ਗੁਰਦੀਪ ਸਿੰਘ ਲਾਲੀ
ਸੰਗਰੂਰ, 19 ਅਕਤੂਬਰ
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਅਤੇ ਸੀਪੀਆਈ (ਐੱਮਐੱਲ) ਲਬਿਰੇਸ਼ਨ ਦੀ ਅਗਵਾਈ ਹੇਠ ਸੈਂਕੜੇ ਔਰਤਾਂ ਨੇ ਅੱਜ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਸ਼ਹਿਰ ਵਿਚ ਰੋਸ ਮਾਰਚ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਮਗਰੋਂ ਔਰਤਾਂ ਦੀ ਕਰਜ਼ਾ ਮੁਆਫੀ ਸਮੇਤ ਹੋਰ ਮੰਗਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੰਜਾਬ ਸਰਕਾਰ ਦੇ ਨਾਂ ਇੱਕ ਪੱਤਰ ਸੌਂਪਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਵਿਧਾਨ ਸਭਾ ਇਜਲਾਸ ਵਿਚ ਔਰਤਾਂ ਦੀਆਂ ਮੰਗਾਂ ਸਬੰਧੀ ਫ਼ੈਸਲਾ ਲਿਆ ਜਾਵੇ।
ਇਸ ਤੋਂ ਪਹਿਲਾਂ ਸਥਾਨਕ ਬਨਾਸਰ ਬਾਗ਼ ਵਿਚ ਰੋਸ ਰੈਲੀ ਕਰਦਿਆਂ ਇਥੇ ਲਾਲ ਬੱਤੀ ਚੌਕ ਵਿਚ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਸੀਪੀਆਈ (ਐੱਮਐੱਲ) ਲਬਿਰੇਸ਼ਨ ਦੇ ਕੇਂਦਰੀ ਕਮੇਟੀ ਮੈਂਬਰ ਸੁਖਦਰਸ਼ਨ ਸਿੰਘ ਨੱਤ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਨੇ ਕਿਹਾ ਕਿ ਆਪਣੇ ਚੋਣ ਵਾਅਦੇ ਮੁਤਾਬਕ ਫਾਇਨਾਂਸ ਕੰਪਨੀਆਂ ਦੇ ਕਰਜ਼ੇ ਦੀ ਮੁਆਫ਼ੀ ਲਈ ਪੰਜਾਬ ਸਰਕਾਰ ਖੁੱਦ ਜ਼ਿੰਮੇਵਾਰੀ ਲਵੇ, ਤਾਲਾਬੰਦੀ ਕਾਰਨ ਸਾਰੇ ਗਰੀਬ ਪਰਿਵਾਰਾਂ ਨੂੰ 6 ਮਹੀਨੇ ਲਈ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਆਰਥਿਕ ਸਹਾਇਤਾ ਦਿੱਤੀ ਜਾਵੇ, ਤਾਲਾਬੰਦੀ ਦੇ ਬੀਤੇ 6 ਮਹੀਨਿਆਂ ਦੇ ਬਿਜਲੀ ਬਿੱਲ ਮੁਆਫ ਕੀਤੇ ਜਾਣ ਤੇ ਭਵਿੱਖ ਵਿੱਚ 5 ਰੁਪਏ ਪ੍ਰਤੀ ਯੂਨਿਟ ਤਹਿ ਕੀਤੇ ਜਾਣ, ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨੇ ਖੇਤੀ ਕਾਨੂੰਨਾਂ ਅਤੇ ਕਿਰਤ ਕਾਨੂੰਨਾਂ ਵਿੱਚ ਕੀਤੀਆਂ ਮਜ਼ਦੂਰ ਵਿਰੋਧੀ ਸੋਧਾਂ ਰੱਦ ਕੀਤੀਆਂ ਜਾਣ, ਗਰੀਬ ਔਰਤਾਂ ਅਤੇ ਮਰਦਾਂ ਨੂੰ ਵਿੱਤੀ ਕੰਪਨੀਆਂ ਦੇ ਕਰਜ਼ੇ ਦੇ ਜਾਲ ’ਚੋਂ ਕੱਢਣ ਲਈ ਘੱਟ ਵਿਆਜ ’ਤੇ ਬੈਂਕ ਲਿਮਟਾਂ ਬਣਾਈਆਂ ਜਾਣ। ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਦੀ ਬਲਾਕ ਭਵਾਨੀਗੜ੍ਹ ਦੀ ਪ੍ਰਧਾਨ ਕਲਵਿੰਦਰ ਕੌਰ, ਲਹਿਰਾ ਬਲਾਕ ਦੇ ਪ੍ਰਧਾਨ ਬਿੱਟੂ ਖੋਖਰ, ਸੰਗਰੂਰ ਤਹਿਸੀਲ ਦੀ ਪ੍ਰਧਾਨ ਲਖਵੀਰ ਕੌਰ ਲੱਡਾ ਤੇ ਹੋਰ ਹਾਜ਼ਰ ਸਨ।