ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 5 ਦਸੰਬਰ
ਖੇਤੀ ਕਾਨੂੰਨਾਂ ਖ਼ਿਲਾਫ਼ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਦੇ ਬਾਹਰ ਧਰਨਾ ਦੇ ਰਹੇ ਕਿਸਾਨਾਂ ਵੱਲੋਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦੇ ਮਾਲਕਾਂ ਦਾ ਪੁਤਲਾ ਸਾੜਿਆ ਗਿਆ। ਇਹ ਧਰਨਾ 66 ਦਿਨਾਂ ਤੋਂ ਜਾਰੀ ਹੈ। ਧਰਨੇ ਵਿੱਚ ਸ਼ਾਮਲ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਪ੍ਰਕਾਸ਼ ਸਿੰਘ ਥੋਥੀਆਂ ਅਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਬਚਿੱਤਰ ਸਿੰਘ ਕੋਟਲਾ ਦੀ ਪ੍ਰਧਾਨਗੀ ਹੇਠ ਕਿਸਾਨ ਜਥੇਬੰਦੀਆਂ ਦੇ ਕਾਰਕੁਨਾਂ ਨੇ ਇਕੱਠੇ ਹੋ ਕੇ ਅੱਜ ਰਿਆਲਟੋ ਚੌਕ ਵਿਚ ਪੁਤਲਾ ਸਾੜਿਆ। ਇਸ ਤੋਂ ਪਹਿਲਾਂ ਰਾਜ ਸਭਾ ਮੈਂਬਰ ਦੇ ਘਰ ਦੇ ਬਾਹਰ ਚੱਲ ਰਹੇ ਧਰਨੇ ਦੌਰਾਨ ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਧਰਨੇ ਨੂੰ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਸਹਿੰਸਰਾ, ਜਮਹੂਰੀ ਅਧਿਕਾਰ ਸਭਾ ਦੇ ਅਮਰਜੀਤ ਸਿੰਘ ਭੱਲਾ, ਡੀਟੀਐੱਫ ਦੇ ਅਸ਼ਵਨੀ ਅਵਸਥੀ ਨੇ ਸੰਬੋਧਨ ਕੀਤਾ।