਸ
ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਮਗਰੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਗਾਮੀ ਸੈਸ਼ਨ ਵਿੱਚ ਇੰਡੀਅਨ ਇੰਸਟੀਚਿਊਟਜ਼ ਆਫ਼ ਟੈਕਨਾਲੋਜੀ (ਆਈਆਈਟੀਜ਼) ਵਿੱਚ ਦਾਖ਼ਲਾ ਪ੍ਰਾਪਤ ਕਰਨ ਵਾਲੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ ਦੁੱਗਣੀ ਕਰਨ ਦਾ ਟੀਚਾ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਗਰਮੀ ਦੀਆਂ ਛੁੱਟੀਆਂ ਵਿੱਚ ਵੀ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ।