ਪਾਲ ਸਿੰਘ ਨੌਲੀ
ਜਲੰਧਰ, 16 ਅਗਸਤ
ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ 74ਵੇਂ ਸੁਤੰਤਰਤਾ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਲੋਕਾਂ ਤੇ ਖ਼ਾਸ ਕਰਕੇ ਨੌਜਵਾਨਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਇਨ੍ਹਾਂ ਆਰਡੀਨੈਂਸਾਂ ਨੂੰ ਵਾਪਿਸ ਲੈਣ ਲਈ ਇਕੱਠੇ ਹੋ ਕੇ ਸਾਂਝੀ ਲੜਾਈ ਲੜੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ, ਕਿਸਾਨ ਤੇ ਮਜ਼ਦੂਰ ਇੱਕਜੁੱਟ ਨਾ ਹੋਏ ਤਾਂ ਘੱਟੋ-ਘੱਟ ਸਮਰਥਨ ਮੁੱਲ ਖ਼ਤਮ ਹੋ ਜਾਵੇਗਾ। ਇਸ ਮੌਕੇ ਸ੍ਰੀ ਰੰਧਾਵਾ ਨੇ ਕਿਹਾ ਕਿ ਦੋਆਬੇ ਨੇ ਸਭ ਤੋਂ ਵੱਧ ਆਜ਼ਾਦੀ ਘੁਲਾਟੀਏ ਪੈਦਾ ਕੀਤੇ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਅਤੇ ਗਦਰ ਲਹਿਰ ਅਤੇ ਬੱਬਰ ਅਕਾਲੀ ਲਹਿਰ ਦੇ ਯੋਧੇ ਇਸੇ ਧਰਤੀ ਨੇ ਪੈਦਾ ਕੀਤੇ ਸਨ। ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ ਵਾਸੀਆਂ ਨੂੰ ਵਿਕਾਸ ਪ੍ਰਾਜੈਕਟਾਂ ਦੇ ਵੱਡੇ ਤੋਹਫ਼ੇ ਦਿੰਦਿਆਂ ਲਗਭਗ 152 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਿਤ ਕੀਤੇ ਗਏ ਬੁਨਿਆਦੀ ਢਾਂਚੇ ਤਹਿਤ ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ।
ਤਰਨ ਤਾਰਨ (ਗੁਰਬਖਸ਼ਪੁਰੀ): ਇੱਥੇ ਕੀਤੇ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਮੁੱਖ ਮਹਿਮਾਨ ਵਜੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪੁਲੀਸ ਜਵਾਨਾਂ ਵਲੋਂ ਸਤਿਕਾਰ ਵਜੋਂ ਸਲਾਮੀ ਭੇਟ ਕੀਤੀ। ਸਮਾਗਮ ਵਿੱਚ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ (ਡਿੰਪਾ), ਵਿਧਾਇਕ ਰਮਨਜੀਤ ਸਿੰਘ ਸਿੱਕੀ, ਹਰਮਿੰਦਰ ਸਿੰਘ ਗਿੱਲ, ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਐੱਸਐੱਸਪੀ ਧਰੂਮਨ ਐੱਚ ਨਿੰਬਲੇ, ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ ਤੋਂ ਇਲਾਵਾ ਹੋਰ ਪਤਵੰਤਿਆਂ ਸ਼ਮੂਲੀਅਤ ਕੀਤੀ। ਮੁੱਖ ਮਹਿਮਾਨ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਕੁਰਬਾਨੀਆਂ ਕਰਨ ਵਾਲੇ ਪਰਵਾਨਿਆਂ ਨੂੰ ਯਾਦ ਕੀਤਾ|
ਪਠਾਨਕੋਟ (ਐੱਨ ਪੀ ਧਵਨ): ਸਪੋਰਟਸ ਸਟੇਡੀਅਮ ਲਮੀਣੀ ਪਠਾਨਕੋਟ ਵਿੱਚ 74ਵਾਂ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਮੁੱਖ ਮਹਿਮਾਨ ਵਜੋਂ ਹਾਜ਼ਰ ਹੋ ਕੇ ਤਿਰੰਗਾ ਝੰਡਾ ਲਹਿਰਾਇਆ ਅਤੇ ਤਿਰੰਗੇ ਨੂੰ ਸਲਾਮੀ ਦਿੱਤੀ। ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਿਆਲਾ ਦੀ ਬਾਰ੍ਹਵੀਂ ਵਿੱਚੋਂ 99.3 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚੋਂ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਕਨਿਕਾ ਸ਼ਰਮਾ ਨੂੰ ਪੰਜਾਬ ਸਰਕਾਰ ਵੱਲੋਂ 5100 ਰੁਪਏ ਦੀ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਵੱਖ-ਵੱਖ ਵਿਭਾਗਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਮੁਲਾਜ਼ਮਾਂ ਨੂੰ ਵੀ ਸਨਮਾਨਿਤ ਕੀਤਾ।
ਨਵਾਂ ਸ਼ਹਿਰ (ਲਾਜਵੰਤ ਸਿੰਘ): ਦੇਸ਼ ਦੇ 74ਵੇਂ ਆਜ਼ਾਦੀ ਦਿਹਾੜੇ ਮੌਕੇ ਆਈ. ਟੀ. ਆਈ ਗਰਾਊਂਡ ਨਵਾਂਸ਼ਹਿਰ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਰੁਜ਼ਗਾਰ ਉਤਪਤੀ, ਸੈਰ-ਸਪਾਟਾ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਸਮਾਗਮ ਵਿੱਚ ਵਿਧਾਇਕ ਅੰਗਦ ਸਿੰਘ, ਵਿਧਾਇਕ ਬਲਾਚੌਰ ਦਰਸ਼ਨ ਲਾਲ ਮੰਗੂਪੁਰ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ ਅਤੇ ਹੋਰਨਾਂ ਸ਼ਖਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਮਹਿਮਾਨ ਨੇ ਕਰੋਨਾ ਖਿਲਾਫ਼ ਲੜਨ ਵਾਲੇ ਯੋਧਿਆਂ ਤੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਪੁਲੀਸ ਲਾਈਨ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਹੋਇਆ। ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕੌਮੀ ਝੰਡਾ ਲਹਿਰਾਇਆ। ਸ੍ਰੀ ਅਰੋੜਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਿਆਣ, ਚੱਬੇਵਾਲ ਨੂੰ ਸਮਾਰਟ ਸਕੂਲ ਐਲਾਨਿਆ। ਸ੍ਰੀ ਅਰੋੜਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ 325 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਮੈਡੀਕਲ ਕਾਲਜ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ 151 ਕਰੋੜ ਰੁਪਏ ਦੀ ਲਾਗਤ ਨਾਲ 7 ਹੋਰ ਅਹਿਮ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 25 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਬਜਵਾੜਾ ਵਿੱਚ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵੀ ਖੁੱਲ੍ਹਣ ਜਾ ਰਿਹਾ ਹੈ।
ਖਟਕੜ ਕਲਾਂ ਸਮੇਤ ਸੱਤ ਸਥਾਨਾਂ ’ਤੇ ਬਣਨਗੇ ਸੈਲਾਨੀ ਕੇਂਦਰ
ਬੰਗਾ (ਸੁਰਜੀਤ ਮਜਾਰੀ): ਪੰਜਾਬ ਦੇ ਕੈਬਨਿਟ ਵਜ਼ੀਰ ਚਰਨਜੀਤ ਸਿੰਘ ਚੰਨੀ ਨੇ 74ਵੇਂ ਆਜ਼ਾਦੀ ਦਿਹਾੜੇ ਮੌਕੇ ਖਟਕੜ ਕਲਾਂ ਵਿੱਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਯਾਦਗਾਰ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਉਨ੍ਹਾਂ ਉੱਥੇ 3.78 ਕਰੋੜ ਰੁਪਏ ਦੀ ਲਾਗਤ ਵਾਲੇ ਨਵੇਂ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਜਿਸ ਤਹਿਤ ਯਾਦਗਾਰ ਵਿਖੇ ਇਕ ਸੈਲਾਨੀ ਸੁਵਿਧਾ ਸੈਂਟਰ ਬਣਾਇਆ ਜਾਵੇਗਾ। ਸ੍ਰੀ ਚੰਨੀ ਨੇ ਦੱਸਿਆ ਕਿ ਸੈਰ-ਸਪਾਟਾ ਵਿਭਾਗ ਵੱਲੋਂ ਪੰਜਾਬ ਦੇ ਸੱਤ ਸ਼ਹਿਰਾਂ ਵਿਚਲੇ ਮਹੱਤਵਪੂਰਨ ਸਥਾਨਾਂ ਨੂੰ 91.55 ਕਰੋੜ ਦੀ ਲਾਗਤ ਨਾਲ ਸੈਲਾਨੀ ਕੇਂਦਰਾਂ ਵਜੋਂ ਵਿਕਸਤ ਕਰ ਕੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਸ੍ਰੀ ਅਨੰਦਪੁਰ ਸਾਹਿਬ, ਫ਼ਤਹਿਗੜ੍ਹ ਸਾਹਿਬ, ਚਮਕੌਰ ਸਾਹਿਬ, ਫ਼ਿਰੋਜ਼ਪੁਰ, ਖਟਕੜ ਕਲਾਂ, ਕਲਾਨੌਰ ਅਤੇ ਪਟਿਆਲਾ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਖਟਕੜ ਕਲਾਂ ਵਿੱਚ ਕਰੀਬ 7 ਕਰੋੜ ਰੁਪਏ ਦੇ ਕਾਰਜ ਕਰਵਾਏ ਜਾਣਗੇ, ਜਿਸ ਵਿੱਚੋਂ 3.78 ਕਰੋੜ ਰੁਪਏ ਅਲਾਟ ਹੋ ਚੁੱਕੇ ਹਨ।
ਅਕਾਲੀ ਦਲ (ਮਾਨ) ਦੇ ਆਗੂਆਂ ਨੇ ਘਰਾਂ ’ਤੇ ਕਾਲੇ ਝੰਡੇ ਲਹਿਰਾਏ
ਮੁਕੇਰੀਆਂ (ਜਗਜੀਤ ਸਿੰਘ): ਆਜ਼ਾਦੀ ਦਿਹਾੜੇ ਮੌਕੇ ਸਿੱਖਾਂ ਲਈ ਪੂਰਨ ਆਜ਼ਾਦੀ ਦੀ ਮੰਗ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਕਾਰਕੁਨਾਂ ਵੱਲੋਂ ਆਪਣੇ ਘਰਾਂ ’ਤੇ ਕਾਲੇ ਝੰਡੇ ਲਗਾ ਕੇ ਰੋਸ ਪ੍ਰਗਟਾਇਆ ਗਿਆ। ਪਾਰਟੀ ਦੇ ਹਲਕਾ ਇੰਚਾਰਜ ਜਥੇਦਾਰ ਗੁਰਵਤਨ ਸਿੰਘ ਨੇ ਦੱਸਿਆ ਕਿ ਦੇਸ਼ ਆਜ਼ਾਦ ਹੋਣ ਦੇ ਬਾਵਜੂਦ ਸਿੱਖਾਂ ਤੇ ਘੱਟ ਗਿਣਤੀਆਂ ਨੂੰ ਆਜ਼ਾਦੀ ਹਾਸਲ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਦੇਸ਼ ਅੰਦਰ ਬਹੁ ਗਿਣਤੀ ਭਾਈਚਾਰਿਆਂ ਵਲੋਂ ਘੱਟ ਗਿਣਤੀਆਂ ’ਤੇ ਤਸ਼ੱਦਦ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਉਨ੍ਹਾਂ ਨੂੰ ਰੋਕਣ ਲਈ ਸਰਕਾਰਾਂ ਵੱਲੋਂ ਪੱਖਪਾਤੀ ਰਵੱਈਆ ਅਖਤਿਆਰ ਕੀਤਾ ਜਾ ਰਿਹਾ ਹੈ।