ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਸਤੰਬਰ
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਮਾਰੀ ਨੂੰ ਰੋਕਣ ਲਈ ਸੂਚੀਬੱਧ ਨਿੱਜੀ ਹਸਪਤਾਲਾਂ, ਕਲੀਨਿਕਾਂ ਤੇ ਲੈਬਾਂ ਨੂੰ ਰੈਪਿਡ ਐਂਟੀਜਨ ਟੈਸਟ ਕਰਨ ਦੀ ਪ੍ਰਵਾਨਗੀ ਦੇਣ ਦਾ ਫੈਸਲਾ ਕੀਤਾ ਹੈ। ਸ੍ਰੀ ਸਿੱਧੂ ਨੇ ਦੱਸਿਆ ਕਿ ਨਿੱਜੀ ਸਿਹਤ ਅਦਾਰਿਆਂ ਵੱਲੋਂ ਕੋਵਿਡ-19 ਲਈ ਰੈਪਿਡ ਐਂਟੀਜਨ ਟੈਸਟ ਦੀ ਆਗਿਆ ਦੇਣ ਸਬੰਧੀ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਸਿਵਲ ਸਰਜਨਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਲਈ ਸਿਹਤ ਵਿਭਾਗ ਵੱਲੋਂ ਰੈਪਿਡ ਕਿੱਟਾਂ ਮੁਫ਼ਤ ਦਿੱਤੀਆਂ ਜਾਣਗੀਆਂ। ਸਿਵਲ ਸਰਜਨ ਉਨ੍ਹਾਂ ਪ੍ਰਾਈਵੇਟ ਹਸਪਤਾਲਾਂ ਤੇ ਲੈਬਾਂ ਨੂੰ ਸੂਚੀਬੱਧ ਕਰਨਗੇ ਜੋ ਵਿਭਾਗ ਵੱਲੋਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ ਆਰਏਟੀ ਕਿੱਟਾਂ ਨਾਲ ਟੈਸਟ ਕਰਨ ਲਈ ਤਿਆਰ ਹਨ।
ਉਨ੍ਹਾਂ ਕਿਹਾ ਕਿ ਜੇ ਕਿੱਟਾਂ ਸਿਹਤ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਹੋਣ ਤਾਂ ਨਿੱਜੀ ਹਸਪਤਾਲ ਤੇ ਲੈਬ ਮਰੀਜ਼ਾਂ ਤੋਂ ਟੈਸਟ ਲਈ ਵੱਧ ਤੋਂ ਵੱਧ 250 ਰੁਪਏ ਲੈ ਸਕਦੇ ਹਨ। ਇਸ ਤੋਂ ਪਹਿਲਾਂ ਪ੍ਰਾਈਵੇਟ ਲੈਬਾਂ ਨੇ ਰੈਪਿਡ ਐਂਟੀਜਨ ਟੈਸਟਿੰਗ ਦੀ ਕੀਮਤ 1000 ਤੋਂ ਘਟਾ ਕੇ 700 ਰੁਪਏ ਕਰ ਦਿੱਤੀ ਸੀ ਜਿਸ ਵਿੱਚ ਜੀਐਸਟੀ ਅਤੇ ਹੋਰ ਟੈਕਸ ਸ਼ਾਮਲ ਹਨ। ਨਿੱਜੀ ਹਸਪਤਾਲਾਂ, ਕਲੀਨਿਕਾਂ ਅਤੇ ਲੈਬਾਂ ਵਿੱਚ ਕੋਵਿਡ-19 ਦੇ ਸ਼ੱਕੀ ਮਰੀਜ਼ਾਂ ਦੇ ਨਮੂਨੇ ਲੈਣ ਲਈ ਵੱਖਰਾ ਆਈਸੋਲੇਟਿਡ ਖੇਤਰ ਹੋਣਾ ਚਾਹੀਦਾ ਹੈ। ਇਸ ਲਈ ਨਮੂਨਾ ਲੈਣ ਵਾਲੇ ਵਿਅਕਤੀ ਨੂੰ ਪੀਪੀਈ ਕਿੱਟ ਪਾਉਣੀ ਜ਼ਰੂਰੀ ਹੋਵੇਗੀ। ਸਿਹਤ ਸੰਸਥਾ ਕੋਲ ਟੈਸਟ ਤੋਂ ਬਾਅਦ ਬਾਇਓਮੈਡੀਕਲ ਰਹਿੰਦ-ਖੂੰਹਦ ਦੇ ਪ੍ਰਬੰਧਨ ਦਾ ਬੰਦੋਬਸਤ ਹੋਣਾ ਚਾਹੀਦਾ ਹੈ।