ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਧਾਨ ਸਭਾ ਸਪੀਕਰ ਤੇ ਮੰਤਰੀਆਂ ਦੇ ਘਰਾਂ ਅੱਗੇ ਮੁਜ਼ਾਹਰੇ

ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ; ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮੰਨਣ ਦੀ ਅਪੀਲ
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਮੰਗ ਪੱਤਰ ਸੌਂਪਦੇ ਹੋਏ ਕਿਸਾਨ ਆਗੂ।
Advertisement

ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਸੂਬੇ ਵਿੱਚ ਮਗਨਰੇਗਾ ਦਾ ਕੰਮ ਬੰਦ ਕਰਨ, ਔਰਤਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਦੋ ਕੈਬਨਿਟ ਮੰਤਰੀਆਂ ਦੇ ਘਰਾਂ ਮੂਹਰੇ ਮੁਜ਼ਾਹਰੇ ਕੀਤੇ। ਇਸ ਦੌਰਾਨ ਯੂਨੀਅਨ ਮੈਂਬਰਾਂ ਨੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਦੇ ਘਰ ਅੱਗੇ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਗਟਾਇਆ।

ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਮੇਜਰ ਸਿੰਘ ਕਾਲੇਕੇ ਅਤੇ ਗੁਰਪਾਲ ਸਿੰਘ ਨੰਗਲ ਤੋਂ ਇਲਾਵਾ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਲਖਵੀਰ ਸਿੰਘ ਲੌਂਗੋਵਾਲ ਸਮੇਤ ਹੋਰ ਆਗੂਆਂ ਨੇ ਮਗਨਰੇਗਾ ਦਾ ਬੰਦ ਕੀਤਾ ਕੰਮ ਚਲਾਉਣ ਅਤੇ 700 ਰੁਪਏ ਦਿਹਾੜੀ ਦੇਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਯੂਨੀਅਨ ਨੇ ‘ਆਪ’ ਵੱਲੋਂ ਐਲਾਨੇ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਪੂਰਾ ਕਰਨ, ਮਜ਼ਦੂਰ ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਲਾਗੂ ਕਰਨ, ਬਿਜਲੀ ਸੋਧ ਬਿੱਲ ਤੇ ਮਜ਼ਦੂਰ ਵਿਰੋਧੀ ਕਿਰਤ ਕੋਡ ਰੱਦ ਕਰਨ ਸਮੇਤ ਕਿਸਾਨ ਅੰਦੋਲਨ ਦੌਰਾਨ ਦਰਜ ਕੀਤੇ ਕੇਸ ਰੱਦ ਕਰਨ ਦੀ ਮੰਗ ਕੀਤੀ। ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਵੱਲੋਂ ਮਜ਼ਦੂਰ ਵਰਗ ਨਾਲ ਵੱਡੇ-ਵੱਡੇ ਵਾਅਦੇ ਕੀਤੇ ਜਾਂਦੇ ਸਨ ਪਰ ਸੱਤਾ ਵਿੱਚ ਆਉਣ ਤੋਂ ਬਾਅਦ ‘ਆਪ’ ਵੀ ਮਜ਼ਦੂਰ ਵਰਗ ਨੂੰ ਅੱਖੋਂ ਪਰੋਖੇ ਕਰਕੇ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਲਾਗੂ ਕਰ ਰਹੀ ਹੈ।

Advertisement

ਕੇਂਦਰ ਦੀ ਮੋਦੀ ਸਰਕਾਰ ਬਿਜਲੀ ਸੋਧ ਬਿੱਲ ਲਿਆ ਕੇ ਗਰੀਬ ਲੋਕਾਂ ਦੇ ਘਰਾਂ ਵਿੱਚ ਹਨੇਰਾ ਕਰਨਾ ਚਾਹੁੰਦੀ ਹੈ ਅਤੇ ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਨਾਲ ਮਿਲੀ ਹੋਈ ਹੈੈ। ਪੰਜਾਬ ਸਰਕਾਰ ਨੇ ਪਿਛਲੇ ਵਰ੍ਹੇ ਖੇਤੀ ਨੀਤੀ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਪਰ ਹਾਲੇ ਤੱਕ ਲਾਗੂ ਨਹੀਂ ਕੀਤਾ ਗਿਆ।

 

ਖੇਤੀਬਾੜੀ ਮੰਤਰੀ ਵੱਲੋਂ ਮੰਗਾਂ ਮੰਨਣ ਦਾ ਭਰੋਸਾ

ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਦੇ ਧਰਨੇ ਵਿੱਚ ਪਹੁੰਚ ਕੇ ਮੰਗ ਪੱਤਰ ਹਾਸਲ ਕੀਤਾ। ਇਸ ਦੇ ਨਾਲ ਹੀ ਖੁੱਡੀਆਂ ਨੇ ਯੂਨੀਅਨ ਆਗੂਆਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਛੇਤੀ ਮੰਨਣ ਦਾ ਭਰੋਸਾ ਦਿੱਤਾ।

Advertisement
Show comments