ਪੱਤਰ ਪ੍ਰੇਰਕ
ਚੰਡੀਗੜ੍ਹ, 9 ਨਵੰਬਰ
ਪੈਨਸ਼ਨਰਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸਰਕਾਰ ਉਤੇ ਦਬਾਅ ਬਣਾਉਣ ਲਈ ਪੰਜਾਬ ਗੌਰਮਿੰਟ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ਉਤੇ ਅੱਜ ਪੈਨਸ਼ਨਰਾਂ ਵੱਲੋਂ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰੀ ਰੋਸ ਰੈਲੀਆਂ ਕੀਤੀਆਂ ਗਈਆਂ। ਇਕੱਤਰ ਹੋਏ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਨੋਟੀਫਿਕੇਸ਼ਨ ਜਾਰੀ ਕਰਨ ਦੇ ਮਾਮਲੇ ਵਿੱਚ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਨਿਖੇੜ ਕੇ ਵੰਡੀਆਂ ਪਾ ਰਹੀ ਹੈ। ਪੈਨਸ਼ਨਰਜ਼ ਫਰੰਟ ਦੇ ਕੋਆਰਡੀਨੇਟਰ ਕਰਮ ਸਿੰਘ ਧਨੋਆ, ਕਨਵੀਨਰ ਠਾਕੁਰ ਸਿੰਘ, ਹਰਬੰਸ ਸਿੰਘ ਰਿਆੜ, ਪ੍ਰੇਮ ਸਾਗਰ ਸ਼ਰਮਾ, ਗੁਰਮੇਲ ਸਿੰਘ ਸਿੱਧੂ, ਜਗਦੀਸ਼ ਸਿੰਘ ਸਰਾਓ, ਹਰਮਿੰਦਰ ਸਿੰਘ ਸੈਣੀ ਨੇ ਕਿਹਾ ਕਿ ਪੈਨਸ਼ਨਰ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰਦੇ ਆ ਰਹੇ ਹਨ। ਸਰਕਾਰ ਆਪਣੇ ਹੀ ਬਣਾਏ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਮੁਤਾਬਕ ਪੈਨਸ਼ਨਾਂ ਵਿੱਚ ਸੋਧਾਂ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ 1 ਜਨਵਰੀ 2016 ਨੂੰ ਮਹਿੰਗਾਈ ਭੱਤਾ 125 ਪ੍ਰਤੀਸ਼ਤ ਬਣਦਾ ਹੈ ਪ੍ਰੰਤੂ ਸਰਕਾਰ 113 ਫੀਸਦੀ ਹੀ ਦੇ ਕੇ ਹੀ ਬੁੱਤਾ ਸਾਰ ਰਹੀ ਹੈ ਅਤੇ 12 ਪ੍ਰਤੀਸ਼ਤ ਗਾਇਬ ਹੀ ਕਰ ਦਿੱਤਾ।
ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਬਠਿੰਡੇ ਵਿੱਚ ਘੇਰਨਗੇ ਮੁਲਾਜ਼ਮ
ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਨੇ ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵਲੋਂ ਬਠਿੰਡਾ ਵਿਚ ਕੀਤੀ ਜਾ ਰਹੀ ਰੋਸ ਰੈਲੀ ਵਿੱਚ ਅਧਿਆਪਕਾਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਵਾਉਣ ਦਾ ਐਲਾਨ ਕੀਤਾ ਹੈ। ਫਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਮੁਲਾਜ਼ਮ-ਪੈਨਸ਼ਨਰ ਮੰਗਾਂ ਵਿੱਚ ਅੜਿੱਕਾ ਬਣੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਲੋਕ ਤਾਕਤ ਦਾ ਅਹਿਸਾਸ ਕਰਵਾਉਣ ਦਾ ਫ਼ੈਸਲਾ ਕੀਤਾ ਹੈ।