ਐੱਨਪੀ ਧਵਨ
ਪਠਾਨਕੋਟ, 3 ਮਾਰਚ
ਦਿੱਲੀ ਬੰਬ ਧਮਾਕੇ ਦੇ ਦੋਸ਼ੀ ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਬਾਰੇ ਗੱਲ ਕਰਦਿਆਂ ਆਲ ਇੰਡੀਆ ਐਂਟੀ ਟੈਰੋਰਿਸਟ ਫਰੰਟ ਦੇ ਕੌਮੀ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਨੇ ਕਿਹਾ ਕਿ ਜੇਕਰ ਭੁੱਲਰ ਨੂੰ ਰਿਹਾਅ ਕੀਤਾ ਗਿਆ ਤਾਂ ਉਹ ਸੁਪਰੀਮ ਕੋਰਟ ਦਾ ਦਰਵਾਜ਼ਾ ਖੜ੍ਹਕਾਉਣਗੇ ਅਤੇ ਅਜਿਹੇ ਹੋਰ ਵੀ ਕੇਸਾਂ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਜਾਵੇਗੀ, ਜਿਨ੍ਹਾਂ ਨੂੰ ਇਸੇ ਤਰ੍ਹਾਂ ਪਹਿਲਾਂ ਛੱਡਿਆ ਗਿਆ ਹੈ। ਉਹ ਅੱਜ ਇਥੇ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਚੱਕੜ ਵਿੱਚ ਅਰੁਣਾਚਲ ਪ੍ਰਦੇਸ਼ ਦੇ ਤਮਾਂਗ ਵਿੱਚ ਚੀਨ ਬਾਰਡਰ ’ਤੇ ਗਸ਼ਤ ਦੌਰਾਨ ਪਿਛਲੇ ਮਹੀਨੇ ਬਰਫੀਲੇ ਤੂਫ਼ਾਨ ਦੀ ਲਪੇਟ ਵਿੱਚ ਆ ਕੇ ਸ਼ਹੀਦ ਹੋਏ ਰਾਈਫਲਮੈਨ ਅਕਸ਼ੈ ਪਠਾਨੀਆ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਸਨ। ਸ੍ਰੀ ਬਿੱਟਾ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੀ ਭੁੱਲਰ ਦੀ ਰਿਹਾਈ ਨੂੰ ਮੁੱਦਾ ਬਣਾਇਆ ਗਿਆ, ਜਦ ਕਿ ਉਸ ਦੀ ਫਾਂਸੀ ਦੀ ਸਜ਼ਾ ਤੋਂ ਲੈ ਕੇ ਹੁਣ ਤੱਕ ਸਿਆਸਤ ਹੀ ਹੁੰਦੀ ਆਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਗੁਨਾਹਗਾਰ ਨੂੰ ਦੋਸ਼ ਸਿੱਧ ਹੋ ਜਾਣ ਬਾਅਦ ਵੀ ਰਿਹਾਅ ਕਰ ਦਿੱਤਾ ਜਾਂਦਾ ਹੈ ਤਾਂ ਫਿਰ ਲੁਧਿਆਣਾ ਦੀ ਅਦਾਲਤ ਵਿੱਚ ਹੋਏ ਧਮਾਕੇ ਦੇ ਮੁਲਜ਼ਮਾਂ ਨੂੰ ਵੀ ਬਾਅਦ ਵਿੱਚ ਇਸੇ ਤਰ੍ਹਾਂ ਛੱਡ ਦਿੱਤੇ ਜਾਣ ਦੀ ਵਕਾਲਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿਆਸੀ ਪਾਰਟੀਆਂ ਵੋਟਾਂ ਖਾਤਰ ਸੂਬੇ ਦਾ ਮਾਹੌਲ ਖਰਾਬ ਕਰਨ ਲੱਗੀਆਂ ਹੋਈਆਂ ਹਨ, ਜਿਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਇਸ ਮੌਕੇ ਸੁਰੱਖਿਆ ਪਰਿਸ਼ਦ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਵਿੱਕੀ, ਸਾਬਕਾ ਮੰਤਰੀ ਮਾਸਟਰ ਮੋਹਨ ਲਾਲ, ਰਾਜਪੂਤ ਵੈੱਲਫੇਅਰ ਬੋਰਡ ਦੇ ਚੇਅਰਮੈਨ ਦਵਿੰਦਰ ਦਰਸ਼ੀ, ਲੈਂਡ ਮਾਰਗੇਜ ਬੈਂਕ ਦੇ ਚੇਅਰਮੈਨ ਅਵਤਾਰ ਸਿੰਘ ਕਲੇਰ ਹਾਜ਼ਰ ਸਨ।