ਗੁਰਦੀਪ ਸਿੰਘ ਲਾਲੀ
ਸੰਗਰੂਰ, 31 ਜਨਵਰੀ
ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਬੇਰੁਜ਼ਗਾਰਾਂ ਵੱਲੋਂ ਅੱਜ ਇਥੇ ਬੇਰੁਜ਼ਗਾਰ ਸਾਂਝਾ ਮੋਰਚਾ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਤੇ ਦਿੱਲੀ-ਲੁਧਿਆਣਾ ਹਾਈਵੇਅ ’ਤੇ ਆਵਾਜਾਈ ਠੱਪ ਕਰਕੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਗਿਆ ਤੇ ਪੰਜਾਬ ਸਰਕਾਰ ਦੀ ਵਾਅਦਾਖ਼ਿਲਾਫ਼ੀ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਉਧਰ, ਪਿਛਲੇ ਇੱਕ ਮਹੀਨੇ ਤੋਂ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਬੇਰੁਜ਼ਗਾਰਾਂ ਦਾ ਪੱਕਾ ਮੋਰਚਾ ਵੀ ਜਾਰੀ ਹੈ।
ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਅੱਜ ਧਰਨਾ ਦਿੱਤਾ ਗਿਆ। ਇਸ ਮਗਰੋਂ ਰੋਸ ਮਾਰਚ ਕਰਦਿਆਂ ਬੇਰੁਜ਼ਗਾਰਾਂ ਵੱਲੋਂ ਦਿੱਲੀ-ਲੁਧਿਆਣਾ ਹਾਈਵੇਅ ’ਤੇ ਆਵਾਜਾਈ ਠੱਪ ਕਰਕੇ ਕਰੀਬ ਦੋ ਘੰਟੇ ਪੰਜਾਬ ਸਰਕਾਰ ਦੀ ਵਾਅਦਾਖ਼ਿਲਾਫ਼ੀ ਵਿਰੁੱਧ ਰੋਸ ਪ੍ਰਗਟਾਇਆ ਗਿਆ। ਬੇਰੁਜ਼ਗਾਰ ਸਾਂਝਾ ਮੋਰਚਾ ਦੇ ਸੂਬਾਈ ਆਗੂ ਸੁਖਵਿੰਦਰ ਸਿੰਘ ਢਿੱਲਵਾਂ, ਜਗਸੀਰ ਸਿੰਘ ਘੁਮਾਣ, ਕ੍ਰਿਸ਼ਨ ਸਿੰਘ ਨਾਭਾ, ਹਰਜਿੰਦਰ ਸਿੰਘ ਝੁਨੀਰ ਨੇ ਕਿਹਾ ਕਿ ਬੇਰੁਜ਼ਗਾਰ ਪਿਛਲੇ ਚਾਰ ਸਾਲਾਂ ਤੋਂ ਰੁਲ ਰਹੇ ਹਨ ਪਰ ਘਰ-ਘਰ ਰੁਜ਼ਗਾਰ ਦਾ ਵਾਅਦਾ ਕਰਨ ਵਾਲੀ ਸਰਕਾਰ ਰੁਜ਼ਗਾਰ ਦੇਣ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ 24 ਫਰਵਰੀ ਨੂੰ ਪੈਨਲ ਮੀਟਿੰਗ ਨਿਸਚਿਤ ਕਰਵਾਈ ਗਈ ਹੈ ਪਰ ਮੰਗਾਂ ਨਾ ਮੰਨਣ ’ਤੇ 28 ਫਰਵਰੀ ਨੂੰ ਮੁੜ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ।