ਸੰਜੀਵ ਬੱਬੀ
ਚਮਕੌਰ ਸਾਹਿਬ, 1 ਜੁਲਾਈ
ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਲਗਾਤਾਰ ਹੋ ਰਹੀ ਬੇਅਦਬੀ ਅਤੇ ਉਨ੍ਹਾਂ ਦੇ ਮੁਲਜ਼ਮਾਂ ਨੂੰ ਸਖ਼ਤ ਸਜ਼ਾਵਾਂ ਨਾ ਮਿਲਣ ਦੇ ਰੋਸ ਵਜੋਂ ਇੱਥੇ ਸੰਗਤਾਂ ਵੱਲੋਂ ਸ਼ਾਂਤਮਈ ਢੰਗ ਨਾਲ ਹੱਥ ਵਿੱਚ ਕਾਲੀਆਂ ਝੰਡੀਆਂ ਫੜ ਕੇ ਰੋਸ ਮਾਰਚ ਕੀਤਾ ਗਿਆ ਜਿਸ ਦੌਰਾਨ ਸੰਗਤਾਂ ਵੱਲੋਂ ਸਤਿਨਾਮ ਸ੍ਰੀ ਵਾਹਿਗੁਰੂ ਦਾ ਜਾਪ ਵੀ ਕੀਤਾ ਗਿਆ। ਇਹ ਰੋਸ ਮਾਰਚ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਚੌਕ ਤੋਂ ਸ਼ੁਰੂ ਹੋ ਕੇ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਮੌਕੇ ਬਾਬਾ ਸਰਬਜੀਤ ਸਿੰਘ ਸੰਧੂਆਂ, ਬਾਬਾ ਕੁਲਵਿੰਦਰ ਸਿੰਘ ਕਲਹੇੜੀ, ਭਾਈ ਅਵਤਾਰ ਸਿੰਘ ਸਲੇਮਪੁਰ, ਬਾਬਾ ਜੋਗਿੰਦਰ ਸਿੰਘ, ਮਨਪ੍ਰੀਤ ਸਿੰਘ ਰਕਾਲੀ ਅਤੇ ਭਾਈ ਰਾਜਿੰਦਰ ਸਿੰਘ ਪੜੌਲ ਨੇ ਬਰਗਾੜੀ ਕਾਂਡ ਸਮੇਤ ਹੋਰ ਥਾਵਾਂ ’ਤੇ ਹੋਈਆਂ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੀ ਘਟਨਾਵਾਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਘਰਾਂ ਦੀ ਰਾਖੀ ਖ਼ੁਦ ਕਰਨ।