ਪੰਜਾਬ ਫੇਰੀ ਦੌਰਾਨ ਵਿਸ਼ੇਸ਼ ਪੈਕੇਜ ਦੇ ਕੇ ਜਾਣ ਪ੍ਰਧਾਨ ਮੰਤਰੀ: ਸੰਧਵਾਂ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਮਕੌੜਾ ਪੱਤਣ ਅਤੇ ਜੈਨਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪਿੰਡ ਜੈਨਪੁਰ ਵਿੱਚ ਟੁੱਟੇ ਧੁੱਸੀ ਬੰਨ੍ਹ ਦਾ ਜਾਇਜ਼ਾ ਲਿਆ ਤੇ ਹੜ੍ਹ ਪੀੜਤ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗੁਰਦਾਸਪੁਰ ਤੇ ਪਠਾਨਕੋਟ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਦੌਰੇ ਸਬੰਧੀ ਸਵਾਲ ਦਾ ਜਵਾਬ ਦਿੰਦਿਆਂ ਸ੍ਰੀ ਸੰਧਵਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਹੜ੍ਹਾਂ ਨਾਲ ਜੂਝ ਰਹੇ ਪੰਜਾਬ ਨੂੰ ਰਾਹਤ ਪੈਕੇਜ ਦੇ ਕੇ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੀ 50,000 ਕਰੋੜ ਰੁਪਏ ਦੀ ਬਕਾਇਆ ਰਕਮ ਵੀ ਤੁਰੰਤ ਜਾਰੀ ਕਰਨੀ ਚਾਹੀਦੀ ਹੈ।
ਪਠਾਨਕੋਟ (ਐੱਨ ਪੀ ਧਵਨ): ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹਾ ਪਠਾਨਕੋਟ ਦੇ ਪਿੰਡ ਕਥਲੌਰ ਅਤੇ ਹੋਰ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਉਨ੍ਹਾਂ ਕੋਹਲੀਆਂ ਵਿੱਚ ਰਾਵੀ ਦਰਿਆ ’ਤੇ ਬਣਾਏ ਜਾ ਰਹੇ ਅਸਥਾਈ ਬੰਨ੍ਹ ਦਾ ਵੀ ਦੌਰਾ ਕੀਤਾ। ਸ੍ਰੀ ਸੰਧਵਾਂ ਨੇ ਕਿਹਾ ਕਿ ਜੇ ਪ੍ਰਧਾਨ ਮੰਤਰੀ ਤਾਲਿਬਾਨ ਤੋਂ ਫਰੀ ਹੋ ਕੇ ਪੰਜਾਬ ਆ ਰਹੇ ਹਨ ਤਾਂ ਉਹ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਤਰ੍ਹਾਂ ਫੋਟੋ ਕਰਵਾ ਕੇ ਵਾਪਸ ਚਲੇ ਜਾਣ। ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਪੰਜਾਬ ਲਈ ਵਿਸ਼ੇਸ਼ ਪੈਕੇਜ ਦੇ ਕੇ ਜਾਣ।