ਫ਼ਿਰੋਜ਼ਪੁਰ (ਸੰਜੀਵ ਹਾਂਡਾ): ਖੋਜਕਰਤਾ ਪ੍ਰੋ. ਬੂਟਾ ਸਿੰਘ ਸਿੱਧੂ ਨੇ ਅੱਜ ਇੱਥੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੇ ਪਹਿਲੇ ਉਪ ਕੁਲਪਤੀ ਵਜੋਂ ਅਹੁਦਾ ਸੰਭਾਲਿਆ। ਉਹ ਇਸ ਵੇਲੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਉਪ ਕੁਲਪਤੀ ਵਜੋਂ ਸੇਵਾਵਾਂ ਨਿਭਾ ਰਹੇ ਹਨ।
ਚਾਰਜ ਸੰਭਾਲਣ ਤੋਂ ਪਹਿਲਾਂ ਉਨ੍ਹਾਂ ਨੇ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਜਾਮਨੀ ਸਾਹਿਬ ਮੱਥਾ ਟੇਕਿਆ। ਡਾ. ਸਿੱਧੂ ਵੱਖ-ਵੱਖ ਯੂਨੀਵਰਸਿਟੀਆਂ ਵਿਚ ਮਹੱਤਵਪੂਰਨ ਅਹੁਦਿਆਂ ’ਤੇ ਕੰਮ ਕਰ ਚੁੱਕੇ ਹਨ। ਖੋਜ ਕਾਰਜਾਂ ਦੇ ਵਿਸ਼ੇ ’ਤੇ ਡਾ. ਸਿੱਧੂ ਨੇ ਕਿਫ਼ਾਇਤੀ ਊਰਜਾ ਅਤੇ ਉੱਚ ਤਾਪਮਾਨ ਵਾਲੀਆਂ ਸਮੱਗਰੀਆਂ ਸਬੰਧੀ 170 ਤੋਂ ਵੱਧ ਖੋਜ ਪੱਤਰ ਪੇਸ਼ ਕੀਤੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਕੁਝ ਦਿਨ ਪਹਿਲਾਂ ਹੀ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਨੂੰ ਯੂਨੀਵਰਸਿਟੀ ਵਜੋਂ ਅਪਗ੍ਰੇਡ ਕੀਤਾ ਹੈ ਅਤੇ ਨਾਲ ਹੀ ਅਗਲੇ ਤਿੰਨ ਸਾਲਾਂ ਲਈ 45 ਕਰੋੜ ਰੁਪਏ ਗ੍ਰਾਂਟ ਵੀ ਮਨਜ਼ੂਰ ਕੀਤੀ ਹੈ।