ਦਵਿੰਦਰ ਪਾਲ
ਚੰਡੀਗੜ੍ਹ, 18 ਨਵੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਅੱਜ ਕੇਂਦਰੀ ਮੰਤਰੀਆਂ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਸਮੇਂ ਧਾਰਨ ਕੀਤੇ ਅੜੀਅਲ ਵਤੀਰੇ ਖ਼ਿਲਾਫ਼ 14 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਅਤੇ ਸਬ-ਡਿਵੀਜ਼ਨ ਪੱਧਰ ’ਤੇ ਵਿਸ਼ਾਲ ਰੋਸ ਮਾਰਚ ਕੀਤੇ ਗਏ, ਜਿਨ੍ਹਾਂ ਵਿੱਚ ਹਜ਼ਾਰਾਂ ਔਰਤਾਂ, ਕਿਸਾਨਾਂ ਅਤੇ ਨੌਜਵਾਨਾਂ ਨੇ ਸ਼ਾਮਲ ਹੋ ਕੇ ਤਿੱਖਾ ਰੋਸ ਪ੍ਰਗਟਾਇਆ।
ਇਕੱਠਾਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਸਾਨਾਂ ਨੂੰ ਚੌਕਸ ਕੀਤਾ ਕਿ ਸਰਕਾਰ ਦੇ ਅੜੀਅਲ ਅਤੇ ਚਾਲਬਾਜ਼ ਵਤੀਰੇ ਨੂੰ ਭਾਂਪਦਿਆਂ ਗੱਲਬਾਤ ਰਾਹੀਂ ਫੌਰੀ ਨਤੀਜਿਆਂ ਦੀ ਉਮੀਦ ਦੇ ਭਰਮ ਜਾਲ ਵਿੱਚ ਨਾ ਉਲਝਿਆ ਜਾਵੇ, ਸਗੋਂ ਲੰਮਾ ਦਮ ਰੱਖ ਕੇ ਸਬਰ ਭਰੇ ਅਣਥੱਕ ਸੰਘਰਸ਼ ਲਈ ਤਿਆਰ ਹੋਇਆ ਜਾਵੇ। ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਬੇਸ਼ੱਕ ਇਹ ਕਿਸਾਨ ਸੰਘਰਸ਼ ਦੀ ਪ੍ਰਾਪਤੀ ਹੈ ਕਿ ਸਰਕਾਰ ਨੂੰ ਗੱਲਬਾਤ ਦੀ ਮੇਜ਼ ’ਤੇ ਆਉਣ ਲਈ ਮਜਬੂਰ ਹੋਣਾ ਪਿਆ ਹੈ ਪਰ ਅਜੇ ਵੀ ਕੇਂਦਰੀ ਹਕੂਮਤ ਦਾ ਹਮਲਾਵਰ ਰੁਖ਼ ਜਾਰੀ ਹੈ। ਉਹ ਆਪਣੀਆਂ ਸ਼ਰਤਾਂ ਮੰਨਵਾ ਕੇ ਗੱਲਬਾਤ ਕਰਨਾ ਚਾਹੁੰਦੀ ਹੈ ਅਤੇ ਸੰਘਰਸ਼ਸ਼ੀਲ ਲੋਕਾਂ ਨੂੰ ਝਕਾਨੀ ਦੇਣ ਦੀ ਉਮੀਦ ਪਾਲ ਰਹੀ ਹੈ। ਇਸੇ ਖੋਟੀ ਉਮੀਦ ਦਾ ਮਲੀਆਮੇਟ ਕਰਨ ਲਈ ਅੱਜ ਕੀਤੇ ਜਾ ਰਹੇ ਵਿਸ਼ਾਲ ਰੋਸ ਮਾਰਚਾਂ ਦੇ ਬਰਾਬਰ ਹੀ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਊਗਰਾਹਾਂ ਤੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਆਪਣੀ ਜਥੇਬੰਦੀ, 30 ਜਥੇਬੰਦੀਆਂ ਦਾ ਮੰਚ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸਮੇਤ ਪੰਜਾਬ ਦੇ ਤਿੰਨਾਂ ਸੰਘਰਸ਼ਸ਼ੀਲ ਕਿਸਾਨ ਕੇਂਦਰਾਂ ਦੇ ਆਪਸੀ ਤਾਲਮੇਲ ਨੂੰ ਮਜ਼ਬੂਤ ਕਰਨ ਦੀ ਲਿਖਤੀ ਅਪੀਲ ਲੈ ਕੇ ਚੰਡੀਗੜ੍ਹ ਪੁੱਜੇ, ਜਿੱਥੇ ਦੂਜੇ ਦੋਵਾਂ ਸੰਘਰਸ਼ਸ਼ੀਲ ਕੇਂਦਰਾਂ ਨੂੰ ਸੰਘਰਸ਼ਾਂ ਵਿੱਚ ਅਤੇ ਗੱਲਬਾਤ ਸਮੇਂ ਵੀ ਗੂੜ੍ਹਾ ਆਪਸੀ ਤਾਲਮੇਲ ਕਾਇਮ ਕਰਨ ’ਤੇ ਜ਼ੋਰ ਦਿੱਤਾ ਗਿਆ। ਬੁਲਾਰਿਆਂ ਨੇ 21, 22, 23 ਨਵੰਬਰ ਨੂੰ ‘ਪਿੰਡਾਂ ਨੂੰ ਜਗਾਓ, ਪਿੰਡਾਂ ਨੂੰ ਹਿਲਾ ਦਿਓ’ ਮੁਹਿੰਮ ਤਹਿਤ ਔਰਤਾਂ ਦੇ ਮੁਜ਼ਾਹਰੇ ਅਤੇ ਨੌਜਵਾਨਾਂ ਦੇ ਮਸ਼ਾਲ ਮਾਰਚਾਂ ਲਈ ਡਟਣ ਦਾ ਸੱਦਾ ਦਿੱਤਾ। ਊਨ੍ਹਾਂ ਅਪੀਲ ਕੀਤੀ ਕਿ 26 ਨਵੰਬਰ ਨੂੰ ਖਨੌਰੀ ਤੇ ਡੱਬਵਾਲੀ ਦੇ ਰਸਤੇ ਰਾਹੀਂ ਜਥੇਬੰਦੀ ਦੀ ਅਗਵਾਈ ਹੇਠ ਡੇਢ ਲੱਖ ਕਿਸਾਨ ਦਿੱਲੀ ਵੱਲ ਕੂਚ ਕਰਨ ਦਾ ਇਤਿਹਾਸਕ ਟੀਚਾ ਪਾਰ ਕਰਨ।
ਬੁਲਾਰਿਆਂ ਨੇ ਪੰਜਾਬ ਸਰਕਾਰ ਵੱਲੋਂ ਪੇਂਡੂ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਬੰਦ ਕਰਨ ਦੇ ਕਿਸਾਨ ਮਾਰੂ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਇਹ ਫ਼ੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਊਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਾਲ ਸਬੰਧਤ ਮੰਗਾਂ ਲਈ 20 ਨਵੰਬਰ ਨੂੰ ਜਨਤਕ ਵਫ਼ਦਾਂ ਰਾਹੀਂ ਡੀਸੀ ਦਫ਼ਤਰਾਂ ਵਿੱਚ ਯਾਦ-ਪੱਤਰ ਦਿੱਤੇ ਜਾਣਗੇ। ਥਾਂ-ਥਾਂ ਮਤੇ ਪਾਸ ਕਰਕੇ 45 ਥਾਵਾਂ ’ਤੇ ਚੱਲ ਰਹੇ ਅਣਮਿਥੇ ਸਮੇਂ ਦੇ ਧਰਨੇ, ਘਿਰਾਓ ਜਾਰੀ ਰੱਖਣ ਦਾ ਅਹਿਦ ਕੀਤਾ ਗਿਆ ਅਤੇ 26 ਨਵੰਬਰ ਨੂੰ ਟਰੇਡ ਯੂਨੀਅਨ ਕਾਮਿਆਂ ਤੇ ਮੁਲਾਜ਼ਮਾਂ ਵੱਲੋਂ ਨਿੱਜੀਕਰਨ ਦੀਆਂ ਨੀਤੀਆਂ ਵਿਰੁੱਧ ਕੀਤੀ ਜਾ ਰਹੀ ਦੇਸ਼ ਪੱਧਰੀ ਹੜਤਾਲ ਦੀ ਹਮਾਇਤ ਕੀਤੀ ਗਈ। ਰੋਸ ਮਾਰਚਾਂ ਨੂੰ ਜਸਵਿੰਦਰ ਸਿੰਘ ਲੌਂਗੋਵਾਲ, ਸ਼ਿੰਗਾਰਾ ਸਿੰਘ ਮਾਨ, ਜਨਕ ਸਿੰਘ ਭੁਟਾਲ ਤੇ ਹਰਿੰਦਰ ਬਿੰਦੂ ਨੇ ਸੰਬੋਧਨ ਕੀਤਾ।
ਧਰਨੇ ’ਚ ਸਮਰਾਲਾ ਦੇ ਕਿਸਾਨ ਦੀ ਮੌਤ
ਸਮਰਾਲਾ (ਪੱਤਰ ਪ੍ਰੇਰਕ): ਖੇਤੀਬਾੜੀ ਕਾਨੂੰਨਾਂ ਵਿਰੁੱਧ ਸਮਰਾਲਾ ਰੇਲਵੇ ਸਟੇਸ਼ਨ ’ਤੇ ਲਾਏ ਧਰਨੇ ਦੌਰਾਨ ਅੱਜ ਇੱਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਧਰਨੇ ’ਚ ਕਿਸਾਨ ਗੁਰਮੀਤ ਸਿੰਘ (55) ਵਾਸੀ ਮਾਛੀਵਾੜਾ ਦੀ ਅਚਾਨਕ ਤਬੀਅਤ ਵਿਗੜ ਗਈ ਤੇ ਕੁਝ ਦੇਰ ਵਿੱਚ ਉਸ ਨੇ ਧਰਨੇ ਵਾਲੀ ਥਾਂ ’ਤੇ ਹੀ ਦਮ ਤੋੜ ਦਿੱਤਾ। ਗੁਰਮੀਤ ਸਿੰਘ ਕਿਸਾਨ ਯੂਨੀਅਨ ਦਾ ਸਰਗਰਮ ਮੈਂਬਰ ਹੋਣ ਕਰਕੇ ਪਿਛਲੇ ਦੋ ਮਹੀਨਿਆਂ ਤੋਂ ਇਸ ਕਿਸਾਨ ਅੰਦੋਲਨ ਵਿੱਚ ਸ਼ਮੂਲੀਅਤ ਕਰਦਾ ਆ ਰਿਹਾ ਸੀ। ਸਥਾਨਕ ਤਹਿਸੀਲਦਾਰ ਨੇ ਕਿਸਾਨ ਦੇ ਪਰਿਵਾਰ ਲਈ ਇੱਕ ਲੱਖ ਰੁਪਏ ਦੀ ਫੌਰੀ ਮਦਦ ਦਾ ਐਲਾਨ ਕੀਤਾ ਹੈ।