ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਫਰਵਰੀ
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਕਰੋਨਾ ਦੀ ਆੜ ਹੇਠ ਬੰਦ ਕੀਤੇ ਗਏ ਸਕੂਲ-ਕਾਲਜ ਖੁੱਲ੍ਹਵਾਉਣ ਲਈ ਉਨ੍ਹਾਂ ਵੱਲੋਂ 4 ਤੋਂ 10 ਫਰਵਰੀ ਤੱਕ ਰੋਸ ਹਫਤਾ ਮਨਾਇਆ ਜਾਵੇਗਾ। ਇਸ ਰੋਸ ਹਫ਼ਤੇ ਦੌਰਾਨ ਸਮੂਹ ਪ੍ਰਭਾਵਿਤ ਲੋਕਾਂ ਦੇ ਸਹਿਯੋਗ ਨਾਲ ਤਹਿਸੀਲ ਕੇਂਦਰਾਂ ਅਤੇ ਸ਼ਹਿਰੀ ਕਸਬਿਆਂ ਵਿੱਚ ਧਰਨੇ-ਮੁਜ਼ਾਹਰੇ ਕੀਤੇ ਜਾਣਗੇ।
ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਨੇ ਕਿਸੇ ਵਿਗਿਆਨਕ ਆਧਾਰ ਤੋਂ ਬਿਨਾਂ ਹੀ ਕਰੋਨਾ ਦੀ ਆੜ ਹੇਠ ਸਕੂਲ-ਕਾਲਜ ਬੰਦ ਕਰ ਕੇ ਕਿਸਾਨਾਂ, ਮਜ਼ਦੂਰਾਂ ਤੇ ਹੋਰ ਕਿਰਤੀਆਂ ਦੇ ਬੱਚਿਆਂ ਦਾ ਆਪਣੇ ਅਧਿਆਪਕਾਂ ਰਾਹੀਂ ਸਰਬਪੱਖੀ ਸਿੱਖਿਆ ਗ੍ਰਹਿਣ ਕਰਨ ਦਾ ਹੱਕ ਖੋਹਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਨਲਾਈਨ ਸਿੱਖਿਆ ਦਾ ਫ਼ੈਸਲਾ ਲਾਗੂ ਕਰ ਕੇ ਮੋਬਾਈਲਾਂ ਤੇ ਡੇਟਾ ਕੰਪਨੀਆਂ ਦੇ ਵਾਰੇ-ਨਿਆਰੇ ਕੀਤੇ ਗਏ ਹਨ। ਇਨ੍ਹਾਂ ਦੇ ਖਰਚੇ ਝੱਲਣੋਂ ਅਸਮਰੱਥ ਗਰੀਬ ਕਿਸਾਨਾਂ-ਮਜ਼ਦੂਰਾਂ ਤੇ ਹੋਰ ਕਿਰਤੀਆਂ ਦੇ ਬੱਚੇ ਇਸ ਅਧੂਰੀ ਸਿੱਖਿਆ ਤੋਂ ਵੀ ਵਾਂਝੇ ਰਹਿ ਰਹੇ ਹਨ। ਸੰਸਾਰ ਬੈਂਕ ਦੇ ਸਿੱਖਿਆ ਵਿਭਾਗ ਦੇ ਡਾਇਰੈਕਟਰ ਦਾ ਬਿਆਨ ਇਸ ’ਤੇ ਮੋਹਰ ਲਾਉਂਦਾ ਹੈ। ਇਸੇ ਕਰਕੇ ਬਰਤਾਨੀਆ ਨੇ ਸਾਰੇ ਵਿੱਦਿਅਕ ਅਦਾਰੇ ਖੋਲ੍ਹ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਵਿੱਚ ਸ਼ਰਾਬ ਦੇ ਠੇਕੇ ਅਤੇ ਵੱਡੇ ਮਾਲਜ਼ ਖੁੱਲ੍ਹੇ ਹਨ। ਚੋਣ ਰੈਲੀਆਂ ਵੀ ਹੋ ਰਹੀਆਂ ਹਨ ਪਰ ਵਿੱਦਿਅਕ ਅਦਾਰੇ ਬੰਦ ਕਰ ਦਿੱਤੇ ਗਏ ਹਨ। ਇਸ ਵਿਰੁੱਧ ਉਨ੍ਹਾਂ ਵੱਲੋਂ ਰੋਸ ਮੁਜ਼ਾਹਰੇ ਕੀਤੇ ਜਾਣਗੇ। ਉਨ੍ਹਾਂ ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਮੁਜ਼ਾਹਰਿਆਂ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।