ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ’ਚ ਮੁਜ਼ਾਹਰੇ
ਆਤਿਸ਼ ਗੁਪਤਾ
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵੱਲੋਂ ਅੱਜ ਹੜ੍ਹ ਪੀੜਤਾਂ ਦੀਆਂ ਮੰਗਾਂ ਲਈ ਦਰਜਨ ਦੇ ਕਰੀਬ ਜ਼ਿਲ੍ਹਿਆਂ ਵਿੱਚ ਮੁਜ਼ਾਹਰੇ ਕੀਤੇ ਗਏ ਹਨ। ਜਥੇਬੰਦੀਆਂ ਵੱਲੋਂ ਬਠਿੰਡਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ ਤੇ ਜਲੰਧਰ ਵਿੱਚ ਡੀ ਸੀ ਦਫ਼ਤਰਾਂ ਅਤੇ ਸ਼ਾਹਕੋਟ, ਫਿਲੌਰ, ਤਰਨ ਤਾਰਨ, ਬਾਬਾ ਬਕਾਲਾ, ਭਿੱਖੀਵਿੰਡ ਤੇ ਟਾਂਡਾ ਵਿੱਚ ਐੱਸ ਡੀ ਐੱਮ ਦਫ਼ਤਰਾਂ ਅੱਗੇ ਪ੍ਰਦਰਸ਼ਨ ਕਰ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਮੰਗ ਪੱਤਰ ਸੌਂਪੇ ਗਏ।
ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਨੇ ਭਾਰੀ ਤਬਾਹੀ ਕੀਤੀ ਹੈ। ਅਜਿਹੇ ਹਾਲਾਤ ਵਿੱਚ ਵੀ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਲਈ ਮੁਆਵਜ਼ਾ ਦੇਣ ਵਿੱਚ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤ ਲੋਕਾਂ ਨੂੰ ਨਿਗੂਣੀ ਰਕਮ ਦੇ ਕੇ ਮਜ਼ਾਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਨਿੱਤ ਕੰਮ ਕਰ ਕੇ ਕਮਾਉਣ ਵਾਲੇ ਮਜ਼ਦੂਰ ਵਰਗ ਲਈ ਕੋਈ ਵਿਸ਼ੇਸ਼ ਐਲਾਨ ਨਹੀਂ ਕੀਤਾ ਗਿਆ ਹੈ। ਪੇਂਡੂ ਤੇ ਖੇਤ ਮਜ਼ਦੂੂਰ ਜਥੇਬੰਦੀਆਂ ਦੇ ਆਗੂਆਂ ਨੇ ਮੰਗ ਕੀਤੀ ਕਿ ਹੜ੍ਹਾਂ ਕਰ ਕੇ ਜਾਨ ਗੁਆਉਣ ਵਾਲੇ ਮਜ਼ਦੂਰਾਂ ਤੇ ਹੋਰਨਾਂ ਲੋਕਾਂ ਦੇ ਵਾਰਸਾਂ ਨੂੰ 25-25 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ, ਢਹੇ ਘਰਾਂ ਦੀ ਮੁੜ ਉਸਾਰੀ ਲਈ 15 ਲੱਖ ਰੁਪਏ, ਟੁੱਟੀਆਂ ਦਿਹਾੜੀਆਂ ਦੀ ਭਰਪਾਈ ਲਈ ਪ੍ਰਤੀ ਮਜ਼ਦੂਰ ਪਰਿਵਾਰ ਪੰਜਾਹ ਹਜ਼ਾਰ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। ਇਸ ਤੋਂ ਇਲਾਵਾ ਮੌਸਮ ਵਿਭਾਗ ਦੀਆਂ ਚਿਤਾਵਨੀਆਂ ਦੇ ਬਾਵਜੂਦ ਪੁਖਤਾ ਪ੍ਰਬੰਧ ਕਰਨ ’ਚ ਲਾਪਰਵਾਹੀ ਵਰਤਣ ਵਾਲੇ ਸਿਆਸੀ ਆਗੂਆਂ ਤੇ ਅਧਿਕਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਕਰਜ਼ਾ ਮੋੜਨ ਤੋਂ ਅਸਮਰਥ ਖੇਤ ਮਜ਼ਦੂਰਾਂ, ਔਰਤਾਂ ਤੇ ਕਿਸਾਨਾਂ ਸਿਰ ਚੜ੍ਹੇ ਮਾਈਕ੍ਰੋ ਫਾਇਨਾਂਸ ਕੰਪਨੀਆਂ ਸਣੇ ਸਾਰੇ ਕਰਜ਼ੇ ਮੁਆਫ਼ ਕੀਤੇ ਜਾਣ।
ਇਸ ਦੌਰਾਨ ਵੱਖ-ਵੱਖ ਥਾਵਾਂ ’ਤੇ ਦਿਹਾਤੀ ਮਜ਼ਦੂਰ ਸਭਾ ਦੇ ਪ੍ਰਧਾਨ ਦਰਸ਼ਨ ਨਾਹਰ, ਪੇਂਡੂ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਤਰਸੇਮ ਪੀਟਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਰਾਮ ਸਿੰਘ ਨੂਰਪੁਰੀ ਅਤੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਸੀਨੀਅਰ ਆਗੂ ਗਿਆਨ ਸੈਦਪੁਰੀ ਆਦਿ ਆਗੂਆਂ ਨੇ ਸੰਬੋਧਨ ਕੀਤਾ।