ਅੰਗਰੇਜ਼ੀ ’ਚ ਨਿਖ਼ਾਰ ਲਈ ਪ੍ਰੋਗਰਾਮ ਸ਼ੁਰੂ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ‘ਆਪ’ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨਾਲ ਅੱਜ ‘ਦਿ ਇੰਗਲਿਸ਼ ਐੱਜ-ਲਰਨ ਸਮਾਰਟ, ਸਪੀਕ ਸ਼ਾਰਪ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਅੰਗਰੇਜ਼ੀ ਸੰਚਾਰ ਹੁਨਰ ਨਾਲ ਸਿੱਖਿਅਤ ਕੀਤਾ ਜਾਵੇਗਾ। ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸ੍ਰੀ ਬੈਂਸ ਨੇ ਕਿਹਾ ਕਿ ਮੌਜੂਦਾ ਸਮੇਂ ਇਹ ਵੱਕਾਰੀ ਪ੍ਰੋਗਰਾਮ ਪੰਜਾਬ ਦੇ 500 ਸਰਕਾਰੀ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ 3 ਲੱਖ ਵਿਦਿਆਰਥੀਆਂ ਨੂੰ ਸਿੱਖਿਅਤ ਕਰਨ ਲਈ ਸ਼ੁਰੂ ਕੀਤਾ ਗਿਆ ਹੈ। ਇਸ ਨਾਲ ਉਨ੍ਹਾਂ ਨੂੰ ਆਤਮ ਵਿਸ਼ਵਾਸ ਨਾਲ ਅੰਗਰੇਜ਼ੀ ਬੋਲਣ, ਪੜ੍ਹਨ ਅਤੇ ਸੋਚਣ ਦੇ ਹੁਨਰ ਨਾਲ ਸਿੱਖਿਅਤ ਕੀਤਾ ਜਾਵੇਗਾ। ਰੋਜ਼ਾਨਾ 10-10 ਮਿੰਟਾਂ ਦੇ ਅਭਿਆਸ ਸੈਸ਼ਨਾਂ ਰਾਹੀਂ ਵਿਦਿਆਰਥੀਆਂ ਨੂੰ ਅੰਗਰੇਜ਼ੀ ਸਮਝਣ ਅਤੇ ਬੋਲਣ ਵਿੱਚ ਮਦਦ ਮਿਲੇਗੀ। ਇਹ ਪ੍ਰੋਗਰਾਮ ਕਲਾਸਰੂਮ ਸਿਖਲਾਈ ਨੂੰ ਡਿਜੀਟਲ ਟੈਕਨਾਲੋਜੀ ਨਾਲ ਜੋੜੇਗਾ। ਇਹ ਪਹਿਲ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਇੰਗਲਿਸ਼ ਹੈਲਪਰ ਦੇ ਸਹਿਯੋਗ ਨਾਲ ਲਾਗੂ ਕੀਤੀ ਗਈ ਹੈ। ਪੰਜਾਬ ਸਰਕਾਰ ਦੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ‘ਲਰਨ ਸਮਾਰਟ, ਸਪੀਕ ਸ਼ਾਰਪ’ ਨਾਮ ਪ੍ਰੋਗਰਾਮ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦਾ ਹੈ।
