ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 22 ਅਪਰੈਲ
ਜ਼ਿਲ੍ਹੇ ਦੇ ਸਰਕਾਰੀ ਖਰੀਦ ਕੇਦਰਾਂ ਵਿੱਚ ਵੱਖ ਵੱਖ ਏਜੰਸੀਆਂ ਵੱਲੋ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ। ਜ਼ਿਲ੍ਹੇ ਵਿੱਚ ਪਨਗਰੇਨ ਏਜੰਸੀ ਨੇ ਬਾਕੀ ਖਰੀਦ ਏਜੰਸੀਆਂ ਨੂੰ ਪਛਾੜ ਕੇ ਸਭ ਤੋ ਵੱਧ 30,390 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਬੀਤੇ ਦਿਨ ਤੱਕ 1,01,684 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ। ਇਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋ 8,58,65 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਖਰੀਦ ਕੀਤੀ ਗਈ ਕਣਕ ਦੀ ਕਿਸਾਨਾਂ ਨੂੰ 13 ਕਰੋੜ 80 ਲੱਖ ਰੁਪਏ ਦੀ ਅਦਾਇਗੀ ਵੀ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਏਜੰਸੀ ਵੱਲੋਂ 30390 ਮੀਟ੍ਰਿਕ ਟਨ, ਐੱਫ਼.ਸੀ.ਆਈ ਵੱਲੋਂ 5338 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 28,320 ਮੀਟ੍ਰਿਕ ਟਨ, ਪਨਸਪ ਵੱਲੋਂ 15,899 ਮੀਟ੍ਰਿਕ ਟਨ ਅਤੇ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 5918 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਉਨ੍ਹਾਂ ਕਿਹਾ ਕਿ ਮੰਡੀਆਂ ਵਿਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਅਤੇ ਸਾਰੀਆਂ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਮੰਡੀਆਂ ਵਿਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ 48 ਘੰਟਿਆਂ ਵਿੱਚ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
ਹੁਸ਼ਿਆਰਪੁਰ ਜ਼ਿਲ੍ਹਾ: ਕਿਸਾਨਾਂ ਨੂੰ 121.37 ਕਰੋੜ ਦੀ ਅਦਾਇਗੀ
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 1,18,725 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਤੇ ਹੁਣ ਤੱਕ 121.37 ਕਰੋੜ ਰੁਪਏ ਦੀ ਕਿਸਾਨਾਂ ਦੇ ਖਾਤਿਆਂ ਵਿਚ ਸਿੱਧੀ ਅਦਾਇਗੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ ਅਤੇ ਕਣਕ ਦੀ ਖਰੀਦ ਲਗਾਤਾਰ ਜਾਰੀ ਹੈ। ਖਰਾਬ ਮੌਸਮ ਦੇ ਬਾਵਜੂਦ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਨੂੰ ਸਹੀ ਢੰਗ ਨਾਲ ਸੰਭਾਲਿਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਖਰਾਬ ਮੌਸਮ ਦੇ ਕਾਰਨ ਮੰਡੀਆਂ ਵਿੱਚ ਆਈ ਕਣਕ ਨੂੰ ਬਚਾਉਣ ਦੇ ਲਈ ਪ੍ਰਸ਼ਾਸਨ ਵੱਲੋਂ ਪ੍ਰਬੰਧ ਪਹਿਲਾਂ ਤੋਂ ਹੀ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਿਹਤ ਪ੍ਰੋਟੋਕੋਲ ਦੀ ਪੂਰੀ ਪਾਲਣਾ ਕਰਵਾਈ ਜਾ ਰਹੀ ਹੈ। ਜ਼ਿਲ੍ਹਾ ਮੰਡੀ ਅਫ਼ਸਰ ਰਜਿੰਦਰ ਕੁਮਾਰ ਨੇ ਦੱਸਿਆ ਕਿ ਮੰਡੀਆਂ ਵਿਚ ਕਣਕ ਨੂੰ ਬਾਰਸ਼ ਤੋਂ ਬਚਾਉਣ ਲਈ ਉਚਿਤ ਪ੍ਰਬੰਧ ਹਨ।