ਗੁਰਦੀਪ ਸਿੰਘ ਲਾਲੀ
ਸੰਗਰੂਰ, 28 ਜੂਨ
ਸਿੱਖ ਕੌਮ ਦੇ ਮਹਾਨ ਜਰਨੈਲ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਨਾਨਕੇ ਪਿੰਡ ਬਡਰੁੱਖਾਂ ਦੇ ਵਸਨੀਕਾਂ ਲਈ ਉਹ ਘੜੀ ਆ ਗਈ ਹੈ, ਜਿਸ ਦੀ ਉਹ ਪਿਛਲੇ ਕਰੀਬ ਢਾਈ ਦਹਾਕਿਆਂ ਤੋਂ ਉਡੀਕ ਰਹੇ ਸਨ। ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨੂੰ ਸਮਰਪਿਤ ਭਲਕੇ 29 ਜੂਨ ਨੂੰ ਪਿੰਡ ਬਡਰੁੱਖਾਂ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮ ਦੌਰਾਨ ਜ਼ੀਰਕਪੁਰ-ਬਠਿੰਡਾ ਕੌਮੀ ਮਾਰਗ ਸਥਿਤ ਮਹਾਰਾਜਾ ਰਣਜੀਤ ਸਿੰਘ ਯਾਦਗਾਰੀ ਪਾਰਕ ਵਿੱਚ ਲਗਾਏ ਗਏ ਸ਼ੇਰ-ਏ-ਪੰਜਾਬ ਦੇ ਘੋੜੇ ‘ਤੇ ਸਵਾਰ ਬੁੱਤ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਚਰਚਾ ਹੈ ਕਿ ਬੁੱਤ ਦੇ ਉਦਘਾਟਨ ਲਈ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਰਹੇ ਹਨ। ਇਸ ਸਬੰਧੀ ਪਿੰਡ ਦੀ ਅਨਾਜ ਮੰਡੀ ਵਿੱਚ ਇੱਕ ਸਮਾਗਮ ਕਰਵਾਇਆ ਜਾਵੇਗਾ, ਜਿਥੇ ਵੱਡੀ ਸਟੇਜ ਅਤੇ ਪੰਡਾਲ ਸਜਾਇਆ ਗਿਆ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਹੈ। ਹਾਲਾਂਕਿ ਪਿਛਲੇ ਵਰ੍ਹੇ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਮੌਕੇ ਪਿੰਡ ਵਾਸੀਆਂ ਨੂੰ ਆਸ ਸੀ ਕਿ ਬੁੱਤ ਦਾ ਉਦਘਾਟਨ ਕੀਤਾ ਜਾਵੇਗਾ, ਜੋ ਇਸ ਵਾਰ ਪੂਰੀ ਹੋ ਰਹੀ ਹੈ। ਪਿੰਡ ਬਡਰੁੱਂਖਾਂ ਵਿਧਾਨ ਸਭਾ ਹਲਕਾ ਸੁਨਾਮ ਅਧੀਨ ਪੈਂਦਾ ਹੈ, ਜਿਥੋਂ ਦੇ ਵਿਧਾਇਕ ਇਸੇ ਪਿੰਡ ਦੇ ਵਸਨੀਕ ਅਮਨ ਅਰੋੜਾ ਹਨ, ਜੋ ਪੰਜਾਬ ਕੈਬਨਿਟ ਵਿੱਚ ਵੀ ਸ਼ਾਮਲ ਹਨ। ਸੰਨ 1997 ‘ਚ ਪੰਜਾਬ ਸਰਕਾਰ ਵੱਲੋਂ ਪਿੰਡ ਬਡਰੁੱਖਾਂ ਵਿੱਚ ਪਹਿਲੀ ਵਾਰ ਸ਼ੇਰ-ਏ-ਪੰਜਾਬ ਦੇ ਜਨਮ ਦਿਹਾੜੇ ਮੌਕੇ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ ਸੀ, ਜਿਸ ਦੌਰਾਨ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਐਲਾਨ ਕੀਤਾ ਸੀ ਕਿ ਇਥੇ ਸ਼ੇਰ-ਏ-ਪੰਜਾਬ ਦਾ ਘੋੜੇ ‘ਤੇ ਸਵਾਰ ਬੁੱਤ ਲਗਾਇਆ ਜਾਵੇਗਾ।