ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਅਕਤੂਬਰ
ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਵਿੱਚ ਲਿਆਂਦੇ ਭਰੋਸਗੀ ਮਤੇ ਖ਼ਿਲਾਫ਼ ਭਾਜਪਾ ਨੇ ਅੱਜ ਇੱਥੋਂ ਦੇ ਸੈਕਟਰ-37 ਸਥਿਤ ਭਾਜਪਾ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਸੈਸ਼ਨ ਸਬੰਧੀ ਨਾ ਸਿਰਫ਼ ਰਾਜਪਾਲ ਨੂੰ ਝੂਠ ਬੋਲਿਆ ਹੈ, ਬਲਕਿ ਉਹ ਪੰਜਾਬ ਵਿੱਚ ਸਰਕਾਰ ਚਲਾਉਣ ’ਚ ਬੁਰੀ ਤਰ੍ਹਾਂ ਅਸਫ਼ਲ ਸਾਬਤ ਹੋਏ ਹਨ। ਭਾਜਪਾ ਆਗੂ ਨੇ ਭਗਵੰਤ ਮਾਨ ’ਤੇ ਦੋਸ਼ ਲਾਇਆ ਕਿ ਬਿਜਲੀ, ਜੀਐੱਸਟੀ ਅਤੇ ਪਰਾਲੀ ਸਾੜਨ ਵਰਗੇ ਮੁੱਦਿਆਂ ਨੂੰ ਸੂਚੀਬੱਧ ਕਰ ਕੇ ਸੱਦੇ ਵਿਸ਼ੇਸ਼ ਇਜਲਾਸ ’ਚ ਪਿਛਲੇ ਦਰਵਾਜ਼ੇ ਰਾਹੀਂ ਲਿਆਂਦੇ ਭਰੋਸਗੀ ਮਤੇ ਨਾਲ ਜਿੱਥੇ ਸੰਵਿਧਾਨ ਦੀ ਉਲੰਘਣਾ ਕੀਤੀ ਗਈ ਹੈ, ਉਥੇ ਹੀ ਪੰਜਾਬ ਦੇ ਲੋਕਾਂ ਨਾਲ ਵੀ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ 92 ਵਿਧਾਇਕਾਂ ਵਾਲੀ ਪੰਜਾਬ ਸਰਕਾਰ ਲਈ ਭਰੋਸੇ ਦਾ ਵੋਟ ਲਿਆਉਣ ਦੀ ਕੋਈ ਲੋੜ ਨਹੀਂ ਸੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਅਤੇ ਕੇਜਰੀਵਾਲ ਨੂੰ ਆਪਣੇ ਵਿਧਾਇਕਾਂ ’ਤੇ ਭਰੋਸਾ ਨਹੀਂ ਹੈ। ਇਸ ਲਈ ਇਹ ਮਤਾ ਲਿਆਂਦਾ ਗਿਆ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ 6 ਮਹੀਨਿਆਂ ’ਤੋਂ ਸੂਬੇ ਨੂੰ ਰਾਮ ਭਰੋਸੇ ਛੱਡ ਕੇ ਵਿਦੇਸ਼ਾਂ ਅਤੇ ਦੇਸ਼ ਦੇ ਹੋਰਨਾਂ ਸੂਬਿਆਂ ਦੀ ਸੈਰ ਕਾਰਨ ਪੰਜਾਬ ’ਚ ਕਾਨੂੰਨ ਵਿਵਸਥਾ ਦੀ ਹਾਲਤ ਬਦਤਰ ਹੋ ਚੁੱਕੀ ਹੈ। ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਪੰਜਾਬ ਸਰਕਾਰ ’ਤੇ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਸਬੰਧੀ ਵਾਅਦਾ ਪੂਰਾ ਨਾ ਕਰਨ ਦਾ ਦੋਸ਼ ਲਾਇਆ। ਇਸ ਮੌਕੇ ਕਮਲਦੀਪ ਸਿੰਘ ਸੈਣੀ, ਸੁਖਵਿੰਦਰ ਸਿੰਘ ਗੋਲਡੀ, ਸੰਜੀਵ ਖੰਨਾ ਤੇ ਖੁਸ਼ਵੰਤ ਗੀਗਾ ਆਦਿ ਨੇ ਵੀ ਸੰਬੋਧਨ ਕੀਤਾ।