ਪੰਪ ਅਪਰੇਟਰਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਨੇੜੇ ਧਰਨਾ
ਗੁਰਦੀਪ ਸਿੰਘ ਲਾਲੀ
ਸੰਗਰੂਰ, 7 ਜੁਲਾਈ
ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਅਪਰੇਟਰਜ਼ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਰਾਜ ਭਰ ਤੋਂ ਪੁੱਜੇ ਪੰਪ ਅਪਰੇਟਰਾਂ ਵੱਲੋਂ ਇਥੇ ਮੁੱਖ ਮੰਤਰੀ ਦੀ ਕੋਠੀ ਤੋਂ ਥੋੜ੍ਹੀ ਦੂਰ ਜ਼ੀਰਕਪੁਰ-ਬਠਿੰਡਾ ਕੌਮੀ ਹਾਈਵੇਅ ਦੇ ਬਾਈਪਾਸ ਦੇ ਓਵਰਬ੍ਰਿਜ ਹੇਠਾਂ ਸੂਬਾ ਪੱਧਰੀ ਧਰਨਾ ਦਿੱਤਾ ਗਿਆ। ਭਾਵੇਂ ਪੰਪ ਅਪਰੇਟਰਾਂ ਨੇ ਮੁੱਖ ਮੰਤਰੀ ਦੀ ਕੋਠੀ ਤੱਕ ਰੋਸ ਮਾਰਚ ਕਰਕੇ ਧਰਨਾ ਦੇਣ ਦਾ ਪ੍ਰੋਗਰਾਮ ਉਲੀਕਿਆ ਸੀ ਪਰ ਪ੍ਰਸ਼ਾਸਨ ਵੱਲੋਂ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਤੈਅ ਕਰਾਉਣ ’ਤੇ ਉਨ੍ਹਾਂ ਅੱਗੇ ਜਾਣ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਅਤੇ ਉਥੇ ਹੀ ਧਰਨਾ ਦਿੱਤਾ। ਇਸ ਮੌਕੇ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬੇਅੰਤ ਸਿੰਘ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਗ੍ਰਾਮ ਪੰਚਾਇਤਾਂ ਤਹਿਤ ਜਲ ਸਪਲਾਈ ਸਕੀਮਾਂ ’ਤੇ ਬਤੌਰ ਪੰਪ ਅਪਰੇਟਰ ਕੰਮ ਕਰ ਰਹੇ ਹਨ ਅਤੇ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਦੇ ਰਾਹ ’ਤੇ ਹਨ ਪਰ ਪੰਜਾਬ ਸਰਕਾਰ ਵੱਲੋਂ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਅਨੇਕਾਂ ਵਾਰ ਕੈਬਨਿਟ ਸਬ ਕਮੇਟੀ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਹਾਲੇ ਤੱਕ ਇੱਕ ਵੀ ਮੰਗ ਪੂਰੀ ਨਹੀਂ ਕੀਤੀ ਗਈ। ਉਨ੍ਹਾਂ ਮੰਗਾਂ ਤੁਰੰਤ ਮੰਗਣ ਦੀ ਅਪੀਲ ਕੀਤੀ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਪਰੇਟਰ ਐਸੋਸੀਏਸ਼ਨ ਦੀ ਕੈਬਨਿਟ ਸਬ ਕਮੇਟੀ ਨਾਲ 9 ਜੁਲਾਈ ਦੀ ਮੀਟਿੰਗ ਤੈਅ ਕਰਵਾਈ ਗਈ ਜਿਸ ਤੋਂ ਬਾਅਦ ਪੰਪ ਅਪਰੇਟਰਾਂ ਵੱਲੋਂ ਰੋਸ ਧਰਨਾ ਸਮਾਪਤ ਕਰ ਦਿੱਤਾ। ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜੇ ਮੀਟਿੰਗ ’ਚ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੂਬਾ ਪੱਧਰੀ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ। ਵਫ਼ਦ ਵੱਲੋਂ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਵੀ ਭੇਜਿਆ ਗਿਆ। ਧਰਨੇ ਦੌਰਾਨ ਐਸੋਸੀਏਸ਼ਨ ਦੇ ਸੂਬਾ ਆਗੂ ਅਵਤਾਰ ਸਿੰਘ ਸੰਗਰੂਰ, ਬੋਹੜ ਸਿੰਘ ਮੋਗਾ, ਹਰਪ੍ਰੀਤ ਸਿੰਘ, ਸਾਹਿਬ ਸਿੰਘ, ਮਨਜੀਤ ਸਿੰਘ, ਸੁਰਜੀਤ ਸਿੰਘ, ਨਿਰਮਲ ਸਿੰਘ ਸ਼ਾਮਲ ਸਨ।