ਕੁਲਦੀਪ ਸਿੰਘ
ਚੰਡੀਗੜ੍ਹ, 7 ਸਤੰਬਰ
ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਸ਼ੁਰੂ ਹੋਈ ਹੜਤਾਲ ਅੱਜ ਦੂਸਰੇ ਦਿਨ ਵੀ ਜਾਰੀ ਰਹੀ। ਇਸ ਦੌਰਾਨ ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਚੰਡੀਗੜ੍ਹ ਡਿੱਪੂ ਵਿੱਚ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਬੱਸਾਂ ਨਾ ਚੱਲਣ ਕਾਰਨ ਸਰਕਾਰੀ ਅਤੇ ਨਿੱਜੀ ਦਫ਼ਤਰਾਂ ਸਮੇਤ ਹੋਰ ਕੰਮਾਂ ’ਤੇ ਜਾਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਜਥੇਬੰਦੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ’ਚੋਂ ਟਰਾਂਸਪੋਰਟ ਮਾਫ਼ੀਆ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਹੋਇਆ ਇਸ ਤੋਂ ਉਲਟ। ਸਰਕਾਰ ਬਣਦਿਆਂ ਹੀ ਕੈਪਟਨ ਸਰਕਾਰ ਨੇ ਸਰਕਾਰੀ ਬੱਸਾਂ ਖ਼ਤਮ ਕਰਨੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਕਤ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਪੱਕੇ ਵੀ ਨਹੀਂ ਕੀਤਾ। ਸੀਟੀਯੂ ਵਰਕਰਜ਼ ਯੂਨੀਅਨ ਦੇ ਪ੍ਰਧਾਨ ਧਰਮਿੰਦਰ ਸਿੰਘ ਰਾਹੀ, ਜਨਰਲ ਸਕੱਤਰ ਸਤਿੰਦਰ ਸਿੰਘ, ਜੋਗਿੰਦਰ ਸਿੰਘ, ਤੇਜਬੀਰ ਸਿੰਘ, ਭੁਪਿੰਦਰ ਸਿੰਘ ਤੇ ਬਲਦੇਵ ਸਿੰਘ ਨੇ ਹੜਤਾਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਗੁਰਪ੍ਰੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਅੱਠ ਸਤੰਬਰ ਨੂੰ ਵੀ ਪੰਜਾਬ ’ਚ ਬੱਸਾਂ ਨਹੀਂ ਚੱਲਣਗੀਆਂ।
ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਦਾ ਪ੍ਰੋਗਰਾਮ ਮੁਲਤਵੀ
ਜਥੇਬੰਦੀ ਦੇ ਆਗੂ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਅੱਜ ਜਥੇਬੰਦੀ ਦਾ ਮੁੱਖ ਮੰਤਰੀ ਦੀ ਰਿਹਾਇਸ਼ ਸੀਸਵਾਂ ਫਾਰਮ ਹਾਊਸ ਘੇਰਨ ਦਾ ਪ੍ਰੋਗਰਾਮ ਸੀ ਪਰ ਮੁਹਾਲੀ ਪ੍ਰਸ਼ਾਸਨ ਵੱਲੋਂ ਅੱਠ ਸਤੰਬਰ ਨੂੰ ਪ੍ਰਮੁੱਖ ਸਕੱਤਰ ਨਾਲ ਮੀਟਿੰਗ ਤੈਅ ਕਰਵਾਉਣ ਤੋਂ ਬਾਅਦ ਜਥੇਬੰਦੀ ਨੇ ਫਿਲਹਾਲ ਰਿਹਾਇਸ਼ ਘੇਰਨ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ। ਪ੍ਰਮੱਖ ਸਕੱਤਰ ਨਾਲ ਮੀਟਿੰਗ ਮਗਰੋਂ ਅਗਲੀ ਰਣਨੀਤੀ ਉਲੀਕੀ ਜਾਵੇਗੀ।