ਹੜ੍ਹ ਕਾਰਨ ਨੁਕਸਾਨ ਦੇ ਢੁੱਕਵੇਂ ਮੁਆਵਜ਼ੇ ਲਈ ਮੁਜ਼ਾਹਰੇ ਅੱਜ
ਕਿਸਾਨ ਮਜ਼ਦੂਰ ਮੋਰਚਾ ਵੱਲੋਂ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੇ ਫੂਕੇ ਜਾਣਗੇ ਪੁਤਲੇ
ਆਤਿਸ਼ ਗੁਪਤਾ
ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਅਤੇ ਮਜ਼ਦੂਰਾਂ ਸਣੇ ਹੋਰ ਵਰਗਾਂ ਨੂੰ ਨੁਕਸਾਨ ਦਾ ਸਮੇਂ ਸਿਰ ਢੁੱਕਵਾਂ ਮੁਆਵਜ਼ਾ ਦਿਵਾਉਣ ਲਈ ਕਿਸਾਨ ਮਜ਼ਦੂਰ ਮੋਰਚਾ (ਕੇ ਐੱਮ ਐੱਮ) ਵੱਲੋਂ ਭਲਕੇ 6 ਅਕਤੂਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਪੁਤਲੇ ਫੂਕ ਮੁਜ਼ਾਹਰੇ ਕੀਤੇ ਜਾਣਗੇ। ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਸੂਬੇ ਦੇ 14 ਜ਼ਿਲ੍ਹਿਆਂ ਵਿੱਚ 60 ਦੇ ਕਰੀਬ ਥਾਵਾਂ ’ਤੇ ਪੁਤਲੇ ਸਾੜੇ ਜਾਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਖਿੱਚੋ-ਤਾਣ ਦਾ ਖਾਮਿਆਜ਼ਾ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਇਸ ਲਈ ਦੋਵੇਂ ਸਰਕਾਰਾਂ ਆਪਸੀ ਤਕਰਾਰ ਨੂੰ ਪਾਸੇ ਰੱਖ ਕੇ ਹੜ੍ਹ ਪੀੜ੍ਹਤਾਂ ਨੂੰ ਪਹਿਲ ਦੇ ਆਧਾਰ ’ਤੇ ਮੁਆਵਜ਼ਾ ਦੇਣ। ਕਿਸਾਨ ਆਗੂ ਪੰਧੇਰ ਨੇ ਕਿਹਾ ਕਿ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਕਿਸਾਨਾਂ ਨੂੰ ਝੋਨੇ ਦਾ ਪ੍ਰਤੀ ਏਕੜ 70 ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਮਜ਼ਦੂਰਾਂ ਨੂੰ ਉਸ ਦਾ 10 ਫ਼ੀਸਦ ਦਿੱਤਾ ਜਾਵੇ। ਇਸ ਤੋਂ ਇਲਾਵਾ ਪਸ਼ੂਆਂ ਤੇ ਪੋਲਟਰੀ ਫਾਰਮਾਂ ਦਾ ਮੁਆਵਜ਼ਾ, ਮਜ਼ਦੂਰ, ਖੇਤ ਮਜ਼ਦੂਰ, ਕਿਸਾਨ, ਦੁਕਾਨਦਾਰਾਂ ਦੇ ਘਰਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਜਾਰੀ ਕੀਤਾ ਜਾਵੇ।
ਡੈਮਾਂ ’ਚੋਂ ਪਾਣੀ ਛੱਡਣ ਦੀ ਜਾਂਚ ਮੰਗੀ
ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨੇ ਪੰਜਾਬ ਵਿੱਚ ਪਿਛਲੇ ਦਿਨਾਂ ਦੌਰਾਨ ਡੈਮਾਂ ਵਿੱਚੋਂ ਪਾਣੀ ਛੱਡਣ ਦੇ ਮਾਮਲੇ ਦੀ ਨਿਆਂਇਕ ਜਾਂਚ ਮੰਗੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਏ ਹੜ੍ਹ ਕੁਦਰਤੀ ਨਹੀਂ ਹੈ, ਇਹ ਮਨੁੱਖੀ ਹਨ। ਇਸ ਦੀ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।