ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਫਰਵਰੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਸਰਕਾਰ ਦੁਆਰਾ ਕਰੋਨਾ ਦੀ ਆੜ ਹੇਠ ਬੰਦ ਕੀਤੇ ਸਕੂਲ-ਕਾਲਜ ਖੁੱਲ੍ਹਵਾਉਣ ਲਈ ਰੋਸ ਹਫ਼ਤੇ ਦੇ ਅੱਜ ਆਖਰੀ ਦਿਨ ਤੱਕ 16 ਜ਼ਿਲ੍ਹਿਆਂ ਦੇ 59 ਸ਼ਹਿਰਾਂ ਅਤੇ 304 ਪਿੰਡਾਂ ਸਮੇਤ ਕੁੱਲ 363 ਥਾਵਾਂ ’ਤੇ ਧਰਨੇ ਮੁਜ਼ਾਹਰੇ ਕੀਤੇ ਗਏ ਹਨ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਨ੍ਹਾਂ ਰੋਸ ਪ੍ਰਦਰਸ਼ਨਾਂ ਵਿੱਚ ਕਿਸਾਨਾਂ, ਮਜ਼ਦੂਰਾਂ ਤੋਂ ਇਲਾਵਾ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪਿਆਂ ਸਮੇਤ ਵਿੱਦਿਅਕ ਸੰਸਥਾਵਾਂ ਦੇ ਸਟਾਫ ਮੈਂਬਰ ਵੀ ਸ਼ਾਮਲ ਹੋਏ। ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਦੀਪ ਸਿੰਘ ਟੱਲੇਵਾਲ, ਜਨਕ ਸਿੰਘ ਭੁਟਾਲ, ਰੂਪ ਸਿੰਘ ਛੰਨਾਂ, ਹਰਿੰਦਰ ਕੌਰ ਬਿੰਦੂ, ਗੁਰਪ੍ਰੀਤ ਕੌਰ ਬਰਾਸ, ਕੁਲਦੀਪ ਕੌਰ ਕੁੱਸਾ ਸ਼ਾਮਲ ਸਨ। ਆਗੂ ਨੇ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਨੇ ਕਿਸੇ ਵਿਗਿਆਨਕ ਆਧਾਰ ਤੋਂ ਬਿਨਾਂ ਹੀ ਕਰੋਨਾ ਦੀ ਆੜ ਹੇਠ ਸਕੂਲ/ਕਾਲਜ ਬੰਦ ਕਰ ਕੇ ਆਮ ਕਿਸਾਨਾਂ, ਮਜ਼ਦੂਰਾਂ ਤੇ ਹੋਰ ਕਿਰਤੀਆਂ ਦੇ ਬੱਚਿਆਂ ਦਾ ਅਧਿਆਪਕਾਂ ਦੇ ਰੂਬਰੂ ਹੋ ਕੇ ਸਰਵਪੱਖੀ ਸਿੱਖਿਆ ਗ੍ਰਹਿਣ ਕਰਨ ਦਾ ਹੱਕ ਖੋਹਿਆ ਹੈ। ਦੂਜੇ ਪਾਸੇ ਆਨਲਾਈਨ ਸਿੱਖਿਆ ਦਾ ਫ਼ੈਸਲਾ ਲਾਗੂ ਕਰਕੇ ਸਾਮਰਾਜੀ ਮਾਲਕੀ ਵਾਲੀਆਂ ਮੋਬਾਈਲ ਫੋਨਾਂ ਅਤੇ ਡਾਟਾ ਕੰਪਨੀਆਂ ਦੇ ਵਾਰੇ ਨਿਆਰੇ ਕੀਤੇ ਹਨ। ਕਿਸਾਨ ਆਗੂ ਨੇ ਸਮੂਹ ਕਿਰਤੀ ਲੋਕਾਂ ਦੇ ਸਾਂਝੇ ਅਹਿਮ ਮੁੱਦਿਆਂ ਸਬੰਧੀ ਜਥੇਬੰਦੀ ਵੱਲੋਂ 17 ਫਰਵਰੀ ਨੂੰ ਬਰਨਾਲਾ ਵਿੱਚ ਕੀਤੀ ਜਾ ਰਹੀ ਲੋਕ ਕਲਿਆਣ ਰੈਲੀ ’ਚ ਪੰਜਾਬ ਭਰ ਦੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਵਿਦਿਆਰਥੀਆਂ ਤੇ ਸਮੂਹ ਕਿਰਤੀ ਲੋਕਾਂ ਨੂੰ ਪਰਿਵਾਰਾਂ ਸਮੇਤ ਸ਼ਾਮਲ ਹੋਣ ਦਾ ਸੱਦਾ ਦਿੱਤਾ।