ਜਸਵੰਤ ਜੱਸ
ਫਰੀਦਕੋਟ, 12 ਫਰਵਰੀ
ਕਾਂਗਰਸ ਦੀ ਜਨਰਲ ਸਕੱਤਰ ਅਤੇ ਸਟਾਰ ਪ੍ਰਚਾਰਕ ਪ੍ਰਿਯੰਕਾ ਗਾਂਧੀ ਭਲਕੇ ਕੋਟਕਪੂਰਾ ਦੀ ਨਵੀਂ ਅਨਾਜ ਮੰਡੀ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰੇਗੀ। ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਮੌਜੂਦ ਹੋਣਗੇ। ਦੱਸਣਯੋਗ ਹੈ ਕਿ ਚਾਰ ਦਹਾਕਿਆਂ ਬਾਅਦ ਗਾਂਧੀ ਪਰਿਵਾਰ ’ਚੋਂ ਕੋਈ ਆਗੂ ਫ਼ਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿਧਾਨ ਸਭਾ ਹਲਕੇ ਲਈ ਚੋਣ ਪ੍ਰਚਾਰ ਕਰਨ ਆ ਰਿਹਾ ਹੈ। ਇਸ ਤੋਂ ਪਹਿਲਾਂ ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ 1988 ਵਿੱਚ ਕੋਟਕਪੂਰਾ ਵਿਖੇ ਇੱਕ ਚੋਣ ਰੈਲੀ ਨੂੰ ਸੰਬੋਧਨ ਕੀਤਾ ਸੀ। ਕਾਂਗਰਸ ਨੇ ਵੀ ਚਾਰ ਦਹਾਕਿਆਂ ਬਾਅਦ ਪਹਿਲੀ ਵਾਰ ਸਥਾਨਕ ਕਾਂਗਰਸੀ ਆਗੂ ਅਜੈਪਾਲ ਸਿੰਘ ਸੰਧੂ ਨੂੰ ਉਮੀਦਵਾਰ ਬਣਾਇਆ ਹੈ। ਇਸ ਤੋਂ ਪਹਿਲਾਂ ਇਸ ਵਿਧਾਨ ਸਭਾ ਹਲਕੇ ਲਈ ਸਾਰੇ ਉਮੀਦਵਾਰ ਬਾਹਰਲੇ ਹਲਕਿਆਂ ਵਿੱਚੋਂ ਉਤਾਰੇ ਜਾਂਦੇ ਸਨ। ਇਸ ਕਰ ਕੇ ਸਥਾਨਕ ਕਾਂਗਰਸੀ ਆਗੂ ਕਾਫ਼ੀ ਨਿਰਾਸ਼ ਸਨ। ਫਰੀਦਕੋਟ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਸਹੋਤਾ ਨੇ ਦੱਸਿਆ ਕਿ ਇੰਦਰਾ ਗਾਂਧੀ ਤੋਂ ਪਹਿਲਾਂ ਕੋਟਕਪੂਰਾ ਵਿੱਚ ਜਵਾਹਰ ਲਾਲ ਨਹਿਰੂ ਵੀ ਆਏ ਸਨ ਅਤੇ ਕੋਟਕਪੂਰੇ ਦਾ ਨਹਿਰੂ ਪਰਿਵਾਰ ਨਾਲ ਨੇੜਲਾ ਰਿਸ਼ਤਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਿਅੰਕਾ ਗਾਂਧੀ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਹੋਰ ਸੀਨੀਅਰ ਆਗੂ ਵੀ ਇਸ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਜ਼ਿਲ੍ਹਾ ਪ੍ਰਸ਼ਾਸਨ ਨੇ ਪ੍ਰਿਅੰਕਾ ਗਾਂਧੀ ਦੀ ਚੋਣ ਰੈਲੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਪਾਰਟੀ ਦੇ ਉਮੀਦਵਾਰ ਅਜੈਪਾਲ ਸਿੰਘ ਸੰਧੂ ਨੇ ਕਿਹਾ ਕਿ ਪ੍ਰਿਅੰਕਾ ਗਾਂਧੀ ਦੀ ਚੋਣ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰ ਬੇਹੱਦ ਉਤਸ਼ਾਹਿਤ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਪ੍ਰਿਅੰਕਾ ਗਾਂਧੀ ਨੇ ਜਿਹੜੇ ਵੀ ਹਲਕਿਆਂ ਵਿੱਚ ਚੋਣ ਪ੍ਰਚਾਰ ਕੀਤਾ ਹੈ, ਉੱਥੇ ਉਮੀਦਵਾਰਾਂ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪ੍ਰਿਅੰਕਾ ਗਾਂਧੀ ਦੀ ਇਸ ਚੋਣ ਰੈਲੀ ਤੋਂ ਪਹਿਲਾਂ ਜ਼ਿਲ੍ਹਾ ਕਾਂਗਰਸ ਨੇ ਇਕਜੁੱਟਤਾ ਦਾ ਦਾਅਵਾ ਕੀਤਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਪਵਨ ਗੋਇਲ ਨੇ ਕਿਹਾ ਕਿ ਪ੍ਰਿਅੰਕਾ ਗਾਂਧੀ ਦੀ ਕੋਟਕਪੂਰਾ ਫੇਰੀ ਨਾਲ ਫ਼ਰੀਦਕੋਟ ਜ਼ਿਲ੍ਹੇ ਵਿੱਚ ਕਾਂਗਰਸ ਦੇ ਉਮੀਦਵਾਰਾਂ ਨੂੰ ਵੱਡਾ ਸਿਆਸੀ ਲਾਭ ਹੋਵੇਗਾ ਕਿਉਂਕਿ ਇਸ ਫੇਰੀ ਨਾਲ ਕਾਂਗਰਸ ਪਾਰਟੀ ਦੇ ਵਰਕਰਾਂ ਦੇ ਅੰਦਰੂਨੀ ਮੱਤਭੇਦ ਖ਼ਤਮ ਹੋ ਗਏ ਹਨ ਅਤੇ ਸਾਰੇ ਆਗੂ ਪ੍ਰਿਅੰਕਾ ਗਾਂਧੀ ਦੀ ਰੈਲੀ ਵਿੱਚ ਸ਼ਾਮਲ ਹੋਣਗੇ।
ਪੁਲੀਸ ਵੱਲੋਂ ਸਖ਼ਤ ਸੁਰੱਖਿਆ
ਜ਼ਿਲ੍ਹਾ ਪੁਲੀਸ ਮੁਖੀ ਵਰੁਣ ਸ਼ਰਮਾ ਨੇ ਕਿਹਾ ਕਿ ਕੋਟਕਪੂਰਾ ਦੀ ਅਨਾਜ ਮੰਡੀ ਵਿੱਚ ਪ੍ਰਿਅੰਕਾ ਗਾਂਧੀ ਦੀ ਹੋਣ ਵਾਲੀ ਚੋਣ ਰੈਲੀ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਇੱਥੇ 400 ਤੋਂ ਵੱਧ ਸੁਰੱਖਿਆ ਕਰਮੀ ਤਾਇਨਾਤ ਕੀਤੇ ਗਏ ਹਨ।