ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ’ਚ ਸਰਕਾਰ ਖ਼ਿਲਾਫ਼ ਰੋਸ
ਆਮ ਆਦਮੀ ਪਾਰਟੀ ਦੇ ਮੁਲਾਜ਼ਮ ਵਿੰਗ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਦੀਵਾਲੀ ਤੋਂ ਪਹਿਲਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ। ਮੁਲਾਜ਼ਮ ਆਗੂਆਂ ਸੂਬਾ ਜਨਰਲ ਸਕੱਤਰ ਹਰਮਿੰਦਰ ਸਿੰਘ ਬਰਾੜ, ਮੀਤ ਪ੍ਰਧਾਨ ਗੁਰਮੇਲ ਸਿੰਘ ਸਿੱਧੂ, ਜੁਆਇੰਟ ਸਕੱਤਰ ਬਚਿੱਤਰ ਸਿੰਘ ਤੇ ਖੁਸ਼ਿਵੰਦਰ ਕਪਿਲਾ, ਨਰਿੰਦਰ ਗੋਇਲ ਜ਼ਿਲ੍ਹਾ ਪ੍ਰਧਾਨ ਪਟਿਆਲਾ, ਜ਼ਿਲ੍ਹਾ ਪ੍ਰਧਾਨ ਮੁਹਾਲੀ ਰਣਜੀਤ ਸਿੰਘ ਢਿੱਲੋਂ, ਸਕੱਤਰ ਅਪਨਿੰਦਰ ਸਿੰਘ ਘੜੂੰਆਂ, ਪੈਨਸ਼ਨਰ ਆਗੂ ਹਰਪਾਲ ਸਿੰਘ ਖਾਲਸਾ, ਮੁੱਖ ਸਲਾਹਕਾਰ ਦਰਸ਼ਨ ਸਿੰਘ ਪਤਲੀ ਤੇ ਜ਼ਿਲ੍ਹਾ ਪ੍ਰਧਾਨ ਮਾਨਸਾ ਗੁਰਦਰਸ਼ਨ ਸਿੰਘ ਪਟਵਾਰੀ ਨੇ ਕਿਹਾ ਕਿ ਡੀ ਏ ਦਾ 16 ਪ੍ਰਤੀਸ਼ਤ ਦਾ ਬਕਾਇਆ ਜਾਰੀ ਨਾ ਹੋਣ ਕਾਰਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿੱਚ ਸਰਕਾਰ ਖ਼ਿਲਾਫ਼ ਰੋਸ ਵੱਧ ਰਿਹਾ ਹੈ ਅਤੇ ਦੀਵਾਲੀ ਮੌਕੇ ਮੁਲਜ਼ਮ ਨਿਰਾਸ਼ ਬੈਠੇ ਹਨ। ਹੈਰਾਨੀ ਹੈ ਕਿ ਸਰਕਾਰ ਬਣਾਉਣ ਵਾਲੇ ਇਹ ਦੋਵੇਂ ਵਰਗ ਮਹਿਜ਼ 42 ਪ੍ਰਤੀਸ਼ਤ ਮਹਿੰਗਾਈ ਭੱਤੇ ਉੱਤੇ ਹੀ ਹਨ, ਜਦਕਿ ਆਈ ਏ ਐੱਸ ਅਤੇ ਆਈ ਪੀ ਐੱਸ ਅਧਿਕਾਰੀ 58 ਪ੍ਰਤੀਸ਼ਤ ਭੱਤਾ ਲੈ ਰਹੇ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਵੱਡਾ ਯੋਗਦਾਨ ਪਾਉਣ ਵਾਲੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਰਕਾਰੀ ਪ੍ਰਤੀ ਰੋਸ ਤੁਰੰਤ ਦੂਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਮੰਗ ਕੀਤੀ ਕਿ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਦੀਵਾਲੀ ਤੋਂ ਪਹਿਲਾਂ ਤੁਰੰਤ ਜਾਰੀ ਕੀਤੀਆਂ ਜਾਣ। ਇਸ ਤੋਂ ਇਲਾਵਾ ਮੁਲਾਜ਼ਮਾਂ ਦੀਆਂ ਹੋਰ ਜਾਇਜ਼ ਮੰਗਾਂ ਉੱਤੇ ਵੀ ਹਮਦਰਦੀ ਨਾਲ ਵਿਚਾਰ ਕਰਨੀ ਚਾਹੀਦੀ ਹੈ।