ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 31 ਜਨਵਰੀ
ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਹਰਚਰਨ ਸਿੰਘ ਬੈਂਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਪ੍ਰਕਿਰਿਆ ਸਬੰਧੀ ਕੋਈ ਤੱਥ ਨਾ ਹੋਣ ਦੇ ਕੀਤੇ ਦਾਅਵਿਆਂ ਖਿਲਾਫ਼ ਸਮੀਖਿਆ ਬੋਰਡ ਦੀ ਮੀਟਿੰਗ ਦੇ ਵੇਰਵੇ ਜਨਤਕ ਕੀਤੇ ਹਨ। ਉਨ੍ਹਾਂ ‘ਆਪ’ ਸੁਪਰੀਮੋ ’ਤੇ ਝੂਠ ਬੋਲਣ ਅਤੇ ਪੰਜਾਬੀਆਂ ਨੂੰ ਗੁਮਰਾਹ ਕਰਨ ਦੇ ਦੋਸ਼ ਲਾਏ ਹਨ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਬੈਂਸ ਨੇ ਕਿਹਾ ਕਿ ਕੇਜਰੀਵਾਲ ਵਾਰ-ਵਾਰ ਇਹ ਦਾਅਵਾ ਕਰ ਰਹੇ ਹਨ ਕਿ ਪ੍ਰੋ. ਭੁੱਲਰ ਦੀ ਰਿਹਾਈ ਬਾਰੇ ਫ਼ੈਸਲਾ ਲੈਣ ਵਾਲੇ ਸਜ਼ਾ ਸਮੀਖਿਆ ਬੋਰਡ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ ਹੈ ਜਦਕਿ ਅਸਲੀਅਤ ਇਹ ਹੈ ਕਿ ਇਸ ਬੋਰਡ ਦਾ ਚੇਅਰਮੈਨ ਦਿੱਲੀ ਦਾ ਗ੍ਰਹਿ ਮੰਤਰੀ ਹੁੰਦਾ ਹੈ ਜੋ ਸਤੇਂਦਰ ਜੈਨ ਹਨ। ਉਨ੍ਹਾਂ ਦੱਸਿਆ ਕਿ ਬੋਰਡ ਦੇ ਕੁੱਲ 7 ਮੈਂਬਰ ਹਨ ਜਿਨ੍ਹਾਂ ਵਿਚੋਂ 5 ਦਾ ਸਿੱਧਾ ਸਬੰਧ ਅਰਵਿੰਦ ਕੇਜਰੀਵਾਲ ਨਾਲ ਹੈ। ਗ੍ਰਹਿ ਮੰਤਰੀ ਤੋਂ ਇਲਾਵਾ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਬੀਐੱਸ ਭੱਲਾ, ਦਿੱਲੀ ਸਰਕਾਰ ਦੇ ਡੀਜੀਪੀ ਜੇਲ੍ਹਾਂ ਸੰਦੀਪ ਗੋਇਲ, ਦਿੱਲੀ ਸਰਕਾਰ ਦੇ ਕਾਨੂੰਨ ਤੇ ਨਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਸੰਜੇ ਕੁਮਾਰ ਅਗਰਵਾਲ ਅਤੇ ਦਿੱਲੀ ਸਰਕਾਰ ਦੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਰਸ਼ਮੀ ਸਿੰਘ ਇਸ ਦੇ ਮੈਂਬਰ ਹਨ। ਸ੍ਰੀ ਬੈਂਸ ਨੇ ਦੱਸਿਆ ਕਿ ਇਸ ਬੋਰਡ ਦੀ 11 ਦਸੰਬਰ 2020 ਨੂੰ ਦਿੱਲੀ ਸਕੱਤਰੇਤ ਵਿੱਚ ਹੀ ਮੀਟਿੰਗ ਹੋਈ ਸੀ, ਜਿਸ ਵਿੱਚ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦਾ ਮਾਮਲਾ ਵਿਚਾਰਿਆ ਗਿਆ ਸੀ। ਉਨ੍ਹਾਂ ਇਸ ਮੀਟਿੰਗ ਦੇ ਵੇਰਵੇ ਜਨਤਕ ਕਰਦਿਆਂ ਦੱਸਿਆ ਕਿ ਕਿਵੇਂ ਬੋਰਡ ਨੇ ਪ੍ਰੋ. ਭੁੱਲਰ ਦੀ ਰਿਹਾਈ ਲਈ ਪ੍ਰਵਾਨਗੀ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ।