ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 20 ਅਪਰੈਲ
ਦਿੱਲੀ- ਕੱਟੜਾ ਐਕਸਪ੍ਰੈਸ ਵੇਅ ਸੰਘਰਸ਼ ਕਮੇਟੀ ਵੱਲੋਂ ਪਿਛਲੇ ਤਕਰੀਬਨ ਚਾਰ ਮਹੀਨਿਆਂ ਤੋਂ ਨੇੜਲੇ ਪਿੰਡ ਰੋਸ਼ਨਵਾਲਾ ਵਿਖੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਤੇ ਅਣਮਿੱਥੇ ਸਮੇਂ ਲਈ ਧਰਨਾ ਲਗਾਤਾਰ ਜਾਰੀ ਹੈ। ਧਰਨੇ ਦੌਰਾਨ ਅੱਜ ਸੰਘਰਸ਼ ਕਮੇਟੀ ਦੇ ਬਲਾਕ ਪ੍ਰਧਾਨ ਗੁਰਨੈਬ ਸਿੰਘ ਫੱਗੂਵਾਲਾ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ ਜਿਸ ਵਿਚ ਫੈਸਲਾ ਲਿਆ ਗਿਆ ਕਿ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਧਰਨਾ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ। ਇਸ ਮੌਕੇ ਬਲਾਕ ਪ੍ਰਧਾਨ ਫੱਗੂਵਾਲਾ ਨੇ ਦੱਸਿਆ ਕਿ 30 ਅਪਰੈਲ ਨੂੰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿਖੇ ਟਰੈਕਟਰ ਮਾਰਚ ਕੱਢਿਆ ਜਾਵੇਗਾ, ਜਿਸ ਵਿੱਚ ਪੂਰੇ ਪੰਜਾਬ ਵਿੱਚੋਂ ਵੱਡੀ ਗਿਣਤੀ ਵਿੱਚ ਟਰੈਕਟਰ ਪਹੁੰਚਣਗੇ। ਇਸ ਮੌਕੇ ਸੰਘਰਸ਼ ਕਮੇਟੀ ਦੇ ਆਗੂ ਹਰਕਿਸ਼ਨ ਸਿੰਘ ਚੇਅਰਮੈਨ, ਅਮਰੀਕ ਸਿੰਘ ਬਾਸੀਅਰਖ, ਕਾਲਾ ਸਿੰਘ ਕਪਿਆਲ, ਸੀਰਾ ਸਿੰਘ ਕਪਿਆਲ, ਹਰਜੀਤ ਸਿੰਘ ਸਰਪੰਚ ਸਮੇਤ ਧਰਨੇ ਤੇ ਬੈਠੇ ਕਿਸਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।