ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਨੱਥ ਪਾਉਣ ਅਤੇ ਇਸ ਦੀ ਕੀਮਤ 5.50 ਰੁਪਏ ਫੁੱਟ ਯਕੀਨੀ ਬਣਾਉਣ ਸਬੰਧੀ ਅੱਜ ਡਿਪਟੀ ਕਮਿਸ਼ਨਰਾਂ ਨਾਲ ਇਕ ਮੀਟਿੰਗ ਕੀਤੀ। ਇਸ ਦੌਰਾਨ ਸ੍ਰੀ ਚੰਨੀ ਨੇ ਡਿਪਟੀ ਕਮਿਸ਼ਨਰਾਂ ਨੂੰ ਇਸ ਸਬੰਧ ਵਿੱਚ ਨੇਮਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਾਰੇ ਵੀਡੀਓ ਜਾਂ ਕਿਸੇ ਹੋਰ ਰੂਪ ਵਿੱਚ ਸਬੂਤ ਦੇਣ ’ਤੇ 25000 ਰੁਪਏ ਦੇ ਇਨਾਮ ਦਾ ਐਲਾਨ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਮਾਈਨਿੰਗ ਸਾਈਟ ਤੋਂ ਆਖ਼ਰੀ ਮੰਜ਼ਿਲ ਤੱਕ ਦੀ ਦੂਰੀ ਦੀਆਂ ਦਰਾਂ ਸਬੰਧਤ ਡਿਪਟੀ ਕਮਿਸ਼ਨਰ ਵੱਲੋਂ ਤੈਅ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤਾ ਕਿ ਜੇਕਰ ਕਿਸੇ ਵੀ ਪਿੰਡ ਦੀ ਪੰਚਾਇਤ ਰੇਤ ਦੀ ਮੰਗ ਕਰਦੀ ਹੈ ਤਾਂ ਉਸ ਨੂੰ ਇਹ ਮਾਈਨਿੰਗ ਵਾਲੀਆਂ ਥਾਵਾਂ ਤੋਂ ਹੀ ਮੁਫ਼ਤ ਮੁਹੱਈਆ ਕਰਵਾਈ ਜਾਵੇ। ਰੇਤ ਦੀ ਢੋਆ-ਢੁਆਈ ਕਰਨ ਵਾਲੀਆਂ ਟਰਾਲੀਆਂ ਤੋਂ ਕੋਈ ਪੈਸਾ ਨਾ ਲਿਆ ਜਾਵੇ ਅਤੇ ਸਿਰਫ਼ ਟਰੱਕਾਂ ਤੋਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਵਸੂਲੀ ਕੀਤੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿੱਚ ਸਿਆਸੀ ਦਖ਼ਲਅੰਦਾਜ਼ੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।