ਜਸਵੰਤ ਜੱਸ
ਫ਼ਰੀਦਕੋਟ, 12 ਅਗਸਤ
ਇੱਥੋਂ ਦੀ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਮੈਡੀਕਲ ਸਾਇੰਸਿਜ਼ ਵਿੱਚ ਪੰਜਾਬ ਦੇ ਗਵਰਨਰ ਦੀ ਫੇਰੀ ਤੋਂ ਇੱਕ ਦਿਨ ਪਹਿਲਾਂ ਬੇਨਿਯਮੀਆਂ ਅਤੇ ਗੈਰਕਾਨੂੰਨੀ ਢੰਗ ਨਾਲ ਹੋਈਆਂ ਨਿਯੁਕਤੀਆਂ ਦਾ ਮੁੱਦਾ ਉੱਠਿਆ ਜਿਸ ਕਾਰਨ ’ਵਰਸਿਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਸਾਰਾ ਦਿਨ ਇਸ ਧਰਨੇ ਨੂੰ ਚੁਕਵਾਉਣ ਲਈ ਸਰਗਰਮ ਰਹੇ। ਯੂਨੀਵਰਸਿਟੀ ਅਧੀਨ ਚੱਲਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੀ ਹਾਲਤ ਕਾਫ਼ੀ ਤਰਸਯੋਗ ਹੈ ਅਤੇ ਇਹ ਮਾਮਲਾ ਕੁਝ ਮਹੀਨੇ ਪਹਿਲਾਂ ਸ਼ਹਿਰ ਦੀਆਂ ਸਮਾਜ ਸੇਵੀ ਜਥੇਬੰਦੀਆਂ ਨੇ ਚੁੱਕਿਆ ਸੀ ਅਤੇ ਉਸ ਸਮੇਂ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓ.ਪੀ. ਸੋਨੀ ਨੇ ਮਾੜੇ ਪ੍ਰਬੰਧਾਂ ਦੇ ਸੁਧਾਰ ਲਈ 15 ਮੈਂਬਰੀ ਕਮੇਟੀ ਬਣਾਈ ਸੀ। ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਚੰਦਬਾਜਾ, ਮਨਪ੍ਰੀਤ ਸਿੰਘ ਧਾਲੀਵਾਲ, ਜਗਮੀਤ ਸਿੰਘ ਸੁੱਖਣਵਾਲਾ, ਮੱਘਰ ਸਿੰਘ, ਸੁਖਪਾਲ ਸਿੰਘ, ਬਖਤੌਰ ਸਿੰਘ ਸਾਦਿਕ ਅਤੇ ਦਿਲਬਾਗ ਸਿੰਘ ਭੱਟੀ ਨੇ ਕਿਹਾ ਕਿ 15 ਮੈਂਬਰੀ ਕਮੇਟੀ ਬਣਨ ਦੇ ਬਾਵਜੂਦ ਸਿਹਤ ਸਹੂਲਤਾਂ ਵਿੱਚ ਕੋਈ ਸੁਧਾਰ ਨਹੀਂ ਹੋਇਆ ਅਤੇ ਨਾ ਹੀ ਗਲਤ ਤਰੀਕੇ ਨਾਲ ਕੀਤੀਆਂ ਨਿਯੁਕਤੀਆਂ ਸਬੰਧੀ ਨਿਰਪੱਖ ਪੜਤਾਲ ਕੀਤੀ ਗਈ ਜਿਸ ਕਾਰਨ ਉਨ੍ਹਾਂ ਨੂੰ ਮਜਬੂਰਨ ਦੁਬਾਰਾ ਧਰਨੇ ’ਤੇ ਬੈਠਣਾ ਪਿਆ। ਮੈਡੀਕਲ ਸੁਧਾਰ ਕਮੇਟੀ ਦੇ ਮੈਂਬਰ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅੱਜ ਦਾ ਧਰਨਾ ਸੰਕੇਤਕ ਸੀ ਅਤੇ ਜੇ ਫਿਰ ਵੀ ਪ੍ਰਸ਼ਾਸਨ ਨੇ ਕਾਰਵਾਈ ਨਾ ਕੀਤੀ ਤਾਂ ’ਵਰਸਿਟੀ ਸਾਹਮਣੇ ਪੱਕਾ ਮੋਰਚਾ ਲਾਇਆ ਜਾਵੇਗਾ।
ਪ੍ਰਸ਼ਾਸਨ ਦੇ ਭਰੋਸੇ ਮਗਰੋਂ ਧਰਨਾ ਚੁੱਕਿਆ
ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵੀਸੀ ਡਾ. ਰਾਜ ਬਹਾਦਰ ਅਤੇ ਡੀਸੀ ਵਿਮਲ ਕੁਮਾਰ ਸੇਤੀਆ ਨੇ ਇਸ ਸਬੰਧੀ ਸੰਸਥਾਵਾਂ ਦੇ ਮੁਖੀਆਂ ਨਾਲ ਮੀਟਿੰਗ ਤੋਂ ਬਾਅਦ ਭਰੋਸਾ ਦਿੱਤਾ ਕਿ ਮੈਡੀਕਲ ਕਾਲਜ ਦੇ ਪ੍ਰਬੰਧਾਂ ਨੂੰ ਸੁਧਾਰਨ ਲਈ ਪ੍ਰਸ਼ਾਸਨ ਹਰ ਸੰਭਵ ਕੋਸ਼ਿਸ਼ ਕਰੇਗਾ ਤੇ ਨਿਯੁਕਤੀਆਂ ਦੀ ਨਿਰਪੱਖ ਜਾਂਚ ਹੋਵੇਗੀ। ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਰੋਸ ਧਰਨਾ ਚੁੱਕ ਲਿਆ ਗਿਆ।