ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਮੁਜ਼ਾਹਰਾ
ਕੁਲਦੀਪ ਸਿੰਘ
ਚੰਡੀਗੜ੍ਹ, 30 ਜੂਨ
ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (25/11) ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਅੱਜ ਇੱਥੇ ਸੈਕਟਰ 17 ਸਥਿਤ ਟਰਾਂਸਪੋਰਟ ਡਾਇਰੈਕਟਰ ਦਫ਼ਤਰ ਅੱਗੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਗਿਆ। ਧਰਨੇ ਵਿੱਚ ਸ਼ਾਮਲ ਕੱਚੇ ਮੁਲਾਜ਼ਮਾਂ ਨੇ ਸੂਬਾ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਮੰਗਾਂ ਲਾਗੂ ਕਰਵਾਉਣ ਦੀ ਮੰਗ ਰੱਖੀ।
ਯੂਨੀਅਨ ਦੇ ਸਰਪ੍ਰਸਤ ਕਮਲ ਕੁਮਾਰ, ਚੇਅਰਮੈਨ ਬਲਵਿੰਦਰ ਸਿੰਘ ਰਾਠ, ਪ੍ਰਧਾਨ ਰੇਸ਼ਮ ਸਿੰਘ ਗਿੱਲ, ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਅਤੇ ਦਫ਼ਤਰੀ ਸਕੱਤਰ ਰੋਹੀ ਰਾਮ ਨੇ ਦੱਸਿਆ ਕਿ ‘ਆਪ’ ਸਰਕਾਰ ਅਤੇ ਮੈਨੇਜਮੈਂਟ ਨਾਲ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕਰਨ ਉਪਰੰਤ ਲਿਖਤੀ ਸਮਾਂ ਦੇਣ ਦੇ ਬਾਵਜੂਦ ਵੀ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਪਹਿਲਾਂ ਤਾਂ ਟਰਾਂਸਪੋਰਟ ਮੰਤਰੀ ਵੱਲੋਂ 9 ਫ਼ਰਵਰੀ 2024 ਨੂੰ ਕਮੇਟੀ ਗਠਿਤ ਕੀਤੀ ਗਈ ਸੀ। ਉਸ ਕਮੇਟੀ ਨੂੰ ਦੋ ਮਹੀਨੇ ਵਿੱਚ ਮੰਗਾਂ ਦਾ ਨਿਪਟਾਰਾ ਕਰਨ ਦੇ ਹੁਕਮ ਦਿੱਤੇ ਗਏ ਸਨ। ਫਿਰ ਜਥੇਬੰਦੀ ਵੱਲੋਂ 1 ਜੁਲਾਈ 2024 ਨੂੰ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ ਹੋਈ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਹੀਨੇ ਵਿੱਚ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਇਸ ਦੇ ਬਾਵਜੂਦ ਸਰਕਾਰ ਠੇਕੇਦਾਰੀ ਸਿਸਟਮ ਤਹਿਤ ਭਰਤੀ ’ਤੇ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾ ਕੇ ਵਿਭਾਗ ਦੇ ਨਿੱਜੀਕਰਨ ਵੱਲ ਚੱਲ ਪਈ ਹੈ। ਮੁਲਾਜ਼ਮਾਂ ਨੂੰ ਵਾਰ-ਵਾਰ ਲਾਰੇ ਲਗਾ ਕੇ ਉਨ੍ਹਾਂ ਦਾ ਸ਼ੋਸਣ ਕੀਤਾ ਜਾ ਰਿਹਾ ਹੈ। ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਕਿਹਾ ਕਿ ਜੇ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ 9 ਜੁਲਾਈ ਤੋਂ ਪੰਜਾਬ ਭਰ ਵਿੱਚ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਅਤੇ 10 ਜੁਲਾਈ ਤੋਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪੱਕਾ ਧਰਨਾ ਦਿੱਤਾ ਜਾਵੇਗਾ।
ਚੰਡੀਗੜ੍ਹ ਪੁਲੀਸ ਵੱਲੋਂ ਧਰਨਾਕਾਰੀਆਂ ਦੀ ਖਿੱਚ-ਧੂਹ
ਕੱਚੇ ਬੱਸ ਕਾਮਿਆਂ ਨੇ ਡਾਇਰੈਕਟਰ ਟਰਾਂਸਪੋਰਟ ਦਫ਼ਤਰ ਅੱਗੇ ਜਿਉਂ ਹੀ ਧਰਨਾ ਸ਼ੁਰੂ ਕੀਤਾ ਤਾਂ ਮੌਕੇ ’ਤੇ ਪਹੁੰਚੇ ਚੰਡੀਗੜ੍ਹ ਪੁਲੀਸ ਦੇ ਮੁਲਾਜ਼ਮਾਂ ਨੇ ਧਰਨਾਕਾਰੀਆਂ ਨਾਲ ਖਿੱਚਧੂਹ ਕੀਤੀ ਅਤੇ ਜ਼ਬਰਦਸਤੀ ਉਨ੍ਹਾਂ ਨੂੰ ਖਦੇੜਨ ਦੀ ਕੋਸ਼ਿਸ਼ ਕੀਤੀ। ਰੋਹ ਵਿੱਚ ਆਏ ਬੱਸ ਕਾਮਿਆਂ ਨੇ ਖਰੜ ਅਤੇ ਜ਼ੀਰਕਪੁਰ ਵਿੱਚ ਬੱਸਾਂ ਰੁਕਵਾ ਕੇ ਰੋਸ ਦਾ ਪ੍ਰਗਟਾਵਾ ਕਰਵਾਇਆ ਅਤੇ ਸਰਕਾਰ ਦੇ ਕੰਨਾਂ ਤੱਕ ਅਵਾਜ਼ ਪਹੁੰਚਾਉਣ ਦੀ ਕੋਸ਼ਿਸ਼ ਕੀਤੀ।