ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 7 ਅਕਤੂਬਰ
ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਖ਼ਿਲਾਫ਼ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਸ਼ਾਲ ਰੋਸ ਮਾਰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਲਈ ਰਵਾਨਾ ਹੋਇਆ। ਸਵੇਰੇ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਇਕ ਧਾਰਮਿਕ ਸਮਾਗਮ ਹੋਇਆ, ਜਿੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠੀਆਂ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਵੱਲੋਂ ਸਿੱਖ ਪੰਥ ਨੂੰ ਦੋਫਾੜ ਕਰਨ ਦੀ ਕੋਸ਼ਿਸ਼ ਵਜੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦੀ ਕੋਝੀ ਸਾਜ਼ਿਸ਼ ਕਰ ਕੇ ਸਿੱਖ ਪੰਥ ਦੀ ਨੁਮਾਇੰਦਾ ਜਮਾਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਇਸ ਮੌਕ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸੰਬੋਧਨ ਕੀਤਾ।
ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਮਾਰਚ
ਅੰਬਾਲਾ (ਰਤਨ ਸਿੰਘ ਢਿੱਲੋਂ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਬਾਲਾ ਸ਼ਹਿਰ ਦੇ ਗੁਰਦੁਆਰਾ ਮੰਜੀ ਸਾਹਿਬ ਤੋਂ ਰੋਸ ਮਾਰਚ ਕੱਢਿਆ, ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਕੁਰੂਕਸ਼ੇਤਰ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਹਰਭਜਨ ਸਿੰਘ ਮਸਾਣਾ, ਯਮੁਨਾਨਗਰ ਤੋਂ ਬਲਦੇਵ ਸਿੰਘ ਕੈਮਪੁਰੀ ਅਤੇ ਅੰਬਾਲਾ ਤੋਂ ਸਾਬਕਾ ਮੈਂਬਰ ਗੁਰਦੀਪ ਸਿੰਘ ਭਾਨੋਖੇੜੀ ਨੇ ਕੀਤੀ।