ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੰਜਾਬ ਦੇ ਹਾਲਾਤ ਜਾਣੇ

ਚੀਨ ਤੋਂ ਦਿੱਲੀ ਆਉਂਦਿਆਂ ਹੀ ਕੀਤੀ ਫੋਨ ’ਤੇ ਗੱਲਬਾਤ
Advertisement

ਪੰਜਾਬ ਵਿੱਚ ਹੜ੍ਹਾਂ ਕਰਕੇ ਲਗਾਤਾਰ ਵਿਗੜਦੇ ਜਾ ਰਹੇ ਹਾਲਾਤ ਨੂੰ ਵੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਫੋਨ ਰਾਹੀਂ ਗੱਲ ਕਰਕੇ ਪੰਜਾਬ ਦੇ ਹਾਲਾਤ ਜਾਣੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਰਾਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੀਨ ਦੌਰੇ ਤੋਂ ਦਿੱਲੀ ਵਾਪਸ ਪਹੁੰਚੇ, ਜਿਨ੍ਹਾਂ ਨੇ ਦਿੱਲੀ ਪਹੁੰਚਦੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਹੜ੍ਹਾਂ ਦੇ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਹਰ ਸੰਭਵ ਮਦਦ ਮੁਹੱਈਆ ਕਰਾਉਣ ਦਾ ਭਰੋਸਾ ਦਿੱਤਾ ਹੈ।

Advertisement

ਇਸ ਤੋਂ ਪਹਿਲਾਂ ਸਵੇਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲਬਾਤ ਕਰਕੇ ਸੂਬੇ ਦੇ ਹਾਲਾਤ ਦਾ ਜਾਇਜ਼ਾ ਲਿਆ ਸੀ। ਕੇਂਦਰੀ ਗ੍ਰਹਿ ਮੰਤਰੀ ਨੇ ਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੰਘੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਪੱਤਰ ਲਿੱਖ ਕੇ ਕੇਂਦਰ ਵੱਲ ਪੰਜਾਬ ਦੇ ਬਕਾਇਆ ਖੜੇ 60 ਹਜ਼ਾਰ ਕਰੋੜ ਰੁਪਏ ਜਾਰੀ ਕਰਨ ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ ਦੇ ਮੁਆਵਜ਼ਾ ਨਿਯਮਾਂ ਵਿੱਚ ਸੋਧ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਣੇ ਹੋਰ ਕਈ ਸਿਆਸੀ ਆਗੂਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿੱਖ ਕੇ ਪੰਜਾਬ ਲਈ ਵਿਸ਼ੇਸ਼ ਪੈਕੇਜ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ।

ਦੱਸਣਯੋਗ ਹੈ ਕਿ ਪੰਜਾਬ ਦੇ 12 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਹਨ। ਜਿੱਥੇ ਤਿੰਨ ਲੱਖ ਏਕੜ ਤੋਂ ਵੱਧ ਫ਼ਸਲ ਪ੍ਰਭਾਵਿਤ ਹੋ ਚੁੱਕੀ ਹੈ ਅਤੇ ਲੱਖਾਂ ਲੋਕ ਬੇਘਰ ਹੋ ਚੁੱਕੇ ਹਨ। ਇਸ ਦੇ ਨਾਲ ਹੀ 29 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਧਰ ਪੰਜਾਬ ਵਿੱਚ ਲੰਘੇ ਦਿਨ ਤੋਂ ਰੁੱਕ-ਰੁੱਕ ਕੇ ਪੈ ਰਹੇ ਮੀਂਹ ਕਰਕੇ ਪੰਜਾਬ ਦੇ ਲੋਕ ਸਹਿਮੇ ਹੋਏ ਹਨ। ਜਦੋਂ ਕਿ ਮੌਸਮ ਵਿਭਾਗ ਨੇ 2 ਸਤੰਬਰ ਨੂੰ ਵੀ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।

Advertisement
Show comments