ਨਿੱਜੀ ਪੱਤਰ ਪ੍ਰੇਰਕ
ਮੰਡੀ ਗੋਬਿੰਦਗੜ੍ਹ, 21 ਅਪਰੈਲ
‘ਮੰਡੀ ਗੋਬਿੰਦਗੜ੍ਹ ਦਾ ਸਰਬਪੱਖੀ ਵਿਕਾਸ ਕਰਵਾ ਕੇ ਇਸ ਨੂੰ ਪੰਜਾਬ ਦਾ ਮਾਡਲ ਸ਼ਹਿਰ ਬਣਾਇਆ ਜਾਵੇਗਾ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾਵੇਗੀ।’ ਇਹ ਗੱਲ ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਨੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਵਿੱਚ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਅਤੇ ਸੀਨੀਅਰ ਮੀਤ ਪ੍ਰਧਾਨ ਅਸ਼ੋਕ ਸ਼ਰਮਾ ਦੇ ਅਹੁਦਾ ਸੰਭਾਲਣ ਮੌਕੇ ਆਖੀ। ਉਨ੍ਹਾਂ ਕਿਹਾ ਕਿ 42 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਰੇਲਵੇ ਓਵਰ ਬ੍ਰਿਜ ਦਾ ਕੰਮ ਛੇਤੀ ਸ਼ੁਰੂ ਕਰਵਾਇਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸੁਭਾਸ਼ ਸੂਦ, ਐੱਸਪੀ ਨਵਰੀਤ ਸਿੰਘ ਵਿਰਕ, ਐੱਸਡੀਐੱਮ ਆਨੰਦ ਸਾਗਰ ਸ਼ਰਮਾ ਅਤੇ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਨੀਲਮ ਰਾਣੀ ਹਾਜ਼ਰ ਸਨ। ਇਸ ਮੌਕੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਉਨ੍ਹਾਂ ਦਾ ਪਹਿਲਾਂ ਕਾਰਜ ਸ਼ਹਿਰ ਵਿਚਲੇ ਸਟੇਡੀਅਮ ਵਿੱਚ ਸਿੰਥੈਟਿਕ ਟਰੈਕ ਤੇ ਲਾਅਨਟੈਨਿਸ ਵਜੋਂ ਵਿਕਸਤ ਕਰਕੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਹੋਵੇਗਾ।