ਪੱਤਰ ਪ੍ਰੇਰਕ
ਚੰਡੀਗੜ੍ਹ, 3 ਜੁਲਾਈ
ਕੇਂਦਰ ਵਿਚਲੀ ਮੋਦੀ ਸਰਕਾਰ ਵੱਲੋਂ ਕਿਰਤ ਕਾਨੂੰਨਾਂ ਵਿੱਚ ਕੀਤੇ ਜਾ ਰਹੇ ਬਦਲਾਅ ਤੇ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੇ ਵਿਰੋਧ ਵਿੱਚ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ਉਤੇ ਅੱਜ ਚੰਡੀਗੜ੍ਹ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ (ਇੰਟਕ) ਵੱਲੋਂ ਸੈਕਟਰ 17 ਸਥਿਤ ਨਗਰ ਨਿਗਮ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਏਡੀਸੀ ਸਚਿਨ ਰਾਣਾ ਨੂੰ ਮੰਗ ਪੱਤਰ ਸੌਂਪਿਆ। ਫੈਡਰੇਸ਼ਨ ਦੇ ਕਨਵੀਨਰ ਰਾਕੇਸ਼ ਕੁਮਾਰ, ਚੇਅਰਮੈਨ ਅਨਿਲ ਸ਼ਰਮਾ, ਪ੍ਰਧਾਨ ਚਰਨਜੀਤ ਸਿੰਘ ਢੀਂਡਸਾ, ਜਨਰਲ ਸਕੱਤਰ ਰਣਜੀਤ ਮਿਸ਼ਰਾ ਆਦਿ ਨੇ ਦੱਸਿਆ ਕਿ ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਕਿਰਤ ਕਾਨੂੰਨਾਂ ਨਾਲ ਕੀਤੀ ਜਾ ਰਹੀ ਛੇੜਛਾੜ ਨੂੰ ਤੁਰੰਤ ਰੋਕਿਆ ਜਾਵੇ ਅਤੇ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਨੂੰ ਬੰਦ ਕੀਤਾ ਜਾਵੇ। ਉਨ੍ਹਾਂ ਚੰਡੀਗੜ੍ਹ ਲੇਬਰ ਵਿਭਾਗ ਉਤੇ ਵੀ ਕਿਰਤੀਆਂ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਉਂਦਿਆਂ ਨਿਗਮ ਦੀ ਮੇਅਰ ਰਾਜ ਬਾਲਾ ਮਲਿਕ ਨੂੰ ਮੰਗ ਪੱਤਰ ਸੌਂਪਿਆ।