ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਅਕਤੂਬਰ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਇੱਥੇ ਉੱਚ ਪੱਧਰੀ ਮੀਟਿੰਗ ਦੌਰਾਨ ਲੋਕਾਂ ਨੂੰ ਜਾਇਦਾਦ ਖ਼ਰੀਦਣ ਮੌਕੇ ਝਗੜਿਆਂ ਅਤੇ ਮੁਕੱਦਮੇਬਾਜ਼ੀ ਤੋਂ ਬਚਾਉਣ ਲਈ ਐੱਨਓਸੀ ਦੀ ਪ੍ਰਕਿਰਿਆ ਦਾ ਸਮਾਂ 21 ਦਿਨਾਂ ਤੋਂ ਘਟਾ ਕੇ 15 ਕੰਮਕਾਜੀ ਦਿਨ ਕਰਨ ਦਾ ਫ਼ੈਸਲਾ ਲਿਆ ਹੈ। ਵਿੱਤ ਮੰਤਰੀ ਚੀਮਾ ਦੇ ਪੰਜਾਬ ਭਵਨ ਵਿੱਚ ਹੋਈ ਇਸ ਮੀਟਿੰਗ ਦੌਰਾਨ ਇੱਕ ਸੁਝਾਅ ’ਤੇ ਫ਼ੈਸਲਾ ਲਿਆ ਹੈ ਕਿ ਪਰਵਾਸੀ ਭਾਰਤੀਆਂ ਅਤੇ ਹੋਰਨਾਂ ਅਜਿਹੇ ਵਿਅਕਤੀਆਂ ਜਿਨ੍ਹਾਂ ਕੋਲ ਸਮੇਂ ਦੀ ਘਾਟ ਹੁੰਦੀ ਹੈ, ਉਨ੍ਹਾਂ ਦੀ ਸਹੂਲਤ ਲਈ ਤਤਕਾਲ ਸਹੂਲਤ ਤਹਿਤ ਐੱਨਓਸੀ ਦੀ ਪ੍ਰਕਿਰਿਆ ਲਈ ਸਮਾਂ 5 ਦਿਨ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਸਹੂਲਤ ਤਹਿਤ ਪਰਵਾਸੀ ਭਾਰਤੀ ਜਾਂ ਉਹ ਵਿਅਕਤੀ, ਜੋ ਇਸ ਸਹੂਲਤ ਨੂੰ ਜਲਦੀ ਹਾਸਿਲ ਕਰਨਾ ਚਾਹੁੰਦੇ ਹਨ, ਕੁਝ ਵੱਧ ਫ਼ੀਸ ਅਦਾ ਕਰ ਕੇ 5 ਦਿਨਾਂ ਵਿੱਚ ਐੱਨਓਸੀ ਹਾਸਲ ਕਰ ਸਕਣਗੇ। ਕੈਬਨਿਟ ਮੰਤਰੀਆਂ ਵੱਲੋਂ ਐੱਨਓਸੀ ਦੀ ਆਨਲਾਈਨ ਪ੍ਰਕਿਰਿਆ ’ਤੇ ਨਜ਼ਰ ਰੱਖਣ ਲਈ ਮਾਲ ਵਿਭਾਗ ਦੇ ਸਬ-ਰਜਿਸਟਰਾਰ ਨੂੰ ਲਾਗਇਨ ਆਈਡੀ ਅਤੇ ਪਾਸਵਰਡ ਮੁਹੱਈਆ ਕਰਨ ਦਾ ਫ਼ੈਸਲਾ ਕੀਤਾ ਗਿਆ ਤਾਂ ਜੋ ਉਹ ਰਜਿਸਟਰੀ ਮੌਕੇ ਅਸਲੀ ਅਤੇ ਜਾਅਲੀ ਐੱਨਓਸੀ ਦਾ ਪਤਾ ਲਗਾ ਸਕੇ। ਮੀਟਿੰਗ ਦੌਰਾਨ ਲੋਕਾਂ ਦੀ ਸਹੂਲਤ ਲਈ ਵਸੀਕਾ ਨਵੀਸਾਂ ਦੇ ਨਵੇਂ ਲਾਇਸੈਂਸ ਜਾਰੀ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ।
ਲੋਕਾਂ ਨੂੰ ਅਧਿਕਾਰਤ ਅਤੇ ਅਣ-ਅਧਿਕਾਰਤ ਰਿਹਾਇਸ਼ੀ ਕਲੋਨੀਆਂ ਬਾਰੇ ਜਾਣੂ ਕਰਵਾਉਣ ਲਈ ਸੂਬੇ ਭਰ ਦੀਆਂ ਸਾਰੀਆਂ ਅਧਿਕਾਰਤ ਕਲੋਨੀਆਂ ਦੀ ਸੂਚੀ ਨੂੰ ਮਾਲ, ਮਕਾਨ ਉਸਾਰੀ ਤੇ ਸਥਾਨਕ ਸਰਕਾਰਾਂ ਦੀਆਂ ਵਿਭਾਗੀ ਵੈੱਬਸਾਈਟਾਂ ’ਤੇ ਪ੍ਰਕਾਸ਼ਿਤ ਕੀਤਾ ਜਾਵੇਗਾ।