ਪਟਿਆਲਾ: ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਵਿੱਢੇ ਸੰਘਰਸ਼ ਦੀ ਕੜੀ ਵਜੋਂ ਪੀਆਰਟੀਸੀ ਅਤੇ ਪਨਬਸ ਦੇ ਹਜ਼ਾਰਾਂ ਕੱਚੇ ਮੁਲਾਜ਼ਮਾਂ ਨੇ 7 ਦਸੰਬਰ ਤੋਂ ਮੁੜ ਅਣਮਿਥੇ ਸਮੇਂ ਦੀ ਸੂਬਾਈ ਹੜਤਾਲ਼ ਦਾ ਪ੍ਰੋਗਰਾਮ ਉਲੀਕਿਆ ਹੈ। ਉਹ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਖਫ਼ਾ ਹਨ। ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾਈ ਬੁਲਾਰੇ ਹਰਕੇਸ਼ ਵਿੱਕੀ ਨੇ ਦੱਸਿਆ ਕਿ ਹੜਤਾਲ਼ ਦਾ ਇਹ ਫੈਸਲਾ ਯੂਨੀਅਨ ਦੇ ਸੂਬਾਈ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਅਗਵਾਈ ਹੇਠਲੀ ਮੀਟਿੰਗ ’ਚ ਲਿਆ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਨਵਾਂ ਐਕਟ ਆਉਣ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਕਿ ਟਰਾਂਸਪੋਰਟ ਵਿਭਾਗ ਦਾ ਇੱਕ ਵੀ ਮੁਲਾਜ਼ਮ ਪੱਕਾ ਨਹੀਂ ਹੁੰਦਾ, ਜਿਸ ਕਰਕੇ ਹੀ ਉਹ 7 ਦਸੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਕੇ 8 ਦਸੰਬਰ ਨੂੰ ਮੁਖ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸਨ ਕਰਨਗੇ। -ਖੇਤਰੀ ਪ੍ਰਤੀਨਿਧ