ਕੈਬਨਿਟ ਮੰਤਰੀ ਕਟਾਰੂਚੱਕ ਦੇ ਘਰ ਦੇ ਅੱਗੇ ਮੁਜ਼ਾਹਰਾ
ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨਜ਼ਰਅੰਦਾਜ਼ ਕਰਨ ਖ਼ਿਲਾਫ਼ ਰੋਸ ਜਤਾਇਆ
ਸਾਂਝੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਪਠਾਨਕੋਟ, ਗੁਰਦਾਸਪੁਰ, ਬਟਾਲਾ, ਰਣਜੀਤ ਸਾਗਰ ਡੈਮ, ਸ਼ਾਹਪੁਰਕੰਡੀ ਤੋ ਆਏ ਮੁਲਾਜ਼ਮਾਂ, ਪੈਨਸ਼ਨਰਾਂ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ, ਮਿੱਡ-ਡੇਅ ਮੀਲ ਵਰਕਰਾਂ ਅਤੇ ਅਧਿਆਪਕਾਂ ਨੇ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਹੱਕਾਂ ਤੇ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਨ ਖ਼ਿਲਾਫ਼ ਅੱਜ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਘਰ ਮੂਹਰੇ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਸਮੇਂ ਧਰਨਾਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਧਰਨੇ ਨੂੰ ਵਿਸ਼ਾਲਵੀਰ ਸਿੰਘ, ਗੁਰਨਾਮ ਸਿੰਘ ਸੈਣੀ, ਨਰੇਸ਼ ਕੁਮਾਰ, ਗੁਰਦਿਆਲ ਸਿੰਘ ਸੈਣੀ, ਰਜਿੰਦਰ ਧੀਮਾਨ, ਸੁਖਵਿੰਦਰ ਸਿੰਘ ਬਾਂਗੋਵਾਣੀ, ਰਣਜੀਤ ਸਿੰਘ ਧਾਲੀਵਾਲ ਆਦਿ ਆਗੂਆਂ ਨੇ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਚੋਣ ਵਾਅਦੇ ਪੁਗਾਉਣ ਦੀ ਬਜਾਏ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਢੀਠਤਾਈ ਵਾਲਾ ਰਵੱਈਆ ਅਪਣਾ ਰਹੀ ਹੈ। ਸੰਘਰਸ਼ ਅਤੇ ਅਦਾਲਤੀ ਹੁਕਮਾਂ ਦੇ ਬਾਵਜੂਦ ਵੀ ਸਰਕਾਰ ਇਸ ਵਰਗ ਦੀ ਕੋਈ ਗੱਲ ਸੁਣਨ ਨੂੰ ਤਿਆਰ ਨਹੀਂ। ਸਰਕਾਰ ਨੇ ਜਾਣ ਬੁੱਝ ਕੇ ਲਟਕਾਉਣ ਲਈ ਮਹਿੰਗਾਈ ਭੱਤੇ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਆਸ਼ਾ ਵਰਕਰਾਂ, ਮਿੱਡ-ਡੇਅ ਮੀਲ ਵਰਕਰਾਂ, ਆਂਗਣਵਾੜੀ ਵਰਕਰਾਂ ਦੇ ਮਾਣਭੱਤੇ ’ਚ ਦੁਗਣਾ ਵਾਧਾ ਕਰਨ ਵਾਅਦਾ ਵੀ ਪੂਰਾ ਨਹੀਂ ਕਰ ਰਹੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਅਗਾਮੀ ਚੋਣਾਂ ਵਿੱਚ ਸਰਕਾਰ ਨੂੰ ਇਸ ਦੇ ਨਤੀਜੇ ਭੁਗਤਣੇ ਪੈਣਗੇ।

