ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 27 ਨਵੰਬਰ
ਸਰਬ ਸਿੱਖਿਆ ਅਭਿਆਨ/ਮਿੱਡ-ਡੇਅ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦਾ ਸਿੱਖਿਆ ਭਵਨ ਦੇ ਬਾਹਰ ਚੱਲ ਰਿਹਾ ਲੜੀਵਾਰ ਧਰਨਾ ਅੱਜ 5ਵੇਂ ਦਿਨ ਵੀ ਜਾਰੀ ਰਿਹਾ। ਯੂਨੀਅਨ ਦੇ ਆਗੂਆਂ ਅਸੀਸ ਜੁਲਾਹਾ, ਰਾਜਿੰਦਰ ਸਿੰਘ ਸੰਧਾ, ਵਿਕਾਸ ਕੁਮਾਰ, ਪ੍ਰਵੀਨ ਸ਼ਰਮਾ, ਹਰਪ੍ਰੀਤ ਸਿੰਘ ਤੇ ਦਵਿੰਦਰਜੀਤ ਸਿੰਘ ਦੀ ਸਾਂਝੀ ਅਗਵਾਈ ਹੇਠ ਅੱਜ ਇਥੇ ਕੱਚੇ ਦਫ਼ਤਰੀ ਮੁਲਾਜ਼ਮਾਂ ਵੱਲੋਂ ਆਪਣੇ ਬੱਚਿਆਂ ਸਣੇ ਸੂਬਾ ਪੱਧਰੀ ਰੈਲੀ ਕਰਕੇ ਹੁਕਮਰਾਨਾਂ ਤੇ ਸਿੱਖਿਆ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਇਸ ਮਗਰੋਂ ਬਾਅਦ ਦੁਪਹਿਰ ਕੱਚੇ ਮੁਲਾਜ਼ਮਾਂ ਨੇ ਮੁਹਾਲੀ ਏਅਰਪੋਰਟ ਸੜਕ ਤੱਕ ਪੈਦਲ ਮਾਰਚ ਕਰ ਕੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਨੇੜੇ ਸੜਕ ’ਤੇ ਚੱਕਾ ਜਾਮ ਕੀਤਾ ਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜ਼ਿਕਰਯੋਗ ਹੈ ਕਿ ਮੁਹਾਲੀ ਵਿਖੇ ਧਰਨੇ ਵਿੱਚ ਸ਼ਾਮਲ ਹੋਣ ਲਈ ਇਥੇ ਆਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਇਨ੍ਹਾਂ ਕੱਚੇ ਕਾਮਿਆਂ ਨੂੰ ਬਿਨਾਂ ਮਿਲੇ ਹੀ ਚਲੇ ਗਏ। ਜਿਸ ਕਾਰਨ ਉਨ੍ਹਾਂ ਵਿੱਚ ਭਾਰੀ ਰੋਸ ਹੈ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੇ ਕੱਚੇ ਮੁਲਾਜ਼ਮਾਂ ਨਾਲ ਦੂਜੀ ਵਾਰ ਵਿਧਾਨ ਸਭਾ ਵੱਲੋਂ ਧੋਖਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦਸੰਬਰ 2016 ਵਿੱਚ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਬਾਦਲ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਕਟ ਪਾਸ ਕੀਤਾ ਸੀ, ਜੋ ਹੁਣ ਤੱਕ ਲਾਗੂ ਨਹੀਂ ਕੀਤਾ ਗਿਆ। ਹੁਣ ਕਾਂਗਰਸ ਸਰਕਾਰ ਨੇ ਵੀ ਨਵਾਂ ਐਕਟ ਪਾਸ ਕਰਕੇ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਹੈ, ਪਰ ਦੋ ਹਫ਼ਤੇ ਬੀਤਣ ’ਤੇ ਇਸ ਸਬੰਧੀ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ।