ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 9 ਜੂਨ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਐਂਡ ਸਿੰਧ ਬੈਂਕ ਦੇ ਐੱਮਡੀ ਅਤੇ ਸੀਈਓ ਦੇ ਅਹੁਦੇ ’ਤੇ ਇਕ ਗੈਰ-ਸਿੱਖ ਨੂੰ ਨਿਯੁਕਤ ਕਰਨ ’ਤੇ ਇਤਰਾਜ਼ ਪ੍ਰਗਟ ਕੀਤਾ ਹੈ। ਹਾਲ ਹੀ ਵਿਚ ਭਾਰਤ ਸਰਕਾਰ ਵੱਲੋਂ ਸਵਰੂਪ ਕੁਮਾਰ ਸਾਹਾ ਨੂੰ ਇਸ ਅਹੁਦੇ ’ਤੇ ਤਾਇਨਾਤ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਇਤਰਾਜ਼ ਕਰਦਿਆਂ ਕਿਹਾ ਕਿ 1908 ਵਿਚ ਪੰਜਾਬ ਐਂਡ ਸਿੰਧ ਬੈਂਕ ਦੀ ਸਥਾਪਨਾ ਸਿੱਖਾਂ ਦੇ ਇਕ ਸੁਤੰਤਰ ਬੈਂਕ ਵਜੋਂ ਹੋਈ ਸੀ। ਇਸ ਬੈਂਕ ਨੂੰ ਸਿੱਖ ਬੈਂਕ ਵਜੋਂ ਜਾਣਿਆ ਜਾਂਦਾ ਹੈ ਅਤੇ ਇਸ ਦੇ ਸਿਖਰਲੇ ਅਹੁਦੇ ’ਤੇ ਸਿੱਖ ਨੂੰ ਹੀ ਤਾਇਨਾਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਇਸ ਨਿਯੁਕਤੀ ਦੀ ਨਜ਼ਰਸਾਨੀ ਕੀਤੀ ਜਾਵੇ। ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਨੇ ਵੀ ਇਸ ਨਿਯੁਕਤੀ ਦੀ ਨਿਖੇਧੀ ਕੀਤੀ ਹੈ।