ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 3 ਜੂਨ
ਸਾਂਝਾ ਅਧਿਆਪਕ ਮੋਰਚੇ ਦੇ ਕਾਰਕੁਨਾਂ ਨੇ ਆਪਣੀਆਂ ਮੰਗਾਂ ਦੇ ਹੱਕ ਅਤੇ ਸਿੱਖਿਆ ਵਿਭਾਗ ਦੇ ਕੁਝ ਫ਼ੈਸਲਿਆਂ ਦੇ ਵਿਰੋਧ ਵਿੱਚ ਕਾਲੇ ਝੰਡੇ ਲੈ ਕੇ ਰੋਸ ਮਾਰਚ ਕੱਢਿਆ। ਜ਼ਿਲ੍ਹਾ ਕਨਵੀਨਰ ਅਸ਼ਵਨੀ ਅਵਸਥੀ, ਗੁਰਦੀਪ ਸਿੰਘ ਬਾਜਵਾ, ਬਿਕਰਮਜੀਤ ਸਿੰਘ ਸ਼ਾਹ, ਬਲਜਿੰਦਰ ਵਡਾਲੀ ਅਤੇ ਕੋ-ਕਨਵੀਨਰਾਂ ਸੁਖਵਿੰਦਰ ਮਾਨ ਅਤੇ ਨਵਦੀਪ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਅਧਿਆਪਕਾਂ ਨੇ ਕਾਲੇ ਝੰਡਿਆਂ ਨਾਲ ਸ਼ਹਿਰ ਵਿੱਚ 10 ਤੋਂ ਦੁਪਹਿਰ 12 ਵਜੇ ਤਕ ਮੋਟਰਸਾਈਕਲ ਮਾਰਚ ਕੱਢਿਆ ਅਤੇ ਹਾਲ ਗੇਟ ਚੌਕ ਵਿੱਚ ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਦੇ ਪੁਤਲੇ ਫੂਕੇ।
ਮੁਜ਼ਾਹਰਾਕਾਰੀਆਂ ਨੇ ਨਿੱਜੀਕਰਨ ਪੱਖੀ ਆਨਲਾਈਨ ਸਿੱਖਿਆ ਨੂੰ ਜਮਾਤ ਸਿੱਖਿਆ ਦੇ ਬਦਲ ਵਜੋਂ ਥੋਪਣ, ਗਰਮੀ ਦੀਆਂ ਛੁੱਟੀਆਂ ਦੌਰਾਨ ਵੀ ਅਧਿਆਪਕਾਂ (ਵੋਕੇਸ਼ਨ ਕਾਡਰ) ਨੂੰ ਆਨਲਾਈਨ ਜੂਮ ਕਲਾਸਾਂ, ਮੀਟਿੰਗਾਂ, ਟ੍ਰੇਨਿੰਗਾਂ, ਅਨਾਜ ਤੇ ਕਿਤਾਬਾਂ ਦੀ ਵੰਡ ਅਤੇ ਦਾਖ਼ਲਿਆਂ ਦੇ ਕੰਮਾਂ ਵਿੱਚ ਉਲਝਾ ਕੇ ਰੱਖਣ ਅਤੇ ਸਰਕਾਰ ਵੱਲੋਂ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ ਲਟਕਾਉਣ ਖ਼ਿਲਾਫ਼ ਰੋਸ ਜ਼ਾਹਰ ਕੀਤਾ ਗਿਆ। ਜੰਮੂ ਯੂਨੀਵਰਸਿਟੀ ਤੋਂ ਬੀ. ਐੱਡ ਪਾਸ ਲਗਪਗ 20-25 ਸਾਲਾਂ ਤੋਂ ਸਿੱਖਿਆ ਵਿਭਾਗ ਵਿੱਚ ਸੇਵਾ ਨਿਭਾ ਰਹੇ ਮਾਸਟਰਾਂ ਨੂੰ ਲੈਕਚਰਾਰ ਪਦਉੱਨਤੀ ਲਈ ਨਾ ਵਿਚਾਰਨ ਦੀ ਵੀ ਨਿਖੇਧੀ ਕੀਤੀ ਗਈ। ਸਰਕਾਰ ਕੋਲੋਂ ਮੰਗ ਕੀਤੀ ਕਿ ਇਨ੍ਹਾਂ ਮੰਗਾਂ ਨੂੰ ਤੁਰੰਤ ਪ੍ਰਭਾਵ ਤੋਂ ਮੰਨਿਆ ਜਾਵੇ ਨਹੀਂ ਤਾਂ ਭਵਿੱਖ ਵਿੱਚ ਸੰਘਰਸ਼ ਤਿੱਖਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 1 ਜਨਵਰੀ 2004 ਤੋਂ ਬਾਅਦ ਭਰਤੀ ਹੋਣ ਵਾਲਿਆਂ ’ਤੇ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਨਹੀਂ ਕੀਤੀ ਜਾ ਰਹੀ, ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਮੁਲਾਜ਼ਮ ਪੱਖੀ ਰੂਪ ਦਿੰਦਿਆਂ ਜਨਤਕ ਨਹੀਂ ਕੀਤਾ ਜਾ ਰਿਹਾ, ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਅਤੇ ਪਿਕਟਸ ਅਧੀਨ ਰੈਗੂਲਰ ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਸ਼ਿਫਟ ਕਰਨ ਤੋਂ ਟਾਲਾ ਵੱਟਿਆ ਹੋਇਆ ਹੈ ਅਤੇ ਮਹਿੰਗਾਈ ਭੱਤੇ ਦੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ ਹਨ ਸਗੋਂ ਨਵੀਂਆਂ ਭਰਤੀਆਂ ਉੱਪਰ ਕੇਂਦਰੀ ਤਨਖਾਹ ਸਕੇਲਾਂ ਤੋਂ ਵੀ ਘੱਟ ਤਨਖਾਹਾਂ ਥੋਪੀਆਂ ਜਾ ਰਹੀਆਂ ਹਨ। ਇਸ ਮੌਕੇ ਲਖਵਿੰਦਰ ਸਿੰਘ ਗਿੱਲ, ਗੁਰਦੇਵ ਸਿੰਘ, ਗੁਰਬਿੰਦਰ ਸਿੰਘ ਖਹਿਰਾ, ਚਰਨਜੀਤ ਸਿੰਘ ਰਾਜਧਾਨ, ਹਰਜਾਪ ਸਿੰਘ ਬੱਲ ਤੇ ਹੋਰ ਅਧਿਆਪਕ ਹਾਜ਼ਰ ਸਨ।
ਜਲੰਧਰ (ਪਾਲ ਸਿੰਘ ਨੌਲੀ): ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਜ਼ਿਲ੍ਹਾ ਜਲੰਧਰ ਇਕਾਈ ਨੇ ਨਵੀਂ ਸਿੱਖਿਆ ਨੀਤੀ ਦਾ ਵਿਰੋਧ ਕੀਤਾ ਤੇ ਇਸ ਨੂੰ ਸਿੱਖਿਆ ਖੇਤਰ ਦਾ ਉਜਾੜਾ ਕਰਨ ਦੇ ਤੁੱਲ ਦੱਸਿਆ। ਸਾਂਝਾ ਅਧਿਆਪਕ ਮੋਰਚਾ, ਜਲੰਧਰ ਦੇ ਕਨਵੀਨਰਾਂ ਕੁਲਵਿੰਦਰ ਸਿੰਘ ਜੋਸਨ, ਨਵਪ੍ਰੀਤ ਬੱਲੀ, ਗਣੇਸ਼ ਭਗਤ, ਗੁਰਮੇਜ ਲਾਲ ਹੀਰ ਅਤੇ ਬੇਅੰਤ ਸਿੰਘ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਰ ਹਾਲ ਜਲੰਧਰ ਤੋਂ ਡੀ ਸੀ ਜਲੰਧਰ ਦੇ ਦਫ਼ਤਰ ਤੱਕ ਕਾਲੇ ਝੰਡੇ ਲਗਾ ਕੇ ਵਰ੍ਹਦੇ ਮੀਂਹ ਵਿੱਚ ਮੋਟਰਸਾਈਕਲ ਰੋਸ ਮਾਰਚ ਕੱਢਿਆ ਗਿਆ। ਆਗੂਆਂ ਨੇ ਡਿਪਟੀ ਕਮਿਸ਼ਨਰ ਜਲੰਧਰ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ। ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੂਬਾਈ ਆਗੂਆਂ ਕਰਨੈਲ ਫਿਲੌਰ, ਕੁਲਵਿੰਦਰ ਜੋਸਨ, ਕੰਵਲਜੀਤ ਸੰਗੋਵਾਲ ਤੇ ਹਰਬੰਸ ਬਾਲੋਕੀ ਨੇ ਦੋਸ਼ ਲਗਾਇਆ ਕਿ ਦੇਸ਼ ਦਾ ਭਵਿੱਖ ਬਣਾਉਣ ਵਿੱਚ ਵੱਡੀ ਭੂਮਿਕਾ ਨਿਭਾਉਣ ਵਾਲੇ ਅਧਿਆਪਕ ਵਰਗ ਨਾਲ ਧਰੋਹ ਕਮਾਇਆ ਜਾ ਰਿਹਾ ਹੈ। ਰੋਸ ਪ੍ਰਦਰਸ਼ਨ ਕਰਦਿਆਂ ਜਥੇਬੰਦੀ ਦੇ ਕਾਰਕੁਨਾਂ ਨੇ ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਦਾ ਪੁਤਲਾ ਫੂਕਿਆ।