ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਸਤੰਬਰ
ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਅਤੇ ਵੱਧ ਰਹੀ ਬੇਰੁਜ਼ਗਾਰੀ ਤੋਂ ਖਫ਼ਾ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ (ਐੱਨਐੱਸਯੂਆਈ) ਦੇ ਆਗੂਆਂ ਨੇ ਅੱਜ ਜਥੇਬੰਦੀ ਦੇ ਸੂਬਾ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਸੈਕਟਰ-15 ਸਥਿਤ ਕਾਂਗਰਸ ਭਵਨ ’ਚ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ।
ਇਸ ਦੌਰਾਨ ਜਥੇਬੰਦੀ ਦੇ ਕਾਰਕੁਨਾਂ ਨੇ ਕਾਂਗਰਸ ਭਵਨ ਦੇ ਗੇਟ ਅੱਗੇ ਅਰਥੀ ਰੱਖ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ’ਚ ਅਮਨ ਤੇ ਕਾਨੂੰਨ ਦੀ ਸਥਿਤੀ ਬਹਾਲ ਕਰਨ ਦਾ ਵਾਅਦਾ ਕੀਤਾ ਸੀ ਪਰ ਹਕੀਕਤ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਲਾਪਰਵਾਹੀ ਕਾਰਨ ਕਾਂਗਰਸੀ ਆਗੂ ਤੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਹੈ ਤੇ ਇਸ ਮਾਮਲੇ ’ਚ ਪੁਲੀਸ ਹਾਲੇ ਤੱਕ ਅਸਲ ਕਾਤਲਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ। ਇਸੇ ਤਰ੍ਹਾਂ ਸੂਬੇ ਵਿੱਚ ਅਪਰਾਧਕ ਘਟਨਾਵਾਂ ’ਚ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਹਿਲੀ ਕੈਬਨਿਟ ਮੀਟਿੰਗ ’ਚ ਰੁਜ਼ਗਾਰ ਦੇਣ ਦਾ ਵਾਅਦਾ ਕਰਨ ਵਾਲੇ ਮੁੱਖ ਮੰਤਰੀ ਨੌਜਵਾਨਾਂ ’ਤੇ ਡਾਂਗਾਂ ਵਰ੍ਹਾ ਰਹੇ ਹਨ। ਜਾਣਕਾਰੀ ਅਨੁਸਾਰ ਰੋਸ ਮੁਜ਼ਾਹਰੇ ਮਗਰੋਂ ਜਥੇਬੰਦੀ ਦੇ ਕਾਰਕੁਨਾਂ ਨੇ ਜਦੋਂ ਕਾਂਗਰਸ ਭਵਨ ਤੋਂ ਮਾਰਚ ਕਰਦਿਆਂ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਦੇ ਘਿਰਾਓ ਲਈ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਚੰਡੀਗੜ੍ਹ ਪੁਲੀਸ ਨੇ ਉਨ੍ਹਾਂ ਨੂੰ ਕਾਂਗਰਸ ਭਵਨ ਦੇ ਬਾਹਰ ਹੀ ਰੋਕ ਲਿਆ। ਇਸ ਦੌਰਾਨ ਪੁਲੀਸ ਨੇ ਉਨ੍ਹਾਂ ’ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਅੱਗੇ ਵਧਣ ’ਤੇ ਕੁਝ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਕਾਂਗਰਸੀ ਕਾਰਕੁਨਾਂ ਦੇ ਮੁਜ਼ਾਹਰੇ ਦੌਰਾਨ ਪੁਲੀਸ ਤੇ ਆਗੂਆਂ ਵਿਚਾਲੇ ਖਿੱਚ-ਧੂਹ ਹੋਣ ਦਾ ਵੀ ਸਮਾਚਾਰ ਹੈ।