ਪੰਜਾਬੀ ਟ੍ਰਿਬਿਊਨ ਵੈੱ ਡੈੱਸਕ
ਚੰਡੀਗੜ੍ਹ, 20 ਜੁਲਾਈ
ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਅਹਿਮ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਲਈ ਸਾਫ-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਵਾਸਤੇ ਕੁਦਰਤੀ ਸੌਰ ਊਰਜਾ ਦੀ ਵੱਧ ਤੋਂ ਵੱਧ ਵਰਤੋਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਹੋਰ ਉਤਸ਼ਾਹਿਤ ਕਰੇਗੀ।
ਇਥੇ ਪੇਡਾ ਭਵਨ ਵਿਖੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਖੇਤੀਬਾੜੀ ਪੰਪਾਂ ਦੇ ਸੂਰਜੀ ਊਰਜਾਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਕਿਉਂਕਿ ਬਹੁਤ ਸਾਰੇ ਕਿਸਾਨ ਅਜੇ ਵੀ ਸਿੰਜਾਈ ਲਈ ਡੀਜ਼ਲ ਪੰਪਾਂ ਦੀ ਵਰਤੋਂ ਕਰਦੇ ਹਨ, ਜਿਸ ਨਾਲ ਇਕ ਪਾਸੇ ਖੇਤੀ ‘ਤੇ ਲਾਗਤ ਵਧਦੀ ਹੈ ਅਤੇ ਦੂਜੇ ਪਾਸੇ ਵਾਤਾਵਰਨ ਵੀ ਪ੍ਰਦੂਸ਼ਿਤ ਹੁੰਦਾ ਹੈ ਪਰ ਸਾਡੀ ਸਰਕਾਰ ਖੇਤੀ ਉੱਤੇ ਲਾਗਤ ਘਟਾ ਕੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਹੈ।
ਪੇਡਾ ਦੇ ਮੁੱਖ ਕਾਰਜਕਾਰੀ ਸੁਮੀਤ ਜਾਰੰਗਲ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਨਹਿਰਾਂ ਉੱਤੇ 1750 ਮੈਗਾਵਾਟ ਸਮਰੱਥਾ ਵਾਲੇ ਸੋਲਰ ਪਾਵਰ ਪ੍ਰਾਜੈਕਟ ਲਗਾਏ ਜਾ ਸਕਦੇ ਹਨ ਅਤੇ ਜਿਸ ਵਿੱਚੋਂ 20 ਮੈਗਾਵਾਟ ਦੇ ਪ੍ਰਾਜੈਕਟ ਲਗਾਏ ਜਾ ਚੁੱਕੇ ਹਨ।