ਦਵਿੰਦਰ ਪਾਲ
ਚੰਡੀਗੜ੍ਹ, 14 ਜੁਲਾਈ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਲਾਈਆਂ ਪਾਬੰਦੀਆਂ ’ਤੇ ਸੂਬੇ ਦੀਆਂ ਮਜ਼ਦੂਰ, ਕਿਸਾਨ ਤੇ ਹੋਰਨਾਂ ਜਨਤਕ ਜਥੇਬੰਦੀਆਂ ਨੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਸਰਕਾਰ ਦੇ ਇਸ ਫ਼ੈਸਲੇ ਨੂੰ ਲੋਕ ਵਿਰੋਧੀ ਕਰਾਰ ਦਿੱਤਾ ਹੈ। ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਮਹਾਮਾਰੀ ਤੋਂ ਬਚਾਅ ਲਈ ਸਰਕਾਰ ਲੋਕਾਂ ਨੂੰ ਸਾਵਧਾਨ ਰਹਿਣ ਦੇ ਦਿਸ਼ਾ-ਨਿਰਦੇਸ਼ ਤਾਂ ਦੇ ਸਕਦੀ ਹੈ ਪਰ ਗੈਰ-ਜਮਹੂਰੀ ਤਰੀਕੇ ਨਾਲ ਇਕੱਠ ’ਤੇ ਪਾਬੰਦੀਆਂ ਲਾ ਕੇ ਨਾਦਰਸ਼ਾਹੀ ਫੁਰਮਾਨ ਲਾਗੂ ਨਹੀਂ ਕਰ ਸਕਦੀ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਯੂਨੀਅਨ ਵੱਲੋਂ ਕੇਂਦਰੀ ਸਕਰਾਰ ਦੇ ਤਿੰਨ ਖੇਤੀ ਆਰਡੀਨੈਂਸਾਂ ਵਿਰੁੱਧ 20 ਜੁਲਾਈ ਨੂੰ ਸੜਕਾਂ ’ਤੇ ਟਰੈਕਟਰ ਖੜ੍ਹੇ ਕਰਕੇ ਰੋਸ ਪ੍ਰਗਟਾਉਣ ਦਾ ਪ੍ਰੋਗਰਾਮ ਹਰ ਹਾਲ ਹੋਵੇਗਾ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਲਛਮਣ ਸਿੰਘ ਸੇਵੇਵਾਲਾ ਅਤੇ ਜ਼ੋਰਾ ਸਿੰਘ ਨਸਰਾਲੀ ਨੇ ਕਿਹਾ ਕਿ ਯੂਨੀਅਨ ਵੱਲੋਂ 20 ਅਤੇ 21 ਜੁਲਾਈ ਨੂੰ ਸੰਘਰਸ਼ ਦਾ ਉਲੀਕਿਆ ਪ੍ਰੋਗਰਾਮ ਹਰ ਹਾਲ ਨੇਪਰੇ ਚਾੜ੍ਹਿਆ ਜਾਵੇਗਾ।
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਜਨਤਕ ਇਕੱਠਾਂ ’ਤੇ ਪਾਬੰਦੀ ਕਿਸੇ ਵੀ ਹਾਲਤ ’ਚ ਸਹਿਣ ਨਹੀਂ ਕੀਤੀ ਜਾਵੇਗੀ। ਪੁਲੀਸ ਕੇਸਾਂ ਸਮੇਤ ਹਰ ਕਿਸਮ ਦਾ ਹਕੂਮਤੀ ਜਬਰ ਸ਼ਾਂਤਮਈ ਜਨਤਕ ਸੰਘਰਸ਼ਾਂ ਰਾਹੀਂ ਠੱਲ੍ਹਿਆ ਜਾਵੇਗਾ।
ਪਿੰਡ ਬਚਾਓ, ਪੰਜਾਬ ਬਚਾਓ ਦੇ ਆਗੂ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਪ੍ਰੋ. ਜਗਮੋਹਨ ਸਿੰਘ, ਡਾ. ਪਿਆਰਾ ਲਾਲ ਗਰਗ, ਜਸਪਾਲ ਸਿੰਘ ਸਿੱਧੂ, ਹਰਿੰਦਰ ਸਿੰਘ ਮਾਨਸ਼ਾਹੀਆ ਅਤੇ ਕਰਨੈਲ ਸਿੰਘ ਜਖੇਪਲ ਨੇ ਪੰਜਾਬ ਸਰਕਾਰ ਵੱਲੋਂ ਕਰੋਨਾਵਾਇਰਸ ਨੂੰ ਲੈ ਕੇ ਜਾਰੀ ਕੀਤੀਆਂ ਨਵੀਆਂ ਹਦਾਇਤਾਂ ਦੀ ਸਖ਼ਤ ਸ਼ਬਦ ਵਿੱਚ ਨਿਖੇਧੀ ਕੀਤੀ ਹੈ।
ਪਾਬੰਦੀਆਂ ਦੇ ਬਾਵਜੂਦ ਕਾਂਗਰਸੀ ਕਰ ਰਹੇ ਨੇ ਵੱਡੇ ਇਕੱਠ: ਰੋਮਾਣਾ
ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਨੇ ਪਾਬੰਦੀਆਂ ਲਾਈਆਂ ਹਨ ਪਰ ਦੂਜੇ ਪਾਸੇ ਕਾਂਗਰਸੀ ਆਗੂਆਂ ਵੱਲੋਂ ਇਕੱਠ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਚੰਡੀਗੜ੍ਹ ’ਚ ਸਥਿਤ ਕਾਂਗਰਸ ਦੇ ਦਫ਼ਤਰ ਵਿੱਚ ਯੂਟੀ ਪ੍ਰਸ਼ਾਸਨ ਵੱਲੋਂ ਲਾਈਆਂ ਪਾਬੰਦੀਆਂ ਨੂੰ ਨਜ਼ਰਅੰਦਾਜ਼ ਕੀਤਾ ਤੇ ਇਸੇ ਤਰ੍ਹਾਂ ਸਰਕਾਰੀ ਹੁਕਮਾਂ ਤੋਂ ਬਾਅਦ ਪੰਜਾਬ ਵਿੱਚ ਵੀ ਅੱਜ ਫਰੀਦਕੋਟ ਤੇ ਹੋਰ ਕਈ ਥਾਵਾਂ ’ਤੇ ਹਾਕਮ ਪਾਰਟੀ ਦੇ ਆਗੂਆਂ ਨੇ ਵੱਡੇ ਇਕੱਠ ਕੀਤੇ।