ਖੇਤਰੀ ਪ੍ਰਤੀਨਿਧ
ਐਸ.ਏ.ਐਸ.ਨਗਰ(ਮੁਹਾਲੀ), 19 ਜੁਲਾਈ
ਪੰਚਾਇਤੀ ਰਾਜ ਅਧੀਨ ਆਉਂਦੇ ਜ਼ਿਲ੍ਹਾ ਪਰਿਸ਼ਦਾਂ ਤੇ ਪੰਚਾਇਤ ਸਮਿਤੀਆਂ ਦੇ ਪੈਨਸ਼ਨਰ, ਪਿਛਲੇ ਪੰਜ ਮਹੀਨਿਆਂ ਤੋਂ ਪੈਨਸ਼ਨ ਨਾ ਮਿਲਣ ਕਾਰਨ ਬੇਹੱਦ ਪ੍ਰੇਸ਼ਾਨ ਹਨ। ਇਨ੍ਹਾਂ ਪੈਨਸ਼ਨਰਾਂ ਨੇ ਅੱਜ ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਦੀ ਅਗਵਾਈ ਹੇਠ, ਪੰਚਾਇਤ ਵਿਭਾਗ ਦੇ ਮੁਹਾਲੀ ਦੇ ਫੇਜ਼ ਅੱਠ ਵਿਚਲੇ ਮੁੱਖ ਦਫ਼ਤਰ, ਵਿਕਾਸ ਭਵਨ ਵਿੱਚ ਸੂਬਾ ਪੱਧਰੀ ਧਰਨਾ ਲਾਇਆ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਉਨ੍ਹਾਂ ਸਾਬਕਾ ਮੰਤਰੀ ਨਿਰਮਲ ਸਿੰਘ ਕਾਹਲੋਂ ਤੇ ਜਥੇਬੰਦੀ ਦੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਗੁਰਦੀਪ ਸਿੰਘ ਨੂੰ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਸ਼ਰਧਾਂਜਲੀ ਭੇਟ ਕੀਤੀ।
ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾਈ ਆਗੂਆਂ ਗੁਰਮੀਤ ਸਿੰਘ ਭਾਂਖਰਪੁਰ, ਕੁਲਵੰਤ ਕੌਰ ਬਾਠ, ਜਗੀਰ ਸਿੰਘ ਢਿਲੋਂ ਹੰਸਾਲਾ, ਜੋਗਿੰਦਰ ਸਿੰਘ, ਮਹਿੰਦਰ ਸਿੰਘ, ਸਰਬਜੀਤ ਸਿੰਘ, ਮਾਨ ਸਿੰਘ, ਗੁਰਮੇਲ ਸਿੰਘ, ਰਾਮ ਆਸਰਾ, ਹਰਭਜਨ ਸਿੰਘ, ਲਛਮਣ ਸਿੰਘ ਗਰੇਵਾਲ, ਬਲਬੀਰ ਸਿੰਘ, ਭੁਪਿੰਦਰ ਕੌਰ, ਜਸਬੀਰ ਸਿੰਘ ਨੇ ਕਿਹਾ ਕਿ ਮਾਰਚ ਮਹੀਨੇ ਤੋਂ ਪੈਨਸ਼ਨ ਨਾ ਮਿਲਣ ਕਾਰਨ ਉਹ ਰੋਜ਼ਮਰ੍ਹਾ ਦੇ ਖਰਚਿਆਂ ਤੇ ਦਵਾਈਆਂ ਲੈਣ ਤੋਂ ਵੀ ਵਾਂਝੇ ਹਨ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਦੇ ਲਾਭ ਦੇਣ ਉੱਤੇ ਲਗਾਈ ਰੋਕ ਦੀ ਵੀ ਨਿਖੇਧੀ ਕੀਤੀ।
ਉਨ੍ਹਾਂ ਬਿਨਾਂ ਕਿਸੇ ਦੇਰੀ ਤੋਂ ਪੈਨਸ਼ਨ ਜਾਰੀ ਕਰਨ, ਬੁਢਾਪਾ ਭੱਤਾ ਦੇਣ, 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਲਾਗੂ ਕਰਨ, ਐੱਲਟੀਸੀ ਅਤੇ ਪੂਰੀ ਸਰਵਿਸ ਦੀ ਪੈਨਸ਼ਨ ਦੇਣ ਦੀ ਮੰਗ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੈਨਸ਼ਨਰਾਂ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ ਅਤੇ ਪੈਨਸ਼ਨ ਤੁਰੰਤ ਜਾਰੀ ਨਾ ਕੀਤੀ ਤਾਂ ਪੈਨਸ਼ਨਰ ਇੱਥੇ ਪੱਕਾ ਮੋਰਚਾ ਲਾਉਣ ਤੋਂ ਗੁਰੇਜ਼ ਨਹੀਂ ਕਰਨਗੇ।
ਪੰਚਾਇਤ ਮੰਤਰੀ ਵੱਲੋਂ ਪੈਨਸ਼ਨਾਂ ਜਾਰੀ ਕਰਨ ਦਾ ਭਰੋਸਾ
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਯੂਨੀਅਨ ਦੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਪੈਨਸ਼ਨਾਂ ਜਲਦੀ ਹੀ ਜਾਰੀ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਪੈਨਸ਼ਨਾਂ ਲਈ ਗ੍ਰਾਂਟ ਵਿੱਚੋਂ ਅਲੱਗ ਖਾਤੇ ਵਿੱਚ ਰਾਸ਼ੀ ਰੱਖਣ ਦਾ ਯਕੀਨ ਵੀ ਦਿਵਾਇਆ।