ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 27 ਦਸੰਬਰ
ਸਾਬਕਾ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ। ਉਨ੍ਹਾਂ ਵਲੋਂ ਸਿਆਸੀ ਰੁਝੇਵਿਆਂ ਦੌਰਾਨ ਲੋਈ ਦੀ ਬੁੱਕਲ ਮਾਰਨ (ਸ਼ਾਲ) ਦੀ ਸੋਸ਼ਲ ਮੀਡੀਆ ’ਤੇ ਚਰਚਾ ਭਖੀ ਹੋਈ ਹੈ। ਇਸ ਲੋਈ ’ਤੇ ੴ ਅਤੇ ਖੰਡਾ ਸਾਹਿਬ ਦਾ ਨਿਸ਼ਾਨ ਦਿਖਾਈ ਦੇ ਰਿਹਾ ਹੈ। ਇਸ ਖ਼ਿਲਾਫ਼ ਸਿੱਖ ਸੰਗਤਾਂ ਨੇ ਸੋਸ਼ਲ ਮੀਡੀਆ ’ਤੇ ਆਪਣਾ ਗੁੱਸਾ ਜ਼ਾਹਰ ਕੀਤਾ ਹੈ।
ਬਿਕਰਮ ਸਿੰਘ, ਹਰਪ੍ਰੀਤ ਸਿੰਘ, ਹਰਦਿਆਲ ਸਿੰਘ ਤੇ ਹੋਰਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਕੀਤੀ ਗਈ ਹਰਕਤ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ ਜਿਸ ਸਬੰਧੀ ਉਹ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਅਤੇ ਪੁਲੀਸ ਪ੍ਰਸ਼ਾਸਨ ਨੂੰ ਸ਼ਿਕਾਇਤ ਕਰਨਗੇ। ਉਨ੍ਹਾਂ ਕਿਹਾ ਕਿ ਸਿੱਧੂ ਜ਼ਿੰਮੇਵਾਰ ਸਿਆਸਤਦਾਨ ਹਨ ਜਿਨ੍ਹਾਂ ਵੱਲੋਂ ਕੀਤੀ ਗਈ ਹਰਕਤ ਠੀਕ ਨਹੀਂ ਹੈ। ਸਿੱਧੂ ਵੱਲੋਂ ਜਨ ਸਭਾ ਵਿੱਚ ਇਕ ਉਂਕਾਰ ਅਤੇ ਖੰਡਾ ਸਾਹਿਬ ਦੇ ਚਿੰਨ੍ਹ ਵਾਲੀ ਚਾਦਰ ਆਪਣੇ ਉਪਰ ਲੈ ਕੇ ਜਾਣਾ ਅਤਿ ਨਿੰਦਣਯੋਗ ਹੈ ਜਿਸ ਨਾਲ ਬੇਅਦਬੀ ਹੋਈ ਹੈ। ਉਨ੍ਹਾਂ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।