ਟ੍ਰਿਬਿਊਨ ਨਿਊਜ਼ ਸਰਵਿਸ
ਜਲੰਧਰ, 2 ਜੁਲਾਈ
ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ (ਪੀਸੀਜੇਯੂ) ਨੇ ਆਲਟ ਨਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਦੀ ਗ੍ਰਿਫ਼ਤਾਰੀ ਦੀ ਨਿੰਦਾ ਕੀਤੀ ਹੈ ਅਤੇ ਉਨ੍ਹਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ। ਇੱਥੇ ਜਾਰੀ ਬਿਆਨ ਵਿੱਚ ਜਥੇਬੰਦੀ ਨੇ ਕਿਹਾ ਕਿ ਇਹ ਦੇਸ਼ ਦੀ ਲੋਕਤੰਤਰ ਪ੍ਰਣਾਲੀ ਨਾਲ ਕੋਝਾ ਮਜ਼ਾਕ ਹੈ ਕਿ ਜ਼ੁਬੈਰ ਨੂੰ ਉਸ ਦਿਨ ਗ੍ਰਿਫ਼ਤਾਰ ਕੀਤਾ ਗਿਆ, ਜਿਸ ਦਿਨ ਦੇਸ਼ ਦੇ ਪ੍ਰਧਾਨ ਮੰਤਰੀ ਨੇ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ ਦੀ ਸੁਰੱਖਿਆ ਲਈ ਵਚਨਬੱਧਤਾ ਬਾਰੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਦੇ ਇੱਕ ਬੁਲਾਰੇ ਨੇ ਭਾਰਤ ਵਿੱਚ ਆਲਟ ਨਿਊਜ਼ ਦੇ ਸਹਿ ਸੰਸਥਾਪਕ ਮੁਹੰਮਦ ਜ਼ੁਬੈਰ ਦੀ ਗ੍ਰਿਫ਼ਤਾਰੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੱਤਰਕਾਰ ਜੋ ਲਿਖਦੇ ਹਨ, ਟਵੀਟ ਕਰਦੇ ਹਨ ਜਾਂ ਕਹਿੰਦੇ ਹਨ, ਉਸ ਲਈ ਉਨ੍ਹਾਂ (ਪੱਤਰਕਾਰਾਂ) ਨੂੰ ਜੇਲ੍ਹ ਨਹੀਂ ਭੇਜਿਆ ਜਾਣਾ ਚਾਹੀਦਾ। ਜਥੇਬੰਦੀਆਂ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਦੀਆਂ ਵੀ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਅਤੇ ਜ਼ੁਬੈਰ ਦੀ ਗ੍ਰਿਫ਼ਤਾਰੀ ਸੱਤਾਧਾਰੀ ਧਿਰ ਦੀ ਸ਼ਹਿ ’ਤੇ ਹੋਈ ਹੈ। ਉਨ੍ਹਾਂ ਪੰਜਾਬ ਸਮੇਤ ਸੁਮੱਚੇ ਪੱਤਰਕਾਰ ਭਾਈਚਾਰੇ ਨੂੰ ਸੱਦਾ ਦਿੱਤਾ ਹੈ ਕਿ ਉਹ ਇੱਕਜੁਟ ਹੋ ਕੇ ਪ੍ਰੈੱਸ ਦੀ ਆਜ਼ਾਦੀ ਦੀ ਲੜਾਈ ਲੜਨ। ਉਨ੍ਹਾਂ ਕਿਹਾ ਕਿ ਸਾਲ 2014 ਤੋਂ ਬਾਅਦ ਫੀਲਡ ਵਿੱਚ ਕੰਮ ਕਰਦੇ ਪੱਤਰਕਾਰਾਂ ’ਤੇ ਹਮਲੇ ਵਧੇ ਹਨ ਅਤੇ ਉਨ੍ਹਾਂ ਦੀਆਂ ਜਾਨਾਂ ਵੀ ਗਈਆਂ ਹਨ। ਜਥੇਬੰਦੀਆਂ ਅਨੁਸਾਰ ਜ਼ੁਬੈਰ ਇੱਕ ਵਚਨਬੱਧ ਪੱਤਰਕਾਰ ਹੈ। ਉਸ ਨੇ ਦੇਸ਼ ਵਿੱਚ ਜਾਅਲੀ ਖ਼ਬਰਾਂ ਦਾ ਪਰਦਾਫ਼ਾਸ਼ ਕਰਨ ਵਿੱਚ ਵੱਡੀ ਭੂਮਿਕਾ ਨਿਭਾਈ ਹੈ।