ਦਵਿੰਦਰ ਪਾਲ
ਚੰਡੀਗੜ੍ਹ, 12 ਫਰਵਰੀ
ਪੰਜਾਬ ਵਿੱਚ ਕਿਸਾਨੀ ਅੰਦੋਲਨ ਦੇ ਸੰਘਰਸ਼ੀ ਅਖਾੜਿਆਂ ਤੋਂ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਲੜਾਈ ਦੇ ਨਾਲ ਨਾਲ ਨੌਦੀਪ ਕੌਰ ਦੀ ਰਿਹਾਈ ਲਈ ਕਿਸਾਨਾਂ ਤੇ ਮਜ਼ਦੂਰਾਂ ਨੇ ਆਵਾਜ਼ ਬੁਲੰਦ ਕੀਤੀ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਭਾਜਪਾ ਸਰਕਾਰ ਦੀਆਂ ਅਰਥੀਆਂ ਫੂਕੀਆਂ ਗਈਆਂ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਮੁਜ਼ਾਹਰਿਆਂ ਵਿੱਚ ਨੌਦੀਪ ਦੀ ਬਿਨਾਂ ਸ਼ਰਤ ਤੁਰੰਤ ਰਿਹਾਈ ਦੀ ਮੰਗ ਕੀਤੀ ਗਈ। ਬੁਲਾਰਿਆਂ ਨੇ ਐਲਾਨ ਕੀਤਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤ ਪੱਧਰੀ ਕਿਸਾਨ ਘੋਲ ਨੂੰ ਹੋਰ ਤਿੱਖਾ ਕਰਨ ਲਈ ਜਥੇਬੰਦੀ ਵੱਲੋਂ 18 ਫਰਵਰੀ ਨੂੰ ਪੰਜਾਬ ਭਰ ਵਿੱਚ 12 ਤੋਂ 4 ਵਜੇ ਤੱਕ ਰੇਲਾਂ ਜਾਮ ਕੀਤੀਆਂ ਜਾਣਗੀਆਂ।
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਜ਼ਿਲ੍ਹਾ ਮਾਨਸਾ, ਬਠਿੰਡਾ, ਬਰਨਾਲਾ, ਸੰਗਰੂਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਪਿੰਡਾਂ ਅੰਦਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਅਰਥੀਆਂ ਫੂਕੀਆਂ ਗਈਆਂ।
ਨੌਦੀਪ ਨਾਲ ਮੁਲਾਕਾਤ ਕਰੇਗੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਮੈਨ
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ 15 ਫ਼ਰਵਰੀ ਨੂੰ ਕਰਨਾਲ ਜੇਲ੍ਹ ਵਿੱਚ ਬੰਦ ਨੌਦੀਪ ਕੌਰ ਨਾਲ ਮੁਲਾਕਾਤ ਕਰਨਗੇ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਇਹ ਮਾਮਲਾ ਹਰਿਆਣਾ ਰਾਜ ਦੀ ਆਪਣੀ ਹਮਰੁਤਬਾ ਕੋਲ ਚੁੱਕਿਆ ਸੀ। ਇਸ ਮਗਰੋਂ ਹਰਿਆਣਾ ਰਾਜ ਮਹਿਲਾ ਕਮਿਸ਼ਨ ਨੇ ਜੇਲ੍ਹ ਵਿਭਾਗ ਦੇ ਡਾਇਰੈਕਟਰ ਜਨਰਲ ਨੂੰ ਪੱਤਰ ਲਿਖ ਕੇ ਹਦਾਇਤ ਕੀਤੀ ਹੈ ਕਿ ਨੌਦੀਪ ਕੌਰ ਨੂੰ ਕਾਨੂੰਨੀ ਸਹਾਇਤਾ ਤੇ ਸੁਰੱਖਿਆ ਯਕੀਨੀ ਬਣਾਈ ਜਾਵੇ।