ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਅਗਸਤ
ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਪੰਜਾਬ ਦੇ ਹਜ਼ਾਰਾਂ ਕਿਸਾਨਾਂ ਵੱੱਲੋਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਇਨਸਾਫ਼ ਲਈ ਮੁੜ ਮੋਰਚਾ ਲਗਾਉਣ ’ਤੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਕਿਸਾਨ ਵਿਰੋਧੀ ਹੈ ਅਤੇ ਪ੍ਰਧਾਨ ਮੰਤਰੀ ਕਿਸਾਨਾਂ ਖ਼ਿਲਾਫ਼ ਬਦਲਾਖੋਰੀ ਦੀ ਭਾਵਨਾ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਉੱਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਨੇ ਕਿਸਾਨਾਂ ’ਤੇ ਝੂਠੇ ਕੇਸ ਦਰਜ ਕਰਕੇ ਇੱਕ ਸਾਲ ਤੋਂ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਹੋਇਆ ਹੈ। ਕੰਗ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਅਜੈ ਮਿਸ਼ਰਾ ਟੈਨੀ ਨੂੰ ਜਲਦੀ ਮੰਤਰੀ ਮੰਡਲ ਵਿੱਚੋਂ ਬਾਹਰ ਕਰੇ ਅਤੇ ਆਸ਼ੀਸ਼ ਮਿਸ਼ਰਾ ਖ਼ਿਲਾਫ਼ ਠੋਸ ਕਾਨੂੰਨੀ ਕਾਰਵਾਈ ਕੀਤੀ ਜਾਵੇ। ‘ਆਪ’ ਦੇ ਮੁੱਖ ਬੁਲਾਰੇ ਨੇ ਪ੍ਰਧਾਨ ਮੰਤਰੀ ਮੋਦੀ ’ਤੇ ਕਿਸਾਨਾਂ ਨਾਲ ਧੋਖਾ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਸਬੰਧੀ ਬਣਾਈ ਗਈ ਕਮੇਟੀ ਦੇ 26 ਵਿੱਚੋਂ 23 ਮੈਂਬਰ ਉਹ ਹਨ, ਜਿਨ੍ਹਾਂ ਨੇ ਖੇਤੀ ਕਾਨੂੰਨਾਂ ਦਾ ਵਕਾਲਤ ਕੀਤੀ ਸੀ। ਕੰਗ ਨੇ ਕਿਹਾ ਕਿ ਬਦਲੇ ਦੀ ਭਾਵਨਾ ਨਾਲ ਕਿਸਾਨਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨ ਵਿਰੋਧੀ ਪਾਰਟੀ ਹੈ, ਜਦੋਂ ਕਿ ‘ਆਪ’ ਕਿਸਾਨਾਂ ਦੇ ਹੱਕ ਵਿੱਚ ਡਟੀ ਰਹੇਗੀ।